SGPC ਨੇ ਜਲੰਧਰ ਚ ਬੇਅਦਬੀ ਦੀ ਘਟਨਾ ਦੀ ਕੀਤੀ ਸਖ਼ਤ ਨਿੰਦਾ, ਕੁਲਵੰਤ ਸਿੰਘ ਮੰਨਣ ਬੋਲੇ - ਕਾਨੂੰਨ ਸਿਰਫ਼ ਕਾਗਜ਼ਾਂ ਤੱਕ ਸੀਮਤ
SGPC on Jalandhar sacrilege : ਕੁਲਵੰਤ ਸਿੰਘ ਮੰਨਣ ਨੇ ਮੰਗ ਕੀਤੀ ਕਿ ਜੇਕਰ ਸਰਕਾਰ 20 ਸਾਲ ਦੀ ਸਜ਼ਾ ਦਾ ਦਾਅਵਾ ਕਰਦੀ ਹੈ, ਤਾਂ ਦੋਸ਼ੀਆਂ 'ਤੇ ਉਸੇ ਤਹਿਤ ਸਖ਼ਤ ਪਰਚਾ ਦਰਜ ਕੀਤਾ ਜਾਵੇ ਅਤੇ ਮਾਮਲੇ ਦਾ 'ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ' ਕੀਤਾ ਜਾਵੇ।
Jalandhar Gutka Sahib Beadbi : ਜਲੰਧਰ ਸ਼ਹਿਰ ਦੇ ਰਾਜਾ ਗਾਰਡਨ ਮੁਹੱਲੇ ਵਿੱਚ ਗੁਰੂ ਸਾਹਿਬ ਦੇ ਪਵਿੱਤਰ ਗੁਟਕਾ ਸਾਹਿਬ ਦੇ ਪੱਤਰੇ ਪਾੜ ਕੇ ਸੁੱਟਣ ਦੀ ਇੱਕ ਬੇਹੱਦ ਮੰਦਭਾਗੀ ਅਤੇ ਦਰਦਨਾਕ ਘਟਨਾ ਸਾਹਮਣੇ ਆਈ ਹੈ। ਇਸ ਬੇਅਦਬੀ ਦੀ ਘਟਨਾ ਨੂੰ ਲੈ ਕੇ ਸਿੱਖ ਸੰਗਤਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਇਸ ਘਟਨਾ 'ਤੇ ਡੂੰਘੇ ਦੁੱਖ ਅਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਐਸ.ਜੀ.ਪੀ.ਸੀ. ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਸਿੱਖਾਂ ਦੇ ਮਨਾਂ ਨੂੰ ਡੂੰਘੀ ਸੱਟ ਮਾਰਦੀਆਂ ਹਨ। ਉਨ੍ਹਾਂ ਮੌਜੂਦਾ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਸੂਬੇ ਵਿੱਚ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਅਜੇ ਮਹਿਜ਼ 15-20 ਦਿਨ ਪਹਿਲਾਂ ਹੀ ਸੁਹਾਣਾ ਵਿਖੇ ਵੀ ਬੇਅਦਬੀ ਦੀ ਘਟਨਾ ਵਾਪਰੀ ਸੀ, ਅਤੇ ਹੁਣ ਜਲੰਧਰ ਵਿੱਚ ਫਿਰ ਇਹੀ ਸਭ ਦੁਹਰਾਇਆ ਗਿਆ ਹੈ।
ਕੁਲਵੰਤ ਸਿੰਘ ਮੰਨਣ ਨੇ ਸਰਕਾਰ ਦੇ ਦਾਅਵਿਆਂ ਨੂੰ ਖੋਖਲਾ ਦੱਸਦਿਆਂ ਕਿਹਾ ਕਿ ਸਰਕਾਰਾਂ ਸਖ਼ਤ ਕਾਨੂੰਨ ਬਣਾਉਣ ਦੀਆਂ ਗੱਲਾਂ ਤਾਂ ਕਰਦੀਆਂ ਹਨ, ਪਰ ਅਸਲੀਅਤ ਵਿੱਚ ਉਨ੍ਹਾਂ 'ਤੇ ਕੋਈ ਅਮਲ ਨਹੀਂ ਹੋ ਰਿਹਾ। ਜੇਕਰ ਕਾਨੂੰਨ ਸਹੀ ਤਰੀਕੇ ਨਾਲ ਲਾਗੂ ਹੁੰਦਾ, ਤਾਂ ਅਪਰਾਧੀਆਂ ਦੇ ਹੌਸਲੇ ਇੰਨੇ ਬੁਲੰਦ ਨਾ ਹੁੰਦੇ। ਉਨ੍ਹਾਂ ਮੰਗ ਕੀਤੀ ਕਿ ਜੇਕਰ ਸਰਕਾਰ 20 ਸਾਲ ਦੀ ਸਜ਼ਾ ਦਾ ਦਾਅਵਾ ਕਰਦੀ ਹੈ, ਤਾਂ ਦੋਸ਼ੀਆਂ 'ਤੇ ਉਸੇ ਤਹਿਤ ਸਖ਼ਤ ਪਰਚਾ ਦਰਜ ਕੀਤਾ ਜਾਵੇ ਅਤੇ ਮਾਮਲੇ ਦਾ 'ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ' ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਜਿਹੇ ਪਾਪੀਆਂ ਨੂੰ ਫਾਂਸੀ ਵਰਗੀ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਤਾਂ ਜੋ ਭਵਿੱਖ ਵਿੱਚ ਕੋਈ ਅਜਿਹੀ ਹਰਕਤ ਕਰਨ ਦੀ ਹਿੰਮਤ ਨਾ ਕਰ ਸਕੇ।
ਇਸ ਦੇ ਨਾਲ ਹੀ ਉਨ੍ਹਾਂ ਸਮੂਹ ਗੁਰੂ ਘਰਾਂ ਦੇ ਪ੍ਰਬੰਧਕਾਂ ਅਤੇ ਗ੍ਰੰਥੀ ਸਿੰਘਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਸਹਿਜਤਾ ਅਤੇ ਮੁਸਤੈਦੀ ਨਾਲ ਗੁਰੂ ਘਰਾਂ ਦੀ ਸੁਰੱਖਿਆ ਅਤੇ ਮਰਯਾਦਾ ਨੂੰ ਯਕੀਨੀ ਬਣਾਉਣ ਲਈ ਢੁਕਵੇਂ ਪ੍ਰਬੰਧ ਕਰਨ।