AAP ਆਗੂ ਹਰਮੀਤ ਸਿੰਘ ਸੰਧੂ ਵੱਲੋਂ ਸਿੱਖ ਸੰਸਥਾ ਦੇ ਪ੍ਰਬੰਧ ਨੂੰ ਬਦਨਾਮ ਕਰਨ ਦੀ ਘਿਨੌਣੀ ਹਰਕਤ ਦਾ SGPC ਨੇ ਲਿਆ ਨੋਟਿਸ
Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ ਅਤੇ ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਨੇ ਆਮ ਆਦਮੀ ਪਾਰਟੀ ਦੇ ਆਗੂ ਹਰਮੀਤ ਸਿੰਘ ਸੰਧੂ ਵੱਲੋਂ ਤਰਨ ਤਾਰਨ ਜ਼ਿਮਨੀ ਚੋਣ ਦੌਰਾਨ ਗੁਰੂ ਦੀ ਗੋਲਕ ਵਿੱਚੋਂ ਪੈਸੇ ਵੰਡਣ ਦੇ ਬੇਬੁਨਿਆਦ ਦੋਸ਼ਾਂ ਦਾ ਖੰਡਨ ਕਰਦਿਆਂ ਆਖਿਆ ਕਿ ਇਹ ਸਿੱਖ ਸੰਸਥਾ ਦੇ ਪ੍ਰਬੰਧ ਨੂੰ ਬਦਨਾਮ ਕਰਨ ਦੀ ਘਿਨੌਣੀ ਹਰਕਤ ਹੈ
Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ ਅਤੇ ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਨੇ ਆਮ ਆਦਮੀ ਪਾਰਟੀ ਦੇ ਆਗੂ ਹਰਮੀਤ ਸਿੰਘ ਸੰਧੂ ਵੱਲੋਂ ਤਰਨ ਤਾਰਨ ਜ਼ਿਮਨੀ ਚੋਣ ਦੌਰਾਨ ਗੁਰੂ ਦੀ ਗੋਲਕ ਵਿੱਚੋਂ ਪੈਸੇ ਵੰਡਣ ਦੇ ਬੇਬੁਨਿਆਦ ਦੋਸ਼ਾਂ ਦਾ ਖੰਡਨ ਕਰਦਿਆਂ ਆਖਿਆ ਕਿ ਇਹ ਸਿੱਖ ਸੰਸਥਾ ਦੇ ਪ੍ਰਬੰਧ ਨੂੰ ਬਦਨਾਮ ਕਰਨ ਦੀ ਘਿਨੌਣੀ ਹਰਕਤ ਹੈ।
ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਨੇ ਕਿਹਾ ਕਿ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਡੀਆਂ ਕੁਰਬਾਨੀਆਂ ਤੋਂ ਬਾਅਦ ਹੋਂਦ ਵਿਚ ਆਈ, ਜਿਸ ਦਾ ਪ੍ਰਬੰਧ ਪਾਰਦਰਸ਼ੀ ਤਰੀਕੇ ਨਾਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕ ਆਪਣੇ ਸਿਆਸੀ ਅਕਾਵਾਂ ਨੂੰ ਖ਼ੁਸ਼ ਕਰਨ ਲਈ ਸਿੱਖਾਂ ਦੀ ਨੁਮਾਇੰਦਾ ਸੰਸਥਾ ਪ੍ਰਤੀ ਝੂਠਾ ਪ੍ਰਚਾਰ ਕਰਕੇ ਲੋਕਾਂ ਨੂੰ ਭਰਮਾਉਣ ਦਾ ਯਤਨ ਕਰਦੇ ਹਨ, ਜੋ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਗੁਰੂ ਦੀਆਂ ਗੋਲਕਾਂ ਵਿੱਚੋਂ ਨਿਯਮਾਂ ਅਨੁਸਾਰ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਂਣ ਦੇ ਨਾਲ-ਨਾਲ ਲੋੜਵੰਦਾਂ ਦੀ ਮੱਦਦ ਅਤੇ ਕੁਦਰਤੀ ਆਫ਼ਤਾਂ ਸਮੇਂ ਮੋਹਰੀ ਹੋ ਕੇ ਸੇਵਾਵਾਂ ਕਰਨਾ ਵੀ ਆਪਣਾ ਫ਼ਰਜ਼ ਸਮਝਦੀ ਹੈ। ਹਾਲ ਹੀ ਵਿਚ ਹੜ੍ਹਾਂ ਦੌਰਾਨ ਇਨ੍ਹਾਂ ਦੀ ਪਾਰਟੀ ਦੀ ਪੰਜਾਬ ਸਰਕਾਰ ਦੇ ਕੀਤੇ ਜਾਣ ਵਾਲੇ ਕਾਰਜ ਵੀ ਸ਼੍ਰੋਮਣੀ ਕਮੇਟੀ ਵੱਲੋਂ ਹੀ ਕੀਤੇ ਗਏ। ਜਿਥੇ ਪੀੜਤ ਲੋਕਾਂ ਦੀਆਂ ਜ਼ਰੂਰੀ ਲੋੜਾਂ ਪੂਰੀਆਂ ਕੀਤੀਆਂ ਗਈਆਂ, ਉਥੇ ਹੀ ਬੰਨ੍ਹ ਮਜ਼ਬੂਤ ਕਰਨ ਲਈ ਡੀਜ਼ਲ ਅਤੇ ਕਣਕਾਂ ਦੀ ਬਿਜਾਈ ਲਈ ਉੱਤਮ ਕਿਸਮ ਦੇ ਬੀਜ ਵੀ ਇਨ੍ਹਾਂ ਗੁਰੂ ਦੀਆਂ ਗੋਲਕਾਂ ਵਿੱਚੋਂ ਹੀ ਦਿੱਤੇ ਗਏ। ਜਦੋਂ ਇਹ ਕਾਰਜ ਕੀਤੇ ਜਾ ਰਹੇ ਸਨ, ਤਾਂ ਉਦੋਂ ਇਨ੍ਹਾਂ ਦੀ ਸਰਕਾਰ ਕਿਥੇ ਸੀ।
ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਨੇ ਕਿਹਾ ਕਿ ਸਿੱਖ ਸੰਸਥਾ ਵੱਲੋਂ ਬੀਤੇ ’ਚ ਨਿਭਾਈਆਂ ਸੇਵਾਵਾਂ ਨੇ ਦੇਸ਼ ਦੁਨੀਆਂ ਅੰਦਰ ਸਿੱਖਾਂ ਦਾ ਮਾਣ ਵਧਾਇਆ ਹੈ, ਪ੍ਰੰਤੂ ਅਜਿਹੇ ਲੋਕ ਬੇਬੁਨਿਆਦ ਇਲਜਾਮ ਲਗਾ ਕੇ ਅਨੇਕਾਂ ਕੁਰਬਾਨੀਆਂ ਤੋਂ ਬਾਅਦ ਵਿਚ ਹੋਂਦ ਵਿਚ ਆਈ ਸ਼੍ਰੋਮਣੀ ਕਮੇਟੀ ਨੂੰ ਨੀਵਾਂ ਦਿਖਾਉਣ ਦਾ ਯਤਨ ਕਰਦੇ ਹਨ। ਰਘੂਜੀਤ ਸਿੰਘ ਵਿਰਕ ਅਤੇ ਹੋਰ ਅਹੁਦੇਦਾਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਅਪੀਲ ਕੀਤੀ ਕਿ ਸਿੱਖ ਸਿਧਾਂਤਾਂ ਨੂੰ ਸੱਟ ਮਾਰਨ, ਸੰਸਥਾ ਨੂੰ ਬਦਨਾਮ ਕਰਨ ਅਤੇ ਸੰਗਤਾਂ ਅੰਦਰ ਭਰਮ ਫੈਲਾਉਣ ਦੇ ਮੱਦੇਨਜ਼ਰ ਹਰਮੀਤ ਸਿੰਘ ਸੰਧੂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਤਲਬ ਕਰਕੇ ਪ੍ਰੰਪਰਾਵਾਂ ਅਨੁਸਾਰ ਕਾਰਵਾਈ ਕੀਤੀ ਜਾਵੇ।