US Deported ਲੋਕਾਂ ਨਾਲ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਗਟਾਈ ਹਮਦਰਦੀ, SGPC ਵੱਲੋਂ ਵੱਡੀ ਪੇਸ਼ਕਸ਼

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਜਿਹੜੇ ਲੋਕ ਵਿਸ਼ੇਸ਼ ਜਹਾਜ਼ਾਂ ਰਾਹੀਂ ਅੰਮ੍ਰਿਤਸਰ ਪੁੱਜ ਰਹੇ ਹਨ ਸ਼੍ਰੋਮਣੀ ਕਮੇਟੀ ਉਨ੍ਹਾਂ ਲਈ ਰਿਹਾਇਸ਼ ਅਤੇ ਲੋੜ ਅਨੁਸਾਰ ਉਨ੍ਹਾਂ ਨੂੰ ਘਰ ਪਹੁੰਚਾਉਣ ਦਾ ਪ੍ਰਬੰਧ ਕਰਨ ਲਈ ਤਿਆਰ ਹੈ।

By  KRISHAN KUMAR SHARMA February 15th 2025 05:46 PM -- Updated: February 15th 2025 06:24 PM

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕਾ ਤੋਂ ਡਿਪੋਰਟ ਕਰਕੇ ਭੇਜੇ ਜਾ ਰਹੇ ਭਾਰਤੀਆਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਜਿਹੜੇ ਲੋਕ ਵਿਸ਼ੇਸ਼ ਜਹਾਜ਼ਾਂ ਰਾਹੀਂ ਅੰਮ੍ਰਿਤਸਰ ਪੁੱਜ ਰਹੇ ਹਨ ਸ਼੍ਰੋਮਣੀ ਕਮੇਟੀ ਉਨ੍ਹਾਂ ਲਈ ਰਿਹਾਇਸ਼ ਅਤੇ ਲੋੜ ਅਨੁਸਾਰ ਉਨ੍ਹਾਂ ਨੂੰ ਘਰ ਪਹੁੰਚਾਉਣ ਦਾ ਪ੍ਰਬੰਧ ਕਰਨ ਲਈ ਤਿਆਰ ਹੈ। ਜਿਹੜੇ ਲੋਕ ਲੋੜ ਮਹਿਸੂਸ ਕਰਨ ਉਹ ਹਵਾਈ ਅੱਡੇ ’ਤੇ ਤਾਇਨਾਤ ਸ਼੍ਰੋਮਣੀ ਕਮੇਟੀ ਦੇ ਸਟਾਫ਼ ਤੱਕ ਪਹੁੰਚ ਕਰ ਸਕਦੇ ਹਨ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਗੱਲ ਉੱਤੇ ਵੀ ਇਤਰਾਜ਼ ਪ੍ਰਗਟ ਕੀਤਾ ਕਿ ਅਮਰੀਕਾ ਤੋਂ ਵਾਪਸ ਭੇਜੇ ਜਾ ਰਹੇ ਵਿਅਕਤੀਆਂ ਨਾਲ ਗੈਰ ਮਨੁੱਖੀ ਵਿਹਾਰ ਕਿਉਂ ਕੀਤਾ ਜਾ ਰਿਹਾ ਹੈ? ਹੱਥਕੜੀਆਂ ਅਤੇ ਬੇੜੀਆਂ ਪਾ ਕੇ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਨਾਲ ਖਿਲਵਾੜ ਕਰਨਾ ਦੁਖਦਾਈ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਦਾ ਦੋਸ਼ ਕੋਈ ਅਜਿਹਾ ਨਹੀਂ ਹੈ ਕਿ ਇਨ੍ਹਾਂ ਨਾਲ ਅਪਰਾਧੀਆਂ ਵਾਂਗ ਸਲੂਕ ਕੀਤਾ ਜਾਵੇ। ਐਡਵੋਕੇਟ ਧਾਮੀ ਨੇ ਸਰਕਾਰਾਂ ਪਾਸੋਂ ਵੀ ਮੰਗ ਕੀਤੀ ਕਿ ਜਿਹੜੇ ਲੋਕ ਗ਼ੈਰ-ਕਾਨੂੰਨੀ ਪ੍ਰਵਾਸ ਲਈ ਲੋਕਾਂ ਪਾਸੋਂ ਲੱਖਾਂ ਰੁਪਏ ਲੈ ਕੇ ਧੋਖਾ ਕਰ ਰਹੇ ਹਨ ਉਨ੍ਹਾ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

Related Post