Amritsar News : SGPC ਨੇ ਭਾਈ ਰਣਜੀਤ ਸਿੰਘ ਵੱਲੋਂ ਲਗਾਏ ਦੋਸ਼ਾਂ ਦਾ ਕੀਤਾ ਖੰਡਨ ,ਕਿਹਾ - ਬਕਾਇਦਾ ਇਸ਼ਤਿਹਾਰ ਲਗਾ ਕੇ ਖੁੱਲ੍ਹੀ ਬੋਲੀ ਰਾਹੀਂ ਵੇਚੀ ਜ਼ਮੀਨ

Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਸਾਹਿਬ ਦੀ ਮਾਲਕੀ ਵਾਲੇ ਕੁਝ ਪਲਾਟ ਘੱਟ ਕੀਮਤ ’ਤੇ ਵੇਚਣ ਦੇ ਲਾਏ ਬੇਬੁਨਿਆਦ ਇਲਜ਼ਾਮਾਂ ਦਾ ਖੰਡਨ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਤੇ ਮੀਤ ਸਕੱਤਰ ਗੁਰਨਾਮ ਸਿੰਘ ਨੇ ਭਾਈ ਰਣਜੀਤ ਸਿੰਘ ਵੱਲੋਂ ਲਾਏ ਇਲਜ਼ਾਮਾਂ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਹ ਉਹ ਜਗ੍ਹਾ ਹੈ ਜੋ ਗੁਰਦੁਆਰਾ ਸਾਹਿਬ ਦੀ ਵਰਤੋਂ ਵਿਚ ਨਾ ਆ ਰਹੀ ਹੋਣ ਕਰਕੇ ਅਤੇ ਲੋਕਾਂ ਵੱਲੋਂ ਕਬਜ਼ੇ ਕਰਨ ਦੀਆਂ ਹਰਕਤਾਂ ਕਾਰਨ ਇਸ ਨੂੰ ਜਾਇਦਾਦ ਸਬ-ਕਮੇਟੀ ਦੀਆਂ ਸਿਫ਼ਾਰਸ਼ਾਂ ’ਤੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਵੇਚਣ ਦਾ ਫੈਸਲਾ ਕੀਤਾ ਸੀ

By  Shanker Badra June 18th 2025 03:32 PM

Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਸਾਹਿਬ ਦੀ ਮਾਲਕੀ ਵਾਲੇ ਕੁਝ ਪਲਾਟ ਘੱਟ ਕੀਮਤ ’ਤੇ ਵੇਚਣ ਦੇ ਲਾਏ ਬੇਬੁਨਿਆਦ ਇਲਜ਼ਾਮਾਂ ਦਾ ਖੰਡਨ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਤੇ ਮੀਤ ਸਕੱਤਰ ਗੁਰਨਾਮ ਸਿੰਘ ਨੇ ਭਾਈ ਰਣਜੀਤ ਸਿੰਘ ਵੱਲੋਂ ਲਾਏ ਇਲਜ਼ਾਮਾਂ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਹ ਉਹ ਜਗ੍ਹਾ ਹੈ ਜੋ ਗੁਰਦੁਆਰਾ ਸਾਹਿਬ ਦੀ ਵਰਤੋਂ ਵਿਚ ਨਾ ਆ ਰਹੀ ਹੋਣ ਕਰਕੇ ਅਤੇ ਲੋਕਾਂ ਵੱਲੋਂ ਕਬਜ਼ੇ ਕਰਨ ਦੀਆਂ ਹਰਕਤਾਂ ਕਾਰਨ ਇਸ ਨੂੰ ਜਾਇਦਾਦ ਸਬ-ਕਮੇਟੀ ਦੀਆਂ ਸਿਫ਼ਾਰਸ਼ਾਂ ’ਤੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਵੇਚਣ ਦਾ ਫੈਸਲਾ ਕੀਤਾ ਸੀ। 

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਬਕਾਇਦਾ ਇਸ਼ਤਿਹਾਰ ਲਗਾ ਕੇ ਖੁਲ੍ਹੀ ਬੋਲੀ ਰਾਹੀਂ ਇਹ ਜਗ੍ਹਾ ਵੇਚੀ ਹੈ। ਉਨ੍ਹਾਂ ਕਿਹਾ ਕਿ ਇਹ ਜਗ੍ਹਾ ਸ਼ਹਿਰ ਦੇ ਲਾਗੇ ਜ਼ਰੂਰ ਹੈ ਪਰੰਤੂ ਗਲੀਆਂ ਤੰਗ ਹੋਣ ਕਰਕੇ ਇਸ ਥਾਂ ਦਾ ਮਾਰਕੀਟ ਰੇਟ ਘੱਟ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਮੈਂਬਰ  ਅਲਵਿੰਦਰਪਾਲ ਸਿੰਘ ਪੱਖੋਕੇ, ਖੁਸ਼ਵਿੰਦਰ ਸਿੰਘ ਭਾਟੀਆ, ਅਮਰਜੀਤ ਸਿੰਘ ਭਲਾਈਪੁਰ ’ਤੇ ਅਧਾਰਤ ਸਬ-ਕਮੇਟੀ ਨਿਰਧਾਰਤ ਕਰਕੇ ਇਸ ਥਾਂ ਦੀ ਨਿਯਮਾਂ ਅਨੁਸਾਰ ਖੁੱਲ੍ਹੀ ਬੋਲੀ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਜਗ੍ਹਾ ਦੀ ਕੀਮਤ ਵਧੇਰੇ ਹੁੰਦੀ ਤਾਂ ਸ਼੍ਰੋਮਣੀ ਕਮੇਟੀ ਨੂੰ ਪਹਿਲਾਂ ਕਈ ਵਾਰ ਰੱਖੀਆਂ ਬੋਲੀਆਂ ਗਾਹਕਾਂ ਵੱਲੋਂ ਬੋਲੀ ਨਾ ਦੇਣ ਕਰਕੇ ਰੱਦ ਨਾ ਕਰਨੀਆਂ ਪੈਂਦੀਆਂ।

ਉਨ੍ਹਾਂ ਕਿਹਾ ਕਿ ਭਾਈ ਰਣਜੀਤ ਸਿੰਘ ਵੱਲੋਂ ਇਹ ਕਹਿਣਾ ਕਿ ਸ਼੍ਰੋਮਣੀ ਕਮੇਟੀ ਵੱਲੋਂ 60 ਲੱਖ ਦੀ ਜਗ੍ਹਾ 16 ਲੱਖ ਵਿਚ ਵੇਚ ਦਿੱਤੀ, ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ। ਸ਼੍ਰੋਮਣੀ ਕਮੇਟੀ ਸਕੱਤਰ ਨੇ ਕਿਹਾ ਕਿ ਜੇਕਰ ਭਾਈ ਰਣਜੀਤ ਸਿੰਘ ਨੂੰ ਇਹ ਕੀਮਤ ਘੱਟ ਲਗਦੀ ਹੈ ਤਾਂ ਉਹ 60 ਲੱਖ ਦੀ 55 ਲੱਖ ਹੀ ਗੁਰਦੁਆਰਾ ਸਾਹਿਬ ਵਿਖੇ ਜਮ੍ਹਾਂ ਕਰਵਾ ਦੇਣ, ਤਾਂ ਸ਼੍ਰੋਮਣੀ ਕਮੇਟੀ ਬੋਲੀ ਰੱਦ ਕਰਕੇ ਇਹ ਜਗ੍ਹਾ ਉਨ੍ਹਾਂ ਦੇ ਸੁਪਰਦ ਕਰ ਦੇਵੇਗੀ। ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਕਿਹਾ ਕਿ ਭਾਈ ਰਣਜੀਤ ਸਿੰਘ ਜੀ ਸਿੱਖ ਕੌਮ ਦੀ ਸਤਿਕਾਰਤ ਸ਼ਖ਼ਸੀਅਤ ਹਨ, ਉਨ੍ਹਾਂ ਨੂੰ ਸਿੱਖ ਸੰਸਥਾ ਖਿਲਾਫ਼ ਇਸ ਤਰ੍ਹਾਂ ਤੱਥਾਂ ਤੋਂ ਰਹਿਤ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ। ਉਨ੍ਹਾਂ ਸੰਗਤਾਂ ਨੂੰ ਵੀ ਅਜਿਹੀ ਅਧਾਰਹੀਣ ਤੇ ਗੁੰਮਰਾਹਕੁੰਨ ਬਿਆਨਬਾਜ਼ੀ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ।

Related Post