SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਕਾਲੀ ਮਾਰਕੀਟ ਵਿਖੇ ਚੱਲ ਰਹੇ ਕਾਰਜਾਂ ਦਾ ਲਿਆ ਜਾਇਜ਼ਾ
Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਸ੍ਰੀ ਦਰਬਾਰ ਸਾਹਿਬ ਨਜ਼ਦੀਕ ਅਕਾਲੀ ਮਾਰਕੀਟ ਵਾਲੀ ਜਗ੍ਹਾ ’ਤੇ ਨਵੀਂ ਉਸਾਰੀ ਜਾ ਰਹੀ ਸਰਾਂ ਅਤੇ ਹੋਰ ਚੱਲ ਰਹੇ ਕਾਰਜਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ
Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਸ੍ਰੀ ਦਰਬਾਰ ਸਾਹਿਬ ਨਜ਼ਦੀਕ ਅਕਾਲੀ ਮਾਰਕੀਟ ਵਾਲੀ ਜਗ੍ਹਾ ’ਤੇ ਨਵੀਂ ਉਸਾਰੀ ਜਾ ਰਹੀ ਸਰਾਂ ਅਤੇ ਹੋਰ ਚੱਲ ਰਹੇ ਕਾਰਜਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਐਡਵੋਕੇਟ ਧਾਮੀ ਨੇ ਸਬੰਧਤ ਅਧਿਕਾਰੀਆਂ ਪਾਸੋਂ ਚੱਲ ਰਹੇ ਕਾਰਜਾਂ ਦੀ ਜਾਣਕਾਰੀ ਲਈ ਅਤੇ ਜ਼ਰੂਰੀ ਦਿਸ਼ਾ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਇਨ੍ਹਾਂ ਕਾਰਜਾਂ ਨੂੰ ਸਮੇਂ ਸਿਰ ਨੇਪੜੇ ਚਾੜ੍ਹਨਾ ਯਕੀਨੀ ਬਣਾਇਆ ਜਾਵੇ।
ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਚੱਲ ਰਹੇ ਕੰਮਾਂ ਨੂੰ ਵੇਖਣ ਪੁੱਜੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਕੁਝ ਸਮਾਂ ਪਹਿਲਾਂ ਇਸ ਸਥਾਨ ’ਤੇ ਸੰਗਤ ਦੇ ਰਹਿਣ ਲਈ ਸਰਾਂ ਅਤੇ ਮਾਰਕੀਟ ਦਾ ਨੀਂਹ ਪੱਥਰ ਰੱਖਿਆ ਸੀ, ਜਿਸ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਦੀ ਸਦੀਵੀ ਯਾਦਗਾਰ ਵਜੋਂ ਇਥੇ ਵੱਡ-ਅਕਾਰੀ ਸਰਾਂ ਸਥਾਪਤ ਕੀਤੀ ਜਾਵੇਗੀ, ਜਿਸ ਵਿਚ ਭਾਈ ਮਤੀਦਾਸ, ਭਾਈ ਸਤੀਦਾਸ ਅਤੇ ਭਾਈ ਦਿਆਲਾ ਜੀ ਨੂੰ ਸਮਰਪਿਤ ਵੱਖ-ਵੱਖ ਬਲਾਕ ਤਿਆਰ ਹੋਣਗੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਾਲ ਓਐਸਡੀ ਸਤਬੀਰ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਐਕਸੀਅਨ ਸੁਖਜਿੰਦਰ ਸਿੰਘ, ਜੇਈ ਸ਼ਮਸ਼ੇਰ ਸਿੰਘ ਸਮੇਤ ਹੋਰ ਅਧਿਕਾਰੀ ਮੌਜੂਦ ਸਨ।