ਕਾਨੂੰਨੀ ਨੋਟਿਸ ਦੇ ਬਾਵਜੂਦ GTC ਨੇ ਨਹੀਂ ਰੋਕਿਆ ਗੁਰਬਾਣੀ ਪ੍ਰਸਾਰਣ ! SGPC ਨੇ ਚੈਨਲ ਦੇ ਟਕਰਾਅ ਪੈਦਾ ਕਰਨ ਦੀ ਕੀਤੀ ਨਿੰਦਾ

Gurbanai Live Row : ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪੰਥ ਦੀ ਨੁਮਾਇੰਦਾ ਜਥੇਬੰਦੀ ਹੈ ਅਤੇ ਇਸ ਦੇ ਏਕਾਧਿਕਾਰ ਨੂੰ ਸਿੱਧੇ ਤੌਰ ’ਤੇ ਚੁਣੌਤੀ ਦੇਣ ਦੀਆਂ ਕੋਸ਼ਿਸ਼ਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

By  KRISHAN KUMAR SHARMA August 7th 2026 09:42 AM -- Updated: August 7th 2026 09:48 AM

Gurbanai Live Row : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Adv Harjinder Singh Dhami) ਨੇ GTC News Channel ਵੱਲੋਂ ਗੁਰਬਾਣੀ ਦੇ ਕੀਤੇ ਜਾ ਰਹੇ ਕਥਿਤ ਗੈਰ-ਕਾਨੂੰਨੀ ਪ੍ਰਸਾਰਨ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਅਧਿਕਾਰ ਖੇਤਰ ਨੂੰ ਚੁਣੌਤੀ ਦੇਣ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

'ਏਕਾਧਿਕਾਰ ਨੂੰ ਸਿੱਧੇ ਤੌਰ ’ਤੇ ਚੁਣੌਤੀ ਦੇਣ ਦੀਆਂ ਕੋਸ਼ਿਸ਼ਾਂ'

ਅੱਠਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸੀਸ ਮਹਿਲ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪੰਥ ਦੀ ਨੁਮਾਇੰਦਾ ਜਥੇਬੰਦੀ ਹੈ ਅਤੇ ਇਸ ਦੇ ਏਕਾਧਿਕਾਰ ਨੂੰ ਸਿੱਧੇ ਤੌਰ ’ਤੇ ਚੁਣੌਤੀ ਦੇਣ ਦੀਆਂ ਕੋਸ਼ਿਸ਼ਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਕਾਨੂੰਨੀ ਕਾਰਵਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਹਰ ਸੰਭਵ ਕਦਮ ਚੁੱਕਿਆ ਜਾਵੇਗਾ।

ਉਨ੍ਹਾਂ ਕਿਹਾ ਕਿ ‘ਸਮਾਂ ਆਉਣ ’ਤੇ ਸਭ ਕੁਝ ਸਾਫ਼ ਹੋ ਜਾਵੇਗਾ ਕਿ ਅਜਿਹੀਆਂ ਕਾਰਵਾਈਆਂ ਪਿੱਛੇ ਕਿਹੜੀਆਂ ਤਾਕਤਾਂ ਕੰਮ ਕਰ ਰਹੀਆਂ ਹਨ।’ ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਨੂੰ ਸਿੱਧੇ ਤੌਰ ’ਤੇ ਚੁਣੌਤੀ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਇਸ ਪਿੱਛੇ ਕੌਣ ਹੈ ਅਤੇ ਇਸ ਦੇ ਕੀ ਮਨਸੂਬੇ ਹਨ, ਇਹ ਆਉਣ ਵਾਲੇ ਸਮੇਂ ਵਿੱਚ ਸਾਹਮਣੇ ਆ ਜਾਣਗੇ।

ਵਿਧਾਨ ਸਭਾ ’ਚ ਪੰਜਾਬ ਦੇ ਮੁੱਦੇ ਛੱਡ ਕੇ ਸ਼੍ਰੋਮਣੀ ਕਮੇਟੀ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ

ਐਡਵੋਕੇਟ ਧਾਮੀ ਨੇ ਪੰਜਾਬ ਸਰਕਾਰ ’ਤੇ ਵੀ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਵਿਧਾਨ ਸਭਾ ਵਿੱਚ ਸੂਬੇ ਦੇ ਗੰਭੀਰ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ’ਤੇ ਵਿਚਾਰ ਕਰਨ ਦੀ ਥਾਂ ਸ਼੍ਰੋਮਣੀ ਕਮੇਟੀ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਪੰਜਾਬ ਦੇ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਭਟਕਾਉਣਾ ਹੈ।

ਉਨ੍ਹਾਂ ਦੋਸ਼ ਲਾਇਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਰਕਾਰ ਜਾਣ-ਬੁੱਝ ਕੇ ਧਾਰਮਿਕ ਮੁੱਦਿਆਂ ਨੂੰ ਹਵਾ ਦੇ ਰਹੀ ਹੈ, ਤਾਂ ਜੋ ਸੂਬੇ ਦੇ ਲੋਕਾਂ ਦਾ ਧਿਆਨ ਬੇਰੁਜ਼ਗਾਰੀ, ਨਸ਼ਿਆਂ, ਵਿਕਾਸ ਅਤੇ ਹੋਰ ਬੁਨਿਆਦੀ ਮੁੱਦਿਆਂ ਤੋਂ ਹਟਾਇਆ ਜਾ ਸਕੇ।

'ਗੁਰਬਾਣੀ ਪ੍ਰਸਾਰਨ ਦੇ ਮਾਮਲੇ ਨੂੰ ਬੇਵਜ੍ਹਾ ਤੂਲ ਦਿੱਤੀ ਜਾ ਰਹੀ'

ਪੀਟੀਸੀ ’ਤੇ ਹੋ ਰਹੇ ਗੁਰਬਾਣੀ ਦੇ ਪ੍ਰਸਾਰਨ ਸਬੰਧੀ ਐਡਵੋਕੇਟ ਧਾਮੀ ਨੇ ਕਿਹਾ ਕਿ ਸੰਗਤ ਨੂੰ ਇਸ ਸਬੰਧੀ ਕੋਈ ਸਮੱਸਿਆ ਨਹੀਂ ਹੈ। ਉਨ੍ਹਾਂ ਕਿਹਾ ਕਿ ਜੀਟੀਸੀ ਨਾਮ ਦਾ ਨਵਾਂ ਚੈਨਲ ਸ਼ੁਰੂ ਹੋਣ ਤੋਂ ਬਾਅਦ ਹੀ ਜਾਣ-ਬੁੱਝ ਕੇ ਇਸ ਮੁੱਦੇ ਨੂੰ ਉਭਾਰਿਆ ਜਾ ਰਿਹਾ ਹੈ, ਜਦਕਿ ਸੰਗਤ ਦੀ ਗੁਰਬਾਣੀ ਨਾਲ ਜੁੜੀ ਭਾਵਨਾ ਨੂੰ ਕਿਸੇ ਵੀ ਤਰ੍ਹਾਂ ਦੇ ਵਿਵਾਦ ਵਿੱਚ ਨਹੀਂ ਘਸੀਟਣਾ ਚਾਹੀਦਾ।

ਦਲ, ਪੰਥ ਤੇ ਸੰਪਰਦਾਵਾਂ ਸ਼੍ਰੋਮਣੀ ਕਮੇਟੀ ਦੇ ਨਾਲ: ਧਾਮੀ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਮੁੱਚਾ ਦਲ ਪੰਥ ਅਤੇ ਵੱਖ-ਵੱਖ ਸੰਪਰਦਾਵਾਂ ਸ਼੍ਰੋਮਣੀ ਕਮੇਟੀ ਦੇ ਨਾਲ ਖੜ੍ਹੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੱਢੇ ਗਏ ਮੀਰੀ-ਪੀਰੀ ਖਾਲਸਾ ਮਾਰਚ ਵਿੱਚ ਦਲ ਪੰਥ ਅਤੇ ਸੰਪਰਦਾਵਾਂ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਾ ਇਸ ਗੱਲ ਦਾ ਸਪੱਸ਼ਟ ਪ੍ਰਮਾਣ ਹੈ ਕਿ ਪੰਥ ਸ਼੍ਰੋਮਣੀ ਕਮੇਟੀ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪੰਥ ਦੀ ਨੁਮਾਇੰਦਾ ਸੰਸਥਾ ਹੈ ਅਤੇ ਇਸ ਦੀ ਭੂਮਿਕਾ ਨੂੰ ਕਮਜ਼ੋਰ ਕਰਨ ਜਾਂ ਇਸ ਦੇ ਅਧਿਕਾਰਾਂ ਨੂੰ ਚੁਣੌਤੀ ਦੇਣ ਵਾਲੀਆਂ ਕੋਸ਼ਿਸ਼ਾਂ ਦਾ ਪੰਥਕ ਪੱਧਰ ’ਤੇ ਜਵਾਬ ਦਿੱਤਾ ਜਾਵੇਗਾ।

ਐਡਵੋਕੇਟ ਧਾਮੀ ਨੇ ਕਿਹਾ ਕਿ ਧਾਰਮਿਕ ਮਾਮਲਿਆਂ ਨੂੰ ਸਿਆਸੀ ਮੁੱਦਾ ਬਣਾਉਣ ਦੀ ਬਜਾਏ ਸਰਕਾਰ ਨੂੰ ਪੰਜਾਬ ਦੇ ਅਸਲ ਅਤੇ ਭਖਦੇ ਮਸਲਿਆਂ ਵੱਲ ਧਿਆਨ ਦੇਣਾ ਚਾਹੀਦਾ ਹੈ।

Related Post