Kiratpur Sahib : ਇਤਿਹਾਸਕ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਸ਼ੈਡ ਪਾਉਣ ਦੀ ਸੇਵਾ ਸ਼ੁਰੂ
Gurdwara Sheesh Mahal Sahib : ਇਤਿਹਾਸਿਕ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਕੀਰਤਪੁਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਗੁਰਦੁਆਰਾ ਸਾਹਿਬ ਦੇ ਵਿਹੜੇ ਵਿੱਚ ਸ਼ੈਡ ਪਾਉਣ ਦੀ ਸੇਵਾ ਦਾ ਸ਼ੁਭ ਆਰੰਭ ਕਾਰ ਸੇਵਾ ਕਿਲਾ ਅਨੰਦਗੜ੍ਹ ਸਾਹਿਬ ਵੱਲੋਂ ਕਰ ਦਿੱਤਾ ਗਿਆ ਹੈ।
Gurdwara Sheesh Mahal Sahib : ਇਤਿਹਾਸਿਕ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਕੀਰਤਪੁਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਗੁਰਦੁਆਰਾ ਸਾਹਿਬ ਦੇ ਵਿਹੜੇ ਵਿੱਚ ਸ਼ੈਡ ਪਾਉਣ ਦੀ ਸੇਵਾ ਦਾ ਸ਼ੁਭ ਆਰੰਭ ਕਾਰ ਸੇਵਾ ਕਿਲਾ ਅਨੰਦਗੜ੍ਹ ਸਾਹਿਬ ਵੱਲੋਂ ਕਰ ਦਿੱਤਾ ਗਿਆ ਹੈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਨੰਦਪੁਰ ਸਾਹਿਬ ਤੋਂ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਅਤੇ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸਤਨਾਮ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।
ਇਸ ਮੌਕੇ ਜਾਣਕਾਰੀ ਦਿੰਦਿਆਂ ਸੰਤ ਬਾਬਾ ਸਤਨਾਮ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿੱਚ ਧਾਰਮਿਕ ਸਮਾਗਮਾਂ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ ਅਤੇ ਸ਼੍ਰੀ ਗੁਰੂ ਹਰਕ੍ਰਿਸ਼ਨ ਪਾਤਸ਼ਾਹ ਜੀ ਦਾ ਪ੍ਰਕਾਸ਼ ਪੁਰਬ ਬਰਸਾਤ ਦੇ ਦਿਨਾਂ ਵਿੱਚ ਆਉਂਦਾ ਹੈ ਜਿਸ ਕਰਕੇ ਸੰਗਤਾਂ ਨੂੰ ਉਕਤ ਸਮਾਗਮਾਂ ਦੌਰਾਨ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਉਹਨਾਂ ਕਿਹਾ ਕਿ ਸਮਾਗਮਾਂ ਦੌਰਾਨ ਬਰਸਾਤ ਅਤੇ ਹੋਰ ਮੌਸਮੀ ਪ੍ਰਭਾਵਾਂ ਤੋਂ ਬਚਾਉਣ ਲਈ ਗੁਰਦੁਆਰਾ ਸਾਹਿਬ ਦੇ ਵੇੜੇ ਵਿੱਚ ਵਿਸ਼ਾਲ ਸ਼ੈਡ ਪਾਉਣ ਦਾ ਫੈਸਲਾ ਬੀਤੇ ਸਮੇਂ ਦੌਰਾਨ ਲਿਆ ਗਿਆ ਸੀ, ਜਿਸ ਦੀ ਸੇਵਾ ਹੁਣ ਸ਼ੁਰੂ ਹੋ ਚੁੱਕੀ ਹੈ।
50 ਤੋਂ 60 ਲੱਖ ਰੁਪਏ ਦੀ ਲਾਗਤ ਆਉਣ ਦੀ ਸੰਭਾਵਨਾ
ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ‘ਤੇ ਕਰੀਬ 50 ਤੋਂ 60 ਲੱਖ ਰੁਪਏ ਦੀ ਲਾਗਤ ਆਉਣ ਦੀ ਸੰਭਾਵਨਾ ਹੈ। ਸ਼ੈਡ ਦਾ ਨਿਰਮਾਣ ਉੱਚ ਗੁਣਵੱਤਾ ਵਾਲੇ ਮਟੀਰੀਅਲ ਨਾਲ ਕੀਤਾ ਜਾਵੇਗਾ ਤਾਂ ਜੋ ਲੰਬੇ ਸਮੇਂ ਤੱਕ ਸੰਗਤਾਂ ਨੂੰ ਇਸ ਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਕਾਰ ਸੇਵਾ ਕਿਲਾ ਅਨੰਦਗੜ੍ਹ ਸਾਹਿਬ ਵੱਲੋਂ ਇਹ ਸੇਵਾ ਪੂਰੀ ਸ਼ਰਧਾ ਅਤੇ ਸਮਰਪਣ ਭਾਵਨਾ ਨਾਲ ਕੀਤੀ ਜਾ ਰਹੀ ਹੈ।
ਸੰਤ ਬਾਬਾ ਸਤਨਾਮ ਸਿੰਘ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਸ਼੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਆਗਾਮੀ ਪ੍ਰਕਾਸ਼ ਪੁਰਬ ਤੋਂ ਪਹਿਲਾਂ-ਪਹਿਲਾਂ ਇਸ ਸ਼ੈਡ ਦੀ ਸੇਵਾ ਨੂੰ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ, ਤਾਂ ਜੋ ਪ੍ਰਕਾਸ਼ ਪੁਰਬ ਮੌਕੇ ਆਉਣ ਵਾਲੀਆਂ ਹਜ਼ਾਰਾਂ ਸੰਗਤਾਂ ਨੂੰ ਇਸ ਦਾ ਲਾਭ ਮਿਲ ਸਕੇ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਨੰਦਪੁਰ ਸਾਹਿਬ ਤੋਂ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ਼ੈਡ ਬਣਨ ਨਾਲ ਗੁਰਦੁਆਰਾ ਸਾਹਿਬ ਵਿਖੇ ਮਨਾਏ ਜਾਂਦੇ ਸਮਾਗਮਾਂ ਮੌਕੇ ਆਉਣ ਵਾਲੀਆਂ ਸੰਗਤਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਗੁਰਦੁਆਰਾ ਕੰਪਲੈਕਸ ਦੀ ਸੁੰਦਰਤਾ ਵਿੱਚ ਵੀ ਵਾਧਾ ਹੋਵੇਗਾ। ਇਸ ਮੌਕੇ ਸੰਤ ਬਾਬਾ ਸਤਨਾਮ ਸਿੰਘ ਮੁਖੀ ਕਾਰ ਸੇਵਾ ਕਿਲਾ ਅਨੰਦਗੜ੍ਹ ਸਾਹਿਬ, ਭਾਈ ਅਮਰਜੀਤ ਸਿੰਘ ਚਾਵਲਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅਨੰਦਪੁਰ ਸਾਹਿਬ, ਭਾਈ ਮਲਕੀਤ ਸਿੰਘ ਮੈਨੇਜਰ ਤਖਤ ਸ਼੍ਰੀ ਕੇਸਗੜ੍ਹ ਸਾਹਿਬ, ਐਡਵੋਕੇਟ ਹਰਦੇਵ ਸਿੰਘ ਹੈਪੀ ਵਧੀਕ ਮੈਨੇਜਰ ਤਖਤ ਸ਼੍ਰੀ ਕੇਸਗੜ੍ਹ ਸਾਹਿਬ, ਭਾਈ ਅਮਰਜੀਤ ਸਿੰਘ ਜਿੰਦਬੜੀ ਮੈਨੇਜਰ ਗੁਰਦੁਆਰਾ ਪਤਾਲਪੁਰੀ ਸਾਹਿਬ, ਠੇਕੇਦਾਰ ਗੁਰਵਿੰਦਰ ਸਿੰਘ, ਵਿਜੇ ਬਜਾਜ, ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮ ਅਤੇ ਸੰਗਤਾਂ ਹਾਜ਼ਰ ਸਨ।