SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 21 ਦੇ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ
Punjab Bandh : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 21 ਅਗਸਤ ਨੂੰ ਰੱਖੀ ਗਈ ਸੀ, ਜੋ ਹੁਣ 22 ਅਗਸਤ ਨੂੰ ਸਵੇਰੇ 11:00 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸ੍ਰੀ ਅੰਮ੍ਰਿਤਸਰ ਵਿਖੇ ਹੋਵੇਗੀ।
Punjab Bandh : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Adv Harjinder Singh Dhami) ਨੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ 2026 ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕਰਦਿਆਂ ਪਹਿਲਾਂ ਤੋਂ ਨਿਰਧਾਰਤ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 21 ਅਗਸਤ ਦੀ ਥਾਂ 22 ਅਗਸਤ ਨੂੰ ਕਰਨ ਦਾ ਫੈਸਲਾ ਕੀਤਾ ਹੈ।
ਇਸ ਸਬੰਧੀ ਜਾਰੀ ਪ੍ਰੈੱਸ ਬਿਆਨ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 21 ਅਗਸਤ ਨੂੰ ਰੱਖੀ ਗਈ ਸੀ, ਜੋ ਹੁਣ 22 ਅਗਸਤ ਨੂੰ ਸਵੇਰੇ 11:00 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸ੍ਰੀ ਅੰਮ੍ਰਿਤਸਰ ਵਿਖੇ ਹੋਵੇਗੀ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਜਿਥੇ ਆਪ ਹਮੇਸ਼ਾਂ ਯਤਨਸ਼ੀਲ ਰਹੀ ਹੈ, ਉਥੇ ਹੀ ਇਸ ਕਾਰਜ ਲਈ ਹਰ ਸੰਘਰਸ਼ ਦਾ ਪੂਰਨ ਰੂਪ ਵਿਚ ਸਮਰਥਨ ਵੀ ਕਰਦੀ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮ ਦੀਆਂ ਭਾਵਨਾਵਾਂ ਨੂੰ ਸਮਝਣ ਦੀ ਥਾਂ ਇਸ ਸਬੰਧੀ ਸੰਘਰਸ਼ ਕਰਨ ਵਾਲਿਆਂ ਦੀ ਅਵਾਜ਼ ਨੂੰ ਹੀ ਦਬਾਉਣਾ ਚਾਹੁੰਦੀ ਹੈ, ਜਿਸ ਦਾ ਇਨਸਾਫ਼ਪਸੰਦ ਹਰ ਵਿਅਕਤੀ ਨੂੰ ਵਿਰੋਧ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਬੰਦ ਦੇ ਸਮਰਥਨ ਵਿਚ 21 ਅਗਸਤ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੇ ਸਮੂਹ ਅਦਾਰੇ ਵੀ ਬੰਦ ਰੱਖੇ ਜਾਣਗੇ।
ਇਹ ਵੀ ਪੜ੍ਹੋ... ED ਨੇ CMO ਵਿੱਚ ਤਬਾਦਲਿਆਂ ਅਤੇ ਨੀਤੀਗਤ ਫੈਸਲਿਆਂ ਨੂੰ ਲੈ ਕੇ 61 ਬੇਨਿਯਮੀਆਂ ਕੀਤੀਆਂ ਦਰਜ