SAD Women Wing : ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੇ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨੇ ਨਵੇਂ ਸਾਲ ਦਾ ਕੈਲੰਡਰ ਕੀਤਾ ਜਾਰੀ

Shiromani Akali Dal Womens Wing : ਮੀਟਿੰਗ ਦੀ ਅਗਵਾਈ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨੇ ਕੀਤੀ, ਜਿੱਥੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਸ਼੍ਰੀ ਮੁਕਤਸਰ ਸਾਹਿਬ ਦੇ ਵਰਕਰਾਂ ਅਤੇ ਹੈਲਪਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।

By  KRISHAN KUMAR SHARMA January 7th 2026 06:36 PM -- Updated: January 7th 2026 06:38 PM

Shiromani Akali Dal Womens Wing : ਸ਼੍ਰੀ ਮੁਕਤਸਰ ਸਾਹਿਬ ਦੇ ਭਾਈ ਮਹਾ ਸਿੰਘ ਹਾਲ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਇਸਤਰੀ ਵਿੰਗ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਅਗਵਾਈ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨੇ ਕੀਤੀ, ਜਿੱਥੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਸ਼੍ਰੀ ਮੁਕਤਸਰ ਸਾਹਿਬ ਦੇ ਵਰਕਰਾਂ ਅਤੇ ਹੈਲਪਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।

ਮੀਟਿੰਗ ਦੌਰਾਨ ਦੱਸਿਆ ਗਿਆ ਕਿ 2026 ਦੀ ਜਥੇਬੰਦੀ ਮੈਂਬਰਸ਼ਿਪ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ, ਜਿਸਦਾ ਮਕਸਦ ਹਰ ਆਂਗਣਵਾੜੀ ਵਰਕਰ ਅਤੇ ਹੈਲਪਰ ਨੂੰ ਜਥੇਬੰਦੀ ਨਾਲ ਜੋੜਨਾ ਹੈ, ਤਾਂ ਜੋ ਕੋਈ ਵੀ ਵਰਕਰ ਜਥੇਬੰਦੀ ਤੋਂ ਪਾਸੇ ਨਾ ਰਹਿ ਜਾਵੇ। ਇਸਦੇ ਨਾਲ ਹੀ ਜਥੇਬੰਦੀ ਦਾ ਨਵਾਂ ਕੈਲੰਡਰ ਵੀ ਜਾਰੀ ਕੀਤਾ ਗਿਆ ਅਤੇ ਆਂਗਣਵਾੜੀ ਵਰਕਰਾਂ ਦੀਆਂ ਲੰਬੇ ਸਮੇਂ ਤੋਂ ਲਟਕੀਆਂ ਮੰਗਾਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

ਮੀਡੀਆ ਨਾਲ ਗੱਲਬਾਤ ਕਰਦਿਆਂ ਬੀਬੀ ਹਰਗੋਬਿੰਦ ਕੌਰ ਨੇ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ‘ਤੇ ਗੰਭੀਰ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਵੱਲੋਂ ਆਂਗਣਵਾੜੀ ਵਰਕਰਾਂ, ਹੈਲਪਰਾਂ, ਆਸ਼ਾ ਵਰਕਰਾਂ ਅਤੇ ਮਿਡ-ਡੇ ਮੀਲ ਵਰਕਰਾਂ ਦਾ ਮਾਣ-ਭੱਤਾ ਦੁੱਗਣਾ ਕਰਨ ਦੇ ਵਾਅਦੇ ਕੀਤੇ ਗਏ ਸਨ, ਪਰ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਇਹ ਵਾਅਦੇ ਪੂਰੇ ਨਹੀਂ ਕੀਤੇ ਗਏ। ਉਨ੍ਹਾਂ ਨੇ ਮੰਗ ਕੀਤੀ ਗਈ ਕਿ ਪ੍ਰਾਈਵੇਟ ਕੰਪਨੀਆਂ ਤੋਂ ਰਾਸ਼ਨ ਲੈਣਾ ਬੰਦ ਕਰਕੇ ਸਰਕਾਰੀ ਪ੍ਰਣਾਲੀ ਬਹਾਲ ਕੀਤੀ ਜਾਵੇ। ਇਸਦੇ ਨਾਲ ਹੀ ਉਨ੍ਹਾਂ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਦੀ ਗਿਣਤੀ ਘਟਣ ‘ਤੇ ਵੀ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਤਿੰਨ ਤੋਂ ਛੇ ਸਾਲ ਦੀ ਉਮਰ ਦੇ ਬੱਚਿਆਂ ਨੂੰ ਸਕੂਲਾਂ ਦੀ ਥਾਂ ਆਂਗਣਵਾੜੀ ਕੇਂਦਰਾਂ ਵਿੱਚ ਹੀ ਰੱਖਿਆ ਜਾਣਾ ਚਾਹੀਦਾ ਹੈ ਅਤੇ ਆਂਗਣਵਾੜੀ ਵਰਕਰਾਂ ਨੂੰ ਪ੍ਰੀ-ਨਰਸਰੀ ਅਧਿਆਪਕ ਦਾ ਦਰਜਾ ਮਿਲਣਾ ਚਾਹੀਦਾ ਹੈ।

ਬੀਬੀ ਹਰਗੋਬਿੰਦ ਕੌਰ ਨੇ ਸਾਫ਼ ਕੀਤਾ ਕਿ ਜਥੇਬੰਦੀ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰੇਗੀ ਅਤੇ ਜੇ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਸਮੇਂ ਵਿੱਚ ਤਿੱਖਾ ਐਜੀਟੇਸ਼ਨ ਕੀਤਾ ਜਾਵੇਗਾ।

ਸ਼੍ਰੀ ਮੁਕਤਸਰ ਸਾਹਿਬ ਤੋਂ ਬੂਟਾ ਸਿੰਘ ਦੀ ਰਿਪੋਰਟ ।

Related Post