CM ਮਾਨ ਦੇ ਬਿਆਨ ’ਤੇ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਤੀਕਿਰਿਆ, ਕਿਹਾ- ਸ੍ਰੀ ਅਕਾਲ ਤਖਤ ਸਾਹਿਬ ਵੇਖਣਗੇ ਅੱਗੇ ਕੀ ਕਰਨਾ ਹੈ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸਮਾਗਮਾਂ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਨੂੰ ਪ੍ਰਮੁੱਖ ਤੌਰ ‘ਤੇ ਵਿਚਾਰਿਆ ਜਾ ਰਿਹਾ ਹੈ, ਹਾਲਾਂਕਿ ਇਸ ਬਾਰੇ ਅੰਤਿਮ ਫੈਸਲਾ ਹਾਲੇ ਨਹੀਂ ਹੋਇਆ।

By  Aarti May 9th 2026 05:45 PM

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ  ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦਫਤਰ ਵਿਖੇ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਭਗਤ ਰਵਿਦਾਸ ਜੀ ਦੀ 650ਵੀਂ ਸ਼ਤਾਬਦੀ ਨੂੰ ਸਮਰਪਿਤ ਵੱਡੇ ਸਮਾਗਮਾਂ ਦੀ ਰੂਪ-ਰੇਖਾ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧੀ ਬਣਾਈ ਗਈ ਸਬ ਕਮੇਟੀ ਦੀ ਅੱਜ ਅਹਿਮ ਮੀਟਿੰਗ ਹੋਈ, ਜਿਸ ਵਿੱਚ ਫੈਸਲਾ ਕੀਤਾ ਗਿਆ ਕਿ 18, 19 ਅਤੇ 20 ਫਰਵਰੀ 2027 ਨੂੰ ਤਿੰਨ ਦਿਨਾਂ ਵਿਸ਼ਾਲ ਸਮਾਗਮ ਕਰਵਾਏ ਜਾਣਗੇ। 

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸਮਾਗਮਾਂ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਨੂੰ ਪ੍ਰਮੁੱਖ ਤੌਰ ‘ਤੇ ਵਿਚਾਰਿਆ ਜਾ ਰਿਹਾ ਹੈ, ਹਾਲਾਂਕਿ ਇਸ ਬਾਰੇ ਅੰਤਿਮ ਫੈਸਲਾ ਹਾਲੇ ਨਹੀਂ ਹੋਇਆ। ਇਸ ਦੇ ਨਾਲ ਹੀ ਭਗਤ ਰਵਿਦਾਸ ਜੀ ਦੇ ਜਨਮ ਅਸਥਾਨ ਤੋਂ ਇਕ ਵਿਸ਼ਾਲ ਨਗਰ ਕੀਰਤਨ ਵੀ ਸ਼ੁਰੂ ਕੀਤਾ ਜਾਵੇਗਾ, ਜਿਸ ਦੀ ਰੂਪ-ਰੇਖਾ ਤਿਆਰ ਕਰਨ ਲਈ ਐਸਜੀਪੀਸੀ ਦੇ ਅਧਿਕਾਰੀਆਂ ਅਤੇ ਮੈਂਬਰਾਂ ਦੀ ਟੀਮ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ। 

ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਦੀ ਗੁਰਬਾਣੀ ਅਤੇ ਫਲਸਫੇ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪੰਜਾਬ ਦੇ ਵੱਖ-ਵੱਖ ਵਿਦਿਆਕ ਅਦਾਰਿਆਂ ਵਿੱਚ ਘੱਟੋ-ਘੱਟ 6 ਸੈਮੀਨਾਰ ਕਰਵਾਏ ਜਾਣਗੇ। ਇਹ ਸੈਮੀਨਾਰ “ਗੁਰਬਾਣੀ ਫਲਸਫੇ ਤੇ ਜੀਵਨ ਜਾਂਚ” ਵਿਸ਼ੇ ‘ਤੇ ਕੇਂਦਰਿਤ ਹੋਣਗੇ। ਇਸ ਤੋਂ ਇਲਾਵਾ ਵੱਖ-ਵੱਖ ਇਤਿਹਾਸਕ ਗੁਰਦੁਆਰਾ ਸਾਹਿਬਾਨਾਂ ਵਿੱਚ ਕੀਰਤਨ ਦਰਬਾਰ ਵੀ ਕਰਵਾਏ ਜਾਣਗੇ।

ਐਸਜੀਪੀਸੀ ਪ੍ਰਧਾਨ ਧਾਮੀ ਨੇ ਕਿਹਾ ਕਿ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਵਿੱਚ ਭਗਤ ਰਵਿਦਾਸ ਜੀ ਦੇ ਜੀਵਨ ਅਤੇ ਗੁਰਬਾਣੀ ਸਬੰਧੀ ਖੋਜ ਅਧਾਰਤ 202 ਸਫ਼ਿਆਂ ਦੀ ਪੁਸਤਿਕਾ ਵੀ ਪ੍ਰਕਾਸ਼ਿਤ ਕੀਤੀ ਜਾਵੇਗੀ, ਜੋ ਨਗਰ ਕੀਰਤਨਾਂ ਅਤੇ ਸਮਾਗਮਾਂ ਦੌਰਾਨ ਵੰਡੀ ਜਾਵੇਗੀ।

ਇਸ ਮੌਕੇ ਉਨ੍ਹਾਂ ਨੇ ਪ੍ਰੀਖਿਆ ਕੇਂਦਰਾਂ ‘ਚ ਸਿੱਖ ਵਿਦਿਆਰਥੀਆਂ ਤੋਂ ਕੜੇ ਅਤੇ ਸ੍ਰੀ ਸਾਹਿਬ ਉਤਾਰਵਾਉਣ ਦੇ ਮਾਮਲੇ ‘ਤੇ ਵੀ ਚਿੰਤਾ ਜਤਾਈ। ਧਾਮੀ ਨੇ ਕਿਹਾ ਕਿ ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਮੁੜ ਸਰਕਾਰੀ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਜਾਵੇਗੀ ਤਾਂ ਜੋ ਅਜਿਹੀਆਂ ਘਟਨਾਵਾਂ ਹਮੇਸ਼ਾ ਲਈ ਰੋਕੀਆਂ ਜਾ ਸਕਣ। 

ਬੇਅਦਬੀ ਕਾਨੂੰਨ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਧਾਮੀ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਖ਼ਤ ਕਾਨੂੰਨ ਬਣਾਉਣ ‘ਤੇ ਕਿਸੇ ਨੂੰ ਇਤਰਾਜ਼ ਨਹੀਂ, ਪਰ ਧਾਰਮਿਕ ਮਾਮਲਿਆਂ ਨਾਲ ਜੁੜੇ ਹੋਰ ਬਿੰਦੂਆਂ ‘ਤੇ ਪੰਥਕ ਅਤੇ ਵਿਦਵਾਨ ਵਰਗ ਨਾਲ ਵਿਚਾਰ-ਵਟਾਂਦਰਾ ਲਾਜ਼ਮੀ ਹੈ। 

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਨੂੰ ਪਹਿਲਾਂ ਹੀ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਵਿਚਾਰ ਅਧੀਨ ਲਿਆ ਗਿਆ ਹੈ ਅਤੇ ਅਗਲਾ ਫੈਸਲਾ ਉਥੋਂ ਦੀਆਂ ਹਦਾਇਤਾਂ ਅਨੁਸਾਰ ਹੀ ਹੋਵੇਗਾ। ਧਾਮੀ ਨੇ ਇਹ ਵੀ ਕਿਹਾ ਕਿ ਐਸਜੀਪੀਸੀ ਸਿੱਖ ਰਹਿਤ ਮਰਿਆਦਾ ਅਤੇ ਪੰਥਕ ਪਰੰਪਰਾਵਾਂ ਦੀ ਰੱਖਿਆ ਲਈ ਹਮੇਸ਼ਾ ਵਚਨਬੱਧ ਰਹੇਗੀ।

ਇਹ ਵੀ ਪੜ੍ਹੋ  : CM Bhagwant Mann ਵੱਲੋਂ ਸ੍ਰੀ ਅਕਾਲ ਤਖ਼ਤ ਦੀ ਸਰਵਉੱਚਤਾ ਨੂੰ ਖੁੱਲ੍ਹੀ ਚੁਣੌਤੀ ! ਕਿਹਾ- ...ਹੁਣ ਕਾਨੂੰਨ ਰੱਦ ਨਹੀਂ ਹੋਵੇਗਾ

Related Post