Sri Darbar Sahib : ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਰੰਗ ਰੋਗਨ ਦੀ ਸੇਵਾ ਹੋਈ ਆਰੰਭ
Sri Darbar Sahib Paint Service : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਸਮੂਹ ਨੂੰ ਰੰਗ ਰੋਗਨ ਕਰਨ ਦੀ ਸੇਵਾ ਅੱਜ ਸ਼ੁਰੂ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਇਕਬਾਲ ਸਿੰਘ ਬੰਬੇ ਵਾਲਿਆਂ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ।
Sri Darbar Sahib Paint Service : ਸੱਚਖੰਡ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਰੰਗ ਰੋਗਨ ਦੀ ਸੇਵਾ ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਆਰੰਭ ਕੀਤੀ ਗਈ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਨੁੱਖਤਾ ਲਈ ਸਰਬਸਾਂਝਾ ਕੇਂਦਰ ਹੈ, ਜਿਥੇ ਦੇਸ਼ ਵਿਦੇਸ਼ ਤੋਂ ਰੋਜ਼ਾਨਾ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ ਹੋਣ ਪੁੱਜਦੀਆਂ ਹਨ ਅਤੇ ਗੁਰੂ ਘਰ ਦੀਆਂ ਸੇਵਾਵਾਂ ਵਿਚ ਆਪਣੀ ਸਮਰਥਾ ਅਨੁਸਾਰ ਸੇਵਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਸਮੂਹ ਨੂੰ ਰੰਗ ਰੋਗਨ ਕਰਨ ਦੀ ਸੇਵਾ ਅੱਜ ਸ਼ੁਰੂ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਇਕਬਾਲ ਸਿੰਘ ਬੰਬੇ ਵਾਲਿਆਂ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੇਵਕ ਪਰਿਵਾਰ ਨੇ ਪਹਿਲਾਂ ਵੀ ਗੁਰੂ ਘਰ ਦੀਆਂ ਸੇਵਾਵਾਂ ਵਿਚ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਅਰਦਾਸ ਕੀਤੀ ਕਿ ਗੁਰੂ ਸਾਹਿਬ ਸੇਵਕ ਪਰਿਵਾਰ ਨੂੰ ਤੰਦਰੁਸਤੀ ਤੇ ਗੁਰਸਿੱਖੀ ਦੀ ਦਾਤ ਬਖ਼ਸ਼ਣ ਅਤੇ ਇਸੇ ਤਰ੍ਹਾਂ ਗੁਰੂ ਘਰ ਦੀਆਂ ਸੇਵਾਵਾਂ ਕਰਨ ਦਾ ਬਲ ਪ੍ਰਦਾਨ ਕਰਨ।
ਇਸ ਮੌਕੇ ਗਿਆਨੀ ਅਮਰਜੀਤ ਸਿੰਘ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਗਿਆਨੀ ਟੇਕ ਸਿੰਘ ਵੱਲੋਂ ਸੇਵਕ ਪਰਿਵਾਰ ਇਕਬਾਲ ਸਿੰਘ ਬੰਬੇ ਵਾਲੇ, ਹਰਿੰਦਰ ਸਿੰਘ, ਜਸ਼ਨਪ੍ਰੀਤ ਸਿੰਘ ਤੇ ਹਰਬੰਸ ਸਿੰਘ ਨੂੰ ਗੁਰੂ ਬਖ਼ਸ਼ਿਸ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਲੋੜੀਂਦੀ ਮੁਰੰਮਤ ਤੇ ਰੰਗ ਰੋਗਨ ਦੀ ਸੇਵਾ ਕੀਤੀ ਆਰੰਭ
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਲੋੜੀਂਦੀ ਮੁਰੰਮਤ ਤੇ ਰੰਗ ਰੋਗਨ ਦੀ ਸੇਵਾ ਅੱਜ ਅਰਦਾਸ ਉਪਰੰਤ ਆਰੰਭ ਕੀਤੀ ਗਈ। ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਕੇਵਲ ਸਿੰਘ, ਬਾਬਾ ਸਤਨਾਮ ਸਿੰਘ ਕਾਰਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ, ਮੈਂਬਰ ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।

ਇਸ ਮੌਕੇ ਗੱਲ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਮੁਰੰਮਤ ਦੀ ਲੋੜ ਨੂੰ ਮੁੱਖ ਰੱਖਦਿਆਂ ਇਹ ਸੇਵਾ ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਸਤਨਾਮ ਸਿੰਘ ਕਾਰਸੇਵਾ ਕਿਲ੍ਹਾ ਅਨੰਦਗੜ੍ਹ ਵਾਲਿਆਂ ਨੂੰ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਲੋੜ ਅਨੁਸਾਰ ਮੁਰੰਮਤ ਕਰਕੇ ਰੰਗ ਰੋਗਨ ਦਾ ਕਾਰਜ ਮੁਕੰਮਲ ਕੀਤਾ ਜਾਵੇਗਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੇਜਰ ਸਿੰਘ, ਅਰਦਾਸੀਆ ਭਾਈ ਪ੍ਰੇਮ ਸਿੰਘ, ਐਕਸੀਅਨ ਸੁਖਜਿੰਦਰ ਸਿੰਘ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਲਾਲ ਸਿੰਘ ਤੇ ਹੋਰ ਮੌਜੂਦ ਸਨ।
ਇਹ ਵੀ ਪੜ੍ਹੋ...
Apple ਦੇ iPhone Duo ਨੂੰ ਟੱਕਰ ਦੇਵੇਗਾ Xiaomi ਦਾ ਇਹ ਨਵਾਂ ਫੋਨ, ਘੱਟ ਕੀਮਤ ਨਾਲ ਹਨ ਅਨੋਖੇ ਫ਼ੀਚਰ
ਪੰਜਾਬ ‘ਚ ਬਦਲਿਆ ਮੌਸਮ ਦਾ ਮਿਜ਼ਾਜ, ਕਈ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਹਾਲ