SGPC ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁਰੂ ਕਰੇਗੀ ਦੇਸ਼ ਵਿਆਪੀ ਦਸਤਖ਼ਤ ਮੁਹਿੰਮ

By  Pardeep Singh November 22nd 2022 05:24 PM

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਦੇਸ਼ ਵਿਆਪੀ ਦਸਤਖ਼ਤੀ ਮੁਹਿੰਮ ਦੀ ਰੂਪ-ਰੇਖਾ ਉਲੀਕਦਿਆਂ ਇਸ ਲਹਿਰ ਨੂੰ ਦੇਸ਼ ਦੇ ਕੋਨੇ ਕੋਨੇ ਤੱਕ ਫੈਲਾਉਣ ਦਾ ਫੈਸਲਾ ਕੀਤਾ ਗਿਆ।
 9 ਨਵੰਬਰ 2022 ਨੂੰ ਨਵੀਂ ਚੁਣੀ ਗਈ ਕਾਰਜਕਾਰਨੀ ਕਮੇਟੀ ਦੀ ਇਹ ਪਲੇਠੀ ਬੈਠਕ ਸੀ, ਜਿਸ ਵਿਚ ਕਈ ਅਹਿਮ ਫੈਸਲੇ ਲਏ ਗਏ। ਇਕੱਤਰਤਾ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ 1 ਦਸੰਬਰ 2022 ਤੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸਰਗਰਮ ਮੁਹਿੰਮ ਅੱਗੇ ਵਧਾਈ ਜਾਵੇਗੀ। ਇਸ ਤਹਿਤ ਬੰਦੀ ਸਿੰਘਾਂ ਦੇ ਕੇਸਾਂ ਅਤੇ ਭੁਗਤੀਆਂ ਸਜ਼ਾਵਾਂ ਬਾਰੇ ਸੰਗਤ ਨੂੰ ਜਾਗਰੂਕਤਾ ਦੇ ਨਾਲ-ਨਾਲ ਪ੍ਰੋਫਾਰਮੇ ਭਰਵਾਏ ਜਾਣਗੇ। ਇਸ ਲਹਿਰ ਨੂੰ ਦੇਸ਼ ਵਿਆਪੀ ਬਣਾਉਣ ਲਈ ਪੰਜਾਬ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਦੇ ਸਿੱਖ ਮਿਸ਼ਨਾਂ ਅਤੇ ਗੁਰਦੁਆਰਾ ਕਮੇਟੀਆਂ ਰਾਹੀਂ ਵੱਖ-ਵੱਖ ਸੂਬਿਆਂ ਤੱਕ ਪਹੁੰਚ ਬਣਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਕੇਂਦਰ ਸ਼੍ਰੋਮਣੀ ਕਮੇਟੀ ਦਫ਼ਤਰ ਹੋਵੇਗਾ, ਜਦਕਿ ਪੰਜਾਬ ਦੇ ਹਰ ਜ਼ਿਲ੍ਹੇ ਅਤੇ ਪੰਜਾਬ ਤੋਂ ਬਾਹਰ ਸਿੱਖ ਮਿਸ਼ਨਾਂ ਵਿਖੇ ਸਬ-ਕੇਂਦਰ ਸਥਾਪਤ ਕੀਤੇ ਜਾਣਗੇ। ਖ਼ਾਸਕਰ ਪੰਜਾਬ ਅੰਦਰ ਗੁਰਦੁਆਰਾ ਸਾਹਿਬਾਨਾਂ, ਵਿੱਦਿਅਕ ਅਦਾਰਿਆਂ, ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ, ਸ਼ਹਿਰਾਂ-ਕਸਬਿਆਂ ਦੇ ਅਹਿਮ ਚੌਰਾਹਿਆਂ ’ਤੇ ਕੈਂਪ ਲਗਾ ਕੇ ਪ੍ਰੋਫਾਰਮੇ ਭਰੇ ਜਾਣਗੇ।
ਐਡਵੋਕੇਟ ਧਾਮੀ ਨੇ ਦੱਸਿਆ ਕਿ ਪ੍ਰੋਫਾਰਮੇ ਭਰਵਾਉਣ ਦਾ ਕੰਮ ਮੁਕੰਮਲ ਕਰਨ ਬਾਅਦ ਚੰਡੀਗੜ੍ਹ ਵਿਖੇ ਸਮੁੱਚੇ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਇਕ ਦਿਨਾਂ ਰੋਸ ਧਰਨਾ ਹੋਵੇਗਾ ਅਤੇ ਸਾਰੇ ਪ੍ਰੋਫਾਰਮੇ ਗਵਰਨਰ ਪੰਜਾਬ ਨੂੰ ਸੌਂਪੇ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਪ੍ਰੋਫਾਰਮੇ ਭਰਵਾਉਣ ਦੌਰਾਨ ਨਾਲੋ-ਨਾਲ ਸਾਰਾ ਰਿਕਾਰਡ ਲਿਖਤੀ ਤੇ ਡਿਜੀਟਲ ਰੂਪ ਵਿਚ ਸੰਭਾਲਣ ਦਾ ਕਾਰਜ ਵੀ ਕੀਤਾ ਜਾਵੇਗਾ।
ਐਡਵੋਕੇਟ ਧਾਮੀ ਨੇ ਹੋਰ ਫੈਸਲਿਆਂ ਦੀ ਤਫਸੀਲ ਦਿੰਦਿਆਂ ਦੱਸਿਆ ਕਿ ਬੀਤੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਨੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ‘ਵੀਰ ਬਾਲ ਦਿਵਸ’ ਦੀ ਥਾਂ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਵਜੋਂ ਮਨਾਉਣ ਲਈ ਭਾਰਤ ਸਰਕਾਰ ਨੂੰ ਅਪੀਲ ਕੀਤੀ ਸੀ, ਜਿਸ ਨੂੰ ਲੈ ਕੇ ਅੱਜ ਮੁੜ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਇਹ ਫੈਸਲਾ ਲਾਗੂ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਸਿੱਖ ਇਤਿਹਾਸ ਦਾ ਅਹਿਮ ਪੰਨਾ ਹੈ, ਜਿਸ ਨੂੰ ਸਿੱਖ ਵਿਰਸੇ ਅਤੇ ਗੁਰਮਤਿ ਦੀ ਭਾਵਨਾ ਅਨੁਸਾਰ ਹੀ ਮਨਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਸ਼੍ਰੋਮਣੀ ਕਮੇਟੀ ਅੰਦਰ ਅਗਲੇ 6 ਮਹੀਨਿਆਂ ਲਈ ਭਰਤੀ ’ਤੇ ਮੁਕੰਮਲ ਰੋਕ ਲਗਾਉਣ ਦਾ ਫੈਸਲਾ ਲਿਆ ਹੈ। 

ਅੰਤ੍ਰਿੰਗ ਕਮੇਟੀ ਦੀ ਇਸ ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਅਹੁਦੇਦਾਰ ਅਤੇ ਮੈਂਬਰ ਸਾਹਿਬਾਨ ਪੁਹੰਚੇ।

Related Post