ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੀ ਵੱਡੀ ਕਾਰਵਾਈ ! ਕਰਨੈਲ ਸਿੰਘ ਪੰਜੋਲੀ ਨੂੰ 6 ਸਾਲ ਲਈ ਪਾਰਟੀ ਚੋਂ ਕੱਢਿਆ

By  Ravinder Singh February 14th 2023 12:55 PM -- Updated: February 14th 2023 01:08 PM

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ ਨੂੰ ਪਾਰਟੀ ਵਿਚੋਂ ਬਾਹਰ ਦਾ ਰਸਤਾ ਵਿਖਾ ਦਿੱਤਾ ਗਿਆ ਹੈ। ਜ਼ਿਲ੍ਹਾ ਜਥੇਬੰਦੀ ਵੱਲੋਂ ਕਰਨੈਲ ਸਿੰਘ ਪੰਜੋਲੀ ਨੂੰ ਪਾਰਟੀ ਵਿਚੋਂ ਬਾਹਰ ਕੱਢਣ ਦਾ ਮਤਾ ਪਾਸ ਕਰਨ ਮਗਰੋਂ ਹਾਈ ਕਮਾਂਡ ਨੇ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ।


ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਵਾਲੀ ਅਨੁਸ਼ਾਸਨੀ ਕਮੇਟੀ ਨੇ ਪੰਜੋਲੀ ਦੀ ਮੁੱਢਲੀ ਮੈਂਬਰਸ਼ਿਪ  6 ਸਾਲ ਲਈ ਖਾਰਿਜ ਕਰ ਦਿੱਤੀ।  ਇਸ ਬਾਰੇ ਜਾਣਕਾਰੀ ਦਿੰਦੇ ਹੋਏ ਅਨੁਸ਼ਾਸ਼ਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਦੱਸਿਆ ਕਿ ਕਰਨੈਲ ਸਿੰਘ ਪੰਜੋਲੀ ਨੂੰ ਕਈ ਵਾਰ ਪਹਿਲਾਂ ਵੀ ਪਾਰਟੀ ਵਿਰੋਧੀ ਕਾਰਵਾਈਆਂ ਕਰਨ ਤੇ ਪਾਰਟੀ ਦਾ ਅਨੁਸ਼ਾਸਨ ਭੰਗ ਕਰਨ ਦਾ ਦੋਸ਼ੀ ਪਾਇਆ ਗਿਆ ਹੈ ਪਰ ਪਾਰਟੀ ਨੇ ਸਹਿਣਸ਼ੀਲਤਾ ਰੱਖਦੇ ਹੋਏ ਉਨ੍ਹਾਂ ਖਿਲਾਫ਼ ਕੋਈ ਕਾਰਵਾਈ ਨਹੀਂ ਕੀਤੀ।

ਹੁਣ ਜਦੋਂ ਕਿ ਉਹ ਅਨੁਸ਼ਾਸ਼ਨਹੀਣਤਾ ਦੀਆਂ ਸਾਰੀਆਂ ਹੱਦਾਂ ਟੱਪ ਚੁੱਕੇ ਹਨ ਤਾਂ ਮਜਬੂਰ ਹੋ ਕੇ ਪਾਰਟੀ ਨੂੰ ਸਖਤ ਕਦਮ ਚੁੱਕਣਾ ਪਿਆ ਹੈ। ਉਨ੍ਹਾਂ ਦੱਸਿਆ ਕਿ ਪੰਜੋਲੀ ਦੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ ਪਾਰਟੀ ਦੀ ਅਨੁਸ਼ਾਸ਼ਨੀ ਕਮੇਟੀ ਦੀ ਇਕ ਹੰਗਾਮੀ ਮੀਟਿੰਗ ਕੱਲ੍ਹ 13 ਫਰਵਰੀ ਨੂੰ ਸ਼ਾਮ ਨੂੰ ਕੀਤੀ ਗਈ ਜਿਸ 'ਚ ਸਰਬਸੰਮਤੀ ਨਾਲ ਇਹ ਫੈਸਲਾ ਕੀਤਾ ਗਿਆ ਕਿ ਪੰਜੋਲੀ ਦੀਆਂ ਪਾਰਟੀ ਵਿਰੋਧੀ ਸਰਗਰਮੀਆਂ ਤੇ ਅਨੁਸ਼ਾਸਨਹੀਣਤਾ ਹੁਣ ਨਾ ਕਾਬਲੇ ਬਰਦਾਸ਼ਤ ਹੈ।

ਇਸ ਲਈ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾਉਂਦੇ ਹੋਏ 6 ਸਾਲ ਵਾਸਤੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕੀਤਾ ਗਿਆ। ਮਲੂਕਾ ਨੇ ਇਹ ਵੀ ਕਿਹਾ ਕਿ ਇਸ ਤਰਾਂ ਦੀ ਅਨੁਸ਼ਾਸਨਹੀਣਤਾ ਕਦਾਚਿਤ ਬਰਦਾਸ਼ਤ ਨਹੀ ਕੀਤੀ ਜਾਵੇਗੀ ਭਾਵੇਂ ਕਿ ਕਰਨ ਵਾਲਾ ਆਗੂ ਕਿੰਨਾ ਵੀ ਵੱਡਾ ਕਿਉਂ ਨਾ ਹੋਵੇ। ਕਾਬਿਲੇਗੌਰ ਹੈ ਕਿ ਪੰਜੋਲੀ ਉਤੇ ਪਾਰਟੀ ਵਿਰੋਧੀ ਸਰਗਰਮੀਆਂ ਦੇ ਦੋਸ਼ ਲੱਗੇ ਸਨ। ਇਸ ਤੋਂ ਪਹਿਲਾਂ ਜ਼ਿਲ੍ਹਾ ਜਥੇਬੰਦੀ ਨੇ ਪੰਜੋਲੀ ਨੂੰ ਪਾਰਟੀ ਵਿਚ ਬਾਹਰ ਕੱਢਣ ਲਈ ਮਤਾ ਪਾਸ ਕਰਕੇ ਹਾਈ ਕਮਾਂਡ ਨੂੰ ਭੇਜਿਆ ਸੀ।

ਇਹ ਵੀ ਪੜ੍ਹੋ : ਹਰਿਆਣਾ-ਪੰਜਾਬ 'ਚ ਮੌਸਮ ਨੇ ਮੁੜ ਲਈ ਕਰਵਟ, ਠੰਢੀਆਂ ਹਵਾਵਾਂ ਨੇ ਛੇੜੀ ਕੰਬਣੀ

ਜਾਣਕਾਰੀ ਅਨੁਸਾਰ ਜ਼ਿਲ੍ਹਾ ਜਥੇਬੰਦੀ ਦੀ ਮੀਟਿੰਗ 'ਚ ਸਾਬਕਾ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਚੀਮਾ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਐਡਵੋਕੇਟ ਅਮਰਦੀਪ ਸਿੰਘ ਧਾਰਨੀ, ਸਰਬਜੀਤ ਸਿੰਘ ਝਿੰਜਰ, ਮਨਮੋਹਨ ਸਿੰਘ ਮਕਾਰੋਪੁਰ, ਸ਼ਰਨਜੀਤ ਸਿੰਘ ਚਨਾਰਥਲ,  ਸੀਨੀਅਰ ਲੀਡਰਸ਼ਿਪ ਨੇ ਸਰਬ ਸੰਮਤੀ ਨਾਲ ਮਤਾ ਪਾਸ ਕੀਤਾ। ਸ਼੍ਰੋਮਣੀ ਕਮੇਟੀ ਮੈਂਬਰ ਵੱਲੋਂ ਪਾਰਟੀ ਪ੍ਰਧਾਨ ਨੂੰ ਅਪਸ਼ਬਦ ਬੋਲਣ ਉਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੇ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੂੰ ਕਾਰਵਾਈ ਲਈ ਪੱਤਰ ਵੀ ਲਿਖਿਆ ਸੀ।

Related Post