SGPC Election: ਸ਼੍ਰੋਮਣੀ ਅਕਾਲੀ ਦਲ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਐਲਾਨਿਆ ਉਮੀਦਵਾਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਤੋਂ ਉਮੀਦਵਾਰ ਐਲਾਨਿਆ ਹੈ।
SGPC Election: ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਅਤੇ ਸਿੱਖ ਪਾਰਲੀਮੈਂਟ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਦੁਪਹਿਰ 1 ਵਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਲਾਨਾ ਜਰਨਲ ਹਾਊਸ ਵਿਚ ਅਹੁਦੇਦਾਰਾਂ ਦੀ 8 ਨਵੰਬਰ ਨੂੰ ਚੋਣ ਕੀਤੀ ਜਾਵੇਗੀ। ਇਸਦੇ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ।
ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਤੋਂ ਉਮੀਦਵਾਰ ਐਲਾਨਿਆ ਹੈ। ਦੱਸ ਦਈਏ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੌਜੂਦਾ ਐੱਸਜੀਪੀਸੀ ਦੇ ਪ੍ਰਧਾਨ ਹਨ।
ਉਮੀਦਵਾਰ ਦਾ ਐਲਾਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਨੇ ਟਵੀਟ (ਐਕਸ) ’ਤੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਲਕੇ ਹੋਣ ਜਾ ਰਹੀ ਸਲਾਨਾ ਚੋਣ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਐਲਾਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਮੇਰੀ ਪਾਰਟੀ ਦੇ ਐਸ.ਜੀ.ਪੀ.ਸੀ. ਦੇ ਸਾਰੇ ਮੈਂਬਰਾਂ ਨੇ ਉਹਨਾਂ ਨਾਲ ਮੇਰੀਆਂ ਵਨ ਟੂ ਵਨ ਮੀਟਿੰਗਾਂ ਵਿੱਚ ਉਹਨਾਂ ਦੇ ਕੰਮਕਾਜ ਵਿੱਚ ਪੂਰਾ ਭਰੋਸਾ ਪ੍ਰਗਟਾਇਆ ਹੈ। ਇਸ ਲਈ ਉਹ ਮੌਜੂਦਾ ਚੋਣਾਂ ਲਈ ਸਾਡੀ ਪਸੰਦ ਬਣੇ ਰਹਿਣਗੇ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਟਵੀਟ (ਐਕਸ) ’ਤੇ ਕਿਹਾ ਕਿ ਕਰਤਾ ਪੁਰਖ ਅਤੇ ਗੁਰੂ ਸਾਹਿਬ ਦੇ ਆਸ਼ੀਰਵਾਦ ਨਾਲ ਮੈਨੂੰ ਇੱਕ ਵਾਰ ਫਿਰ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨਗੀ ਪਦ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਉਮੀਦਵਾਰ ਵਜੋਂ ਚੁਣਿਆ ਗਿਆ ਹੈ। ਮੈਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਪਾਰਟੀ ਦੇ ਅਹੁਦੇਦਾਰਾਂ ਅਤੇ ਸ਼੍ਰੋਮਣੀ ਕਮੇਟੀ ਦੇ ਸਮੂਹ ਸਾਥੀ ਮੈਂਬਰਾਂ ਦਾ ਹਾਰਦਿਕ ਤੌਰ 'ਤੇ ਧੰਨਵਾਦ ਕਰਦਾ ਹਾਂ। ਗੁਰੂ ਸਾਹਿਬ ਅੰਗ ਸੰਗ ਸਹਾਈ ਹੋਣ।
ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ (ਐਕਸ) ’ਤੇ ਕਿਹਾ ਕਿ ਮੈਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੀ ਨੂੰ ਇਸ ਅਹੁਦੇ ਲਈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਜੋਂ ਨਾਮਜ਼ਦ ਕੀਤੇ ਜਾਣ 'ਤੇ ਸ਼ੁਭਕਾਮਨਾਵਾਂ ਦਿੰਦਾ ਹਾਂ। ਅਸੀਂ ਉਹਨਾਂ ਦੇ ਪਿਛਲੇ ਕਾਰਜਕਾਲ ਵਿੱਚ ਉਹਨਾਂ ਦੀ ਕਾਰਗੁਜ਼ਾਰੀ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਾਂ ਅਤੇ ਗੁਰੂ ਸਾਹਿਬ ਅੱਗੇ ਅਰਦਾਸ ਕਰਦੇ ਹਾਂ ਕਿ ਉਹਨਾਂ ਨੂੰ ਖਾਲਸਾ ਪੰਥ ਦੀ ਇਸ ਵੱਕਾਰੀ ਸੰਸਥਾ ਦੀ ਸੇਵਾ ਕਰਨ ਦਾ ਇੱਕ ਹੋਰ ਮੌਕਾ ਦਿੱਤਾ ਜਾਵੇ।
ਦੱਸਿਆ ਜਾਂਦਾ ਹੈ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪਿਛਲੇ 25 ਸਾਲਾਂ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਹਨ। ਉਨ੍ਹਾਂ ਦੀ ਸਿੱਖ ਮਸਲਿਆਂ 'ਤੇ ਚੰਗੀ ਪੱਕੜ ਹੈ। ਹਰਜਿੰਦਰ ਸਿੰਘ ਧਾਮੀ ਦਾ ਨਿਹੰਗ ਸਿੰਘ ਜਥੇਬੰਦੀਆਂ ਅਤੇ ਕਈ ਹੋਰ ਜਥੇਬੰਦੀਆਂ ਨਾਲ ਵੀ ਚੰਗਾ ਰਾਬਤਾ ਹੈ , ਇਸ ਕਰਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਮੁੜ ਤੋਂ ਸ਼੍ਰੋਮਣੀ ਕਮੇਟੀ ਦੇ ਅਹੁਦੇ ਦਾ ਉਮੀਦਵਾਰ ਐਲਾਨਿਆ ਹੈ।
ਇਹ ਵੀ ਪੜ੍ਹੋ: 'ਆਪ' ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੀ ਵਿਗੜੀ ਸਿਹਤ, PGI 'ਚ ਦਾਖਲ