SGPC ਵੱਲੋਂ ਆਰੰਭ ‘ਸੀਸ ਮਾਰਗ ਨਗਰ ਕੀਰਤਨ’ ਜ਼ੀਰਕਪੁਰ ਤੋਂ ਗੁਰਦੁਆਰਾ ਸ੍ਰੀ ਬਿਬਾਣਗੜ੍ਹ ਸਾਹਿਬ ਕੀਰਤਪੁਰ ਸਾਹਿਬ ਲਈ ਹੋਇਆ ਰਵਾਨਾ

Sis Marg Nagar Kirtan : ਭਲਕੇ 29 ਨਵੰਬਰ ਨੂੰ ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਬਿਬਾਣਗੜ੍ਹ ਸਾਹਿਬ ਕੀਰਤਪੁਰ ਸਾਹਿਬ ਤੋਂ ਆਰੰਭ ਹੋ ਕੇ ਗੁਰਦੁਆਰਾ ਗੁਰਦੁਆਰਾ ਸੀਸ ਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜੇਗਾ।

By  KRISHAN KUMAR SHARMA November 28th 2025 06:23 PM -- Updated: November 28th 2025 06:25 PM

Sis Marg Nagar Kirtan : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਜੈਤਾ ਜੀ ਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸੀਸ ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ ਲੈ ਕੇ ਆਉਣ ਦੀ ਯਾਦ ’ਚ ਦਿੱਲੀ ਤੋਂ ਆਰੰਭ ਹੋਇਆ ‘ਸੀਸ ਮਾਰਗ ਨਗਰ ਕੀਰਤਨ’ ਅੱਜ ਜ਼ੀਰਕਪੁਰ ਤੋਂ ਗੁਰਦੁਆਰਾ ਸ੍ਰੀ ਬਿਬਾਣਗੜ੍ਹ ਸਾਹਿਬ ਕੀਰਤਪੁਰ ਸਾਹਿਬ ਲਈ ਰਵਾਨਾ ਹੋਇਆ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਰਾਗੀ ਜਥਿਆਂ ਵੱਲੋ ਗੁਰਬਾਣੀ ਕੀਰਤਨ ਰਾਹੀਂ ਹਾਜ਼ਰੀ ਭਰੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਕਥਾਵਾਚਕ ਨੇ ਸੰਗਤਾਂ ਨੂੰ ਸ਼ਹਾਦਤ ਦੇ ਇਤਿਹਾਸ ਨਾਲ ਜੋੜਿਆ।


ਆਰੰਭਤਾ ਮੌਕੇ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸਖਸ਼ੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਨਗਰ ਕੀਰਤਨ ਦਾ ਵੱਖ ਵੱਖ ਪੜਾਵਾਂ ਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਭਲਕੇ 29 ਨਵੰਬਰ ਨੂੰ ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਬਿਬਾਣਗੜ੍ਹ ਸਾਹਿਬ ਕੀਰਤਪੁਰ ਸਾਹਿਬ ਤੋਂ ਆਰੰਭ ਹੋ ਕੇ ਗੁਰਦੁਆਰਾ ਗੁਰਦੁਆਰਾ ਸੀਸ ਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜੇਗਾ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਗੜ੍ਹੀ, ਡੇਰਾਬਸੀ ਦੇ ਹਲਕਾ ਇੰਚਾਰਜ ਐਨ.ਕੇ. ਸ਼ਰਮਾ, ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਬਿਜੈ ਸਿੰਘ, ਇੰਚਾਰਜ ਮਲਕੀਤ ਸਿੰਘ, ਸੁਪਰਵਾਈਜ਼ਰ ਹਰਭਜਨ ਸਿੰਘ, ਗੁਰਸਾਹਿਬ ਸਿੰਘ, ਅਵਤਾਰ ਸਿੰਘ, ਮੀਤ ਮੈਨੇਜਰ ਸਤਨਾਮ ਸਿੰਘ, ਨਿਗਰਾਨ ਗੁਰਨਾਮ ਸਿੰਘ, ਪ੍ਰਚਾਰਕ ਤੇ ਨਿਗਰਾਨ ਭਾਈ ਬਲਵੰਤ ਸਿੰਘ ਐਨੋਕੋਟ, ਸਿੱਖ ਮਿਸ਼ਨ ਦਿੱਲੀ ਦੇ ਇੰਚਾਰਜ ਮਨਮੀਤ ਸਿੰਘ, ਜਸਬੀਰ ਸਿੰਘ ਲੌਂਗੋਵਾਲ, ਹਰਿਆਣਾ ਸਿੱਖ ਮਿਸ਼ਨ ਦੇ ਇੰਚਾਰਜ ਸੁਖਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਸੰਗਤ ਮੌਜੂਦ ਸੀ।

Related Post