SGPC ਪ੍ਰਧਾਨ ਨੇ ਕੇਂਦਰ ਸਰਕਾਰ ਵੱਲੋਂ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ਉਤੇ ਪਾਬੰਦੀ ਨੂੰ ਗੈਰ ਵਾਜਬ ਕਰਾਰ ਦਿੱਤਾ

Amritsar News : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਵਿਖੇ ਸਥਿਤ ਇਤਿਹਾਸਕ ਗੁਰਧਾਮਾਂ ਦੀ ਯਾਤਰਾ ਲਈ ਸਿੱਖ ਜਥੇ ਨੂੰ ਭਾਰਤ ਸਰਕਾਰ ਵੱਲੋਂ ਪ੍ਰਵਾਨਗੀ ਨਾ ਦੇਣਾ ਬੇਹੱਦ ਮੰਦਭਾਗਾ ਤੇ ਨਿਰਾਸ਼ਾਜਨਕ ਫੈਸਲਾ ਹੈ। ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਕੌਮ ਲਈ ਪਾਵਨ ਗੁਰਧਾਮਾਂ ਦੀ ਯਾਤਰਾ ਧਾਰਮਿਕ ਭਾਵਨਾ ਨਾਲ ਜੁੜੀ ਹੋਈ ਹੈ

By  Shanker Badra September 15th 2025 08:18 PM

Amritsar News : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਵਿਖੇ ਸਥਿਤ ਇਤਿਹਾਸਕ ਗੁਰਧਾਮਾਂ ਦੀ ਯਾਤਰਾ ਲਈ ਸਿੱਖ ਜਥੇ ਨੂੰ ਭਾਰਤ ਸਰਕਾਰ ਵੱਲੋਂ ਪ੍ਰਵਾਨਗੀ ਨਾ ਦੇਣਾ ਬੇਹੱਦ ਮੰਦਭਾਗਾ ਤੇ ਨਿਰਾਸ਼ਾਜਨਕ ਫੈਸਲਾ ਹੈ। ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਕੌਮ ਲਈ ਪਾਵਨ ਗੁਰਧਾਮਾਂ ਦੀ ਯਾਤਰਾ ਧਾਰਮਿਕ ਭਾਵਨਾ ਨਾਲ ਜੁੜੀ ਹੋਈ ਹੈ। 

ਕੇਂਦਰ ਸਰਕਾਰ ਵੱਲੋਂ ਇਸ ਉਤੇ ਰੁਕਾਵਟ ਨਾਲ ਸਿੱਖ ਸੰਗਤ ਦੇ ਮਨਾਂ ਨੂੰ ਗਹਿਰਾ ਦੁੱਖ ਪਹੁੰਚਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰਾਂ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਸਿੱਖ ਵਿਚਾਰਧਾਰਾ ਮਨੁੱਖਤਾ ਨੂੰ ਜੋੜਦੀ ਹੈ ਅਤੇ ਆਪਸੀ ਸਦਭਾਵਨਾ ਸਿਖਾਉਂਦੀ ਹੈ। ਗੁਰੂ ਨਾਨਕ ਸਾਹਿਬ ਜੀ ਦਾ ਸੰਦੇਸ਼ ਹਰੇਕ ਧਰਮ, ਜਾਤ ਅਤੇ ਸਮਾਜ ਦੇ ਲੋਕਾਂ ਨੂੰ ਇਕਤਾ, ਪ੍ਰੇਮ ਅਤੇ ਨਿਮਰਤਾ ਵੱਲ ਪ੍ਰੇਰਿਤ ਕਰਦਾ ਹੈ। ਇਸੇ ਕਾਰਨ ਗੁਰਧਾਮਾਂ ਦੀ ਯਾਤਰਾ ਸਿਰਫ਼ ਧਾਰਮਿਕ ਹੀ ਨਹੀਂ, ਸਗੋਂ ਮਨੁੱਖੀ ਭਾਵਨਾਵਾਂ ਅਤੇ ਰਿਸ਼ਤਿਆਂ ਨੂੰ ਮਜ਼ਬੂਤ ਕਰਨ ਦਾ ਸਾਧਨ ਵੀ ਹੈ।

ਉਨ੍ਹਾਂ ਨੇ ਅੱਗੇ ਕਿਹਾ ਕਿ ਪਾਕਿਸਤਾਨ ਵਿਚਲੇ ਗੁਰਧਾਮਾਂ ਦੀ ਯਾਤਰਾ ਨਾਲ ਦੋਵਾਂ ਦੇਸ਼ਾਂ ਵਿਚਕਾਰ ਸਾਂਝੇ ਰਿਸ਼ਤੇ ਮਜ਼ਬੂਤ ਹੁੰਦੇ ਹਨ ਅਤੇ ਲੋਕਾਂ ਦੇ ਦਿਲਾਂ ਵਿਚਕਾਰ ਨੇੜਤਾ ਪੈਦਾ ਹੁੰਦੀ ਹੈ। ਇਸ ਲਈ ਸਰਕਾਰ ਵੱਲੋਂ ਇਸ ਯਾਤਰਾ ਨੂੰ ਰੋਕਣਾ ਨਿਰਾਸ਼ਾਜਨਕ ਕਦਮ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਪਸ਼ਟ ਕੀਤਾ ਕਿ ਭਾਰਤ ਸਰਕਾਰ ਨੇ ਸੰਗਤ ਦੀਆਂ ਭਾਵਨਾਵਾਂ ਨੂੰ ਅਣਡਿੱਠ ਕਰਕੇ ਇਹ ਫੈਸਲਾ ਕੀਤਾ ਹੈ, ਜਿਸ ਕਾਰਨ ਸਿੱਖ ਜਗਤ ਅੰਦਰ ਭਾਰੀ ਰੋਸ ਹੈ। ਉਨ੍ਹਾਂ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਦਾ ਆਦਰ ਕਰਦਿਆਂ ਇਸ ਧਾਰਮਿਕ ਯਾਤਰਾ ਲਈ ਤੁਰੰਤ ਪ੍ਰਵਾਨਗੀ ਦਿੱਤੀ ਜਾਵੇ ਤਾਂ ਜੋ ਸੰਗਤ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਉੱਤੇ ਆਪਣੇ ਅਟੱਲ ਵਿਸ਼ਵਾਸ ਨਾਲ ਸੰਬੰਧਿਤ ਗੁਰਧਾਮਾਂ ਦੇ ਦਰਸ਼ਨ ਕਰ ਸਕੇ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਖਾਲਸਾ ਪੰਥ ਨੂੰ ਵੀ ਅਪੀਲ ਕੀਤੀ ਕਿ ਭਾਰਤ ਸਰਕਾਰ ਦੇ ਇਸ ਮੰਦਭਾਗੇ ਫੈਸਲੇ ਦੇ ਵਿਰੁੱਧ ਆਪਣਾ ਸਪਸ਼ਟ ਵਿਰੋਧ ਦਰਜ ਕਰਵਾਇਆ ਜਾਵੇ ਤਾਂ ਜੋ ਆਉਣ ਵਾਲੇ ਸਮੇਂ ਵਿਚ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਨਾ ਹੋਵੇ।ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੇਂਦਰ ਸਰਕਾਰ ਨੂੰ ਇਸ ਸਬੰਧ ਵਿਚ ਇੱਕ ਵਿਸਥਾਰਤ ਪੱਤਰ ਵੀ ਲਿਖਿਆ ਜਾ ਰਿਹਾ ਹੈ।

Related Post