ਸ਼੍ਰੋਮਣੀ ਅਕਾਲੀ ਦਲ ਨੇ 'ਆਪ' ਸਰਕਾਰ ਨੂੰ ਪੇਂਡੂ ਡਿਸਪੈਂਸਰੀਆਂ ਦੇ ਮੁੱਦੇ 'ਤੇ ਘੇਰਿਆ

By  Pardeep Singh January 31st 2023 07:22 PM

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਪ੍ਰਧਾਨ ਅਰਦਸ਼ਦੀਪ ਸਿੰਘ ਕਲੇਰ ਨੇ ਅੱਜ ਸੂਬੇ ਦੀਆਂ ਸਾਰੀਆਂ ਪੇਂਡੂ ਡਿਸਪੈਂਸਰੀਆਂ ਬੰਦ ਕਰਨ ਵਾਸਤੇ ਨੋਟੀਫਿਕੇਸ਼ਨ ਜਾਰੀ ਕਰਨ ਅਤੇ ਡਾਕਟਰਾਂ ਤੇ ਸਾਰੇ ਸਟਾਫ ਨੂੰ ਆਮ ਆਦਮੀ ਕਲੀਨਿਕਾਂ ਵਿਚ ਤਬਦੀਲ ਕਰਨ ’ਤੇ ਆਮ ਆਦਮੀ ਪਾਰਟੀ ਸਰਕਾਰ ਦੀ ਨਿਖੇਧੀ ਕੀਤੀ।

ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਪ੍ਰਧਾਨ ਨੇ ਕਿਹਾ ਕਿ ਇਸ ਫੈਸਲੇ ਨਾਲ ਨਾ ਸਿਰਫ ਪੇਂਡੂ ਖੇਤਰਾਂ ਵਿਚ ਸਿਹਤ ਦਾ ਬੁਨਿਆਦੀ ਢਾਂਚਾ ਤਬਾਹ ਹੋਵੇਗਾ ਜੋ ਦਹਾਕਿਆਂ ਤੋਂ ਬਹੁਤ ਮੁਸ਼ਕਿਲਾਂ ਨਾਲ ਤਬਾਹ ਕੀਤਾ ਗਿਆ ਹੈ ਬਲਕਿ ਇਸ ਨਾਲ ਪੇਂਡੂ ਲੋਕ ਸਿਹਤ ਸਹੂਲਤਾਂ ਤੋਂ ਵਾਂਝੇ ਹੋ ਜਾਣਗੇ ਜੋ ਪਹਿਲਾਂ ਉਹਨਾਂ ਦੇ ਦਰਾਂ ’ਤੇ ਮਿਲਦੀਆਂ ਸਨ।

ਅਰਸ਼ਦੀਪ ਸਿੰਘ ਕਲੇਕਰ ਨੇ ਮੁੱਖ ਮੰਤਰੀ  ਭਗਵੰਤ ਮਾਨ ’ਤੇ ਅੰਮ੍ਰਿਤਸਰ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪੰਜ ਪਿਆਰਿਆਂ ਦੇ ਨਾਂ ’ਤੇ ਬਣੇ ਸੈਟੇਲਾਈਟ ਸੈਂਟਰਾਂ ਦੇ ਨਾਂ ਬਦਲਣ ਵਾਸਤੇ ਅਰਵਿੰਦ ਕੇਜਰੀਵਾਲ ਦੀ ਸਾਜ਼ਿਸ਼ ਦਾ ਹਿੱਸਾ ਬਣਨ ਦੀ ਵੀ ਨਿਖੇਧੀ ਕੀਤੀ ਅਤੇ ਕਿਹਾ ਕਿ ਮੁੱਖ ਮੰਤਰੀ ਨੇ ਇਹਨਾਂ ਸੈਟੇਲਾਈਟ ਕੇਂਦਰਾਂ ਵਿਚ ਆਪਣੀ ਤਸਵੀਰ ਲੱਗਵਾ ਕੇ ਸਿੱਖ ਭਾਵਨਾਵਾਂ ਨੂੰ ਡੂੰਘੀ ਸੱਟ ਮਾਰੀ ਹੈ। ਉਹਨਾਂ ਕਿਹਾ ਕਿ ਇਸੇ ਵਿਅਕਤੀ ਨੇ ਆਪਣੇ ਆਪ ਨੂੰ ਆਪਣੀਆਂ ਤਸਵੀਰਾਂ ਲਗਵਾਉਣ ਦੀ ਰਾਜਨੀਤੀ ਦੇ ਵਿਰੋਧ ਵਿਚ ਪੇਸ਼ ਕੀਤਾ ਸੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਇੰਨੇ ਹੇਠਾਂ ਡਿੱਗ ਗਏ ਹਨ ਕਿ ਉਹਨਾਂ ਇਸ ਸਾਲ ਸੂਬਾ ਸਰਕਾਰਦੇ  ਕੈਲੰਡਰ ਵਿਚੋਂ ਸ੍ਰੀ ਦਰਬਾਰ ਸਾਹਿਬ ਦੀਆਂ ਤਸਵੀਰਾਂ ਹਟਵਾ ਕੇ ਆਪਣੀਆਂ ਤਸਵੀਰਾਂ ਲੱਗਵਾ ਲਈਆਂ ਹਨ।

ਲੀਗਲ ਵਿੰਗ ਦੇ ਪ੍ਰਧਾਨ ਨੇ ਨੌਜਵਾਨਾਂ ਨੂੰ ਸੂਬੇ ਦੀ ਵਿਲੱਖਣ ਵਿਰਾਸਤ ਨੂੰ ਤਬਾਹ ਕਰਨ ਦੇ ਆਪ ਦੇ ਕਦਮਾਂ ਦਾ ਜ਼ੋਰਦਾਰ ਵਿਰੋਧ ਕਰਨ ਦਾ ਸੱਦਾ ਦਿੰਦਿਆਂ ਮੰਗ ਕੀਤੀ ਕਿ ਮੁੱਖ ਮੰਤਰੀ ਪੰਜ ਪਿਆਰਿਆਂ ਦੀ ਯਾਦ ਦੇ ਅਪਮਾਨ ਵਾਸਤੇ ਮੁਆਫੀ ਮੰਗਣ।ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਆਪ ਸਰਕਾਰ ਨੇ 10 ਕਰੋੜ ਰੁਪਏ ਦੀ ਲਾਗਤ ਨਾਲਬਣਾਏ  ਆਮ ਆਦਮੀ ਕਲੀਨਿਕਾਂ ਦੇ ਪ੍ਰਚਾਰ ਵਾਸਤੇ  30 ਕਰੋੜ ਰੁਪਏ ਬਰਬਾਦ ਕਰਨ ਦੀ ਯੋਜਨਾ ਬਣਾਈ ਸੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਦਾਅਵਾ ਕਰ ਰਹੇ ਹਨ ਕਿ 10 ਲੱਖ ਲੋਕਾਂ ਨੇ ਮੁਹੱਲਾ ਕਲੀਨਿਕਾਂ ਦਾ ਲਾਭ ਲਿਆ ਹੈ। ਉਹਨਾਂ ਕਿਹਾ ਕਿ ਜੇਕਰਅਜਿਹਾ  ਹੈ ਤਾਂ ਫਿਰ ਸਰਕਾਰ ਨੂੰ ਇਸ ਪਹਿਲਕਦਮੀ ਦੇ ਪ੍ਰਚਾਰ ’ਤੇ 30 ਕਰੋੜ ਰੁਪਏ ਖਰਚ ਕਰਨ ਦੀ ਜ਼ਰੂਰਤ ਕਿਉਂ ਹੈ।

ਉਹਨਾਂ ਮੰਗ ਕੀਤੀ ਕਿ ਸਾਰੀ ਸਕੀਮ ਦੀ ਨਵੇਂ ਸਿਰੇ ਤੋਂ ਸਮੀਖਿਆ ਕੀਤੀ ਜਾਵੇ ਅਤੇ ਕਿਹਾ ਕਿ ਦਿੱਲੀ ਵਿਚ ਮੁਹੱਲਾ ਕਲੀਨਿਕ ਪਹਿਲਾਂ ਹੀ ਫੇਲ੍ਹ ਹੋ ਚੁੱਕੇ ਹਨ। ਉਹਨਾਂ ਕਿਹਾ ਕਿ ਪੰਜਾਬ ਵਿਚ ਇਸ ਮਾਡਲ ਦੀ ਪੇਸ਼ਕਾਰੀ ਵਾਸਤੇ ਜਨਤਕ ਫੰਡਾਂ ਦੀ ਦੁਰਵਰਤੋਂ ਨਹੀਂ ਹੋਣੀ ਚਾਹੀਦੀ। ਉਹਨਾਂ ਨੇ ਸਰਕਾਰ ਵੱਲੋਂ ਡਾਕਟਰਾਂ ਨੂੰ ਰੁਝੇਵਿਆਂ ਵਾਲੇ ਹਸਪਤਾਲਾਂ ਤੋਂ ਆਮ ਆਦਮੀ ਕਲੀਨਿਕਾਂ ਵਿਚ ਤਬਦੀਲ ਕਰਨ ਦੀ ਵੀ ਨਿਖੇਧੀ ਕੀਤੀ।

 ਕਲੇਰ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰ‌ਿਆਣਾ ਸਰਕਾਰ ਵੱਲੋਂ ਵੀ ਵੀ ਆਈ ਪੀ ਸਹੂਲਤ ਦੇਣ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾਕਿ  ਇਹ ਤਾਂ ਹੀ ਸੰਭਵ ਹੈ ਜੇਕਰ ਇਸਦਾ ਸਿਆਸੀ ਲਾਭ ਹੋਵੇ। ਉਹਨਾਂ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਦਾ ਓ ਐਸ ਡੀ ਅਤੇ ਸੀਨੀਅਰ ਐਮ ਪੀ ਰਾਮ ਰਹੀਮ ਨੂੰ ਸੂਬਾ ਪੱਧਰੀ ਸਰਕਾਰੀ ਸਮਾਗਮਾਂ ਦਾ ਵੀ ਸੱਦਾ ਦੇ ਰਿਹਾ ਹੈ।

ਲੀਗਲ ਵਿੰਗ ਦੇ ਪ੍ਰਧਾਨ ਨੇ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਪਾਰਟੀ ਭਾਜਪਾ ਦੀ ਬੀ ਟੀਮ ਵਜੋਂ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਹਰਿਆਣਾ ਸਰਕਾਰ ਨੇ ਰਾਮ ਰਹੀਮ ਨੂੰ ਵਾਰ ਵਾਰ ਪੈਰੋਲ ’ਤੇ ਰਿਹਾਅ ਕੀਤਾ ਹੈ ਤੇ ਪੰਜਾਬ ਵਿਚ ਆਮ ਆਦਮੀ ਪਾਰਟੀ ਸਰਕਾਰ ਉਸਦੇ ਸਤਿਸੰਗਤ ਕਰਵਾਉਣ ਵਿਚ ਮਦਦ ਕਰ ਰਹੀ ਹੈ।

Related Post