PTC News
Search

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਸ਼੍ਰੋਮਣੀ ਕਮੇਟੀ ਮੈਂਬਰ ਜਸਵੰਤ ਸਿੰਘ ਪੁੜੈਣ, ਸਪਸ਼ਟੀਕਰਨ ਦਿੱਤਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ 10 ਦਿਨਾਂ ਦੇ ਅੰਦਰ ਨਿੱਜੀ ਰੂਪ ਵਿੱਚ ਪੇਸ਼ ਹੋ ਕੇ ਆਪਣਾ ਸਪਸ਼ਟੀਕਰਨ ਦੇਣ ਲਿਆ ਕਿਹਾ ਗਿਆ ਸੀ।

By  Amritpal Singh October 7th 2026 06:21 PM

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 15 ਜੂਨ  ਨੂੰ “ਗੁਰੂ ਦੋਖੀ ਤੇ ਖ਼ਾਲਸਾ ਪੰਥ ਵਿਰੋਧੀ” ਐਲਾਨੇ ਗਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੂੰ ਬੀਤੇ ਦਿਨੀਂ ਮਿਲਣ ਵਾਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਸਵੰਤ ਸਿੰਘ ਪੁੜੈਣ ਨੇ ਅੱਜ ਸ੍ਰੀ ਅਕਾਲ ਤਖ਼ਤ ਵਿਖੇ ਆਪਣਾ ਸਪਸ਼ਟੀਕਰਨ ਸੌਂਪਿਆ ਹੈ ਅਤੇ ਖਿਮਾ ਯਾਚਨਾ ਕੀਤੀ ਹੈ।

ਇਸ ਸਬੰਧੀ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ 10 ਦਿਨਾਂ ਦੇ ਅੰਦਰ ਨਿੱਜੀ ਰੂਪ ਵਿੱਚ ਪੇਸ਼ ਹੋ ਕੇ ਆਪਣਾ ਸਪਸ਼ਟੀਕਰਨ ਦੇਣ ਲਿਆ ਕਿਹਾ ਗਿਆ ਸੀ। ਇਨ੍ਹਾਂ ਉੱਤੇ ਸ਼੍ਰੋਮਣੀ ਕਮੇਟੀ ਦੀਆਂ ਇਕੱਤਰਤਾਵਾਂ ਵਿੱਚ ਹਿੱਸਾ ਲੈਣ ਦੀ ਪਾਬੰਦੀ ਵੀ ਲਗਾਈ ਗਈ ਸੀ।

ਅੱਜ ਇਸ ਸਬੰਧ ਵਿੱਚ ਜਸਵੰਤ ਸਿੰਘ ਪੁੜੈਣ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ ਅਤੇ ਉਨ੍ਹਾਂ ਨੇ ਆਪਣਾ ਸਪਸ਼ਟੀਕਰਨ ਤੇ ਖਿਮਾ ਜਾਚਨਾ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸੌਂਪੀ। ਉਨਾਂ ਨੇ ਜਥੇਦਾਰ ਕੋਲ ਇਹ ਗੱਲ ਮੰਨੀ ਹੈ ਕਿ ਉਨ੍ਹਾਂ ਨੇ “ਗੁਰੂ ਦੋਖੀ ਤੇ ਖ਼ਾਲਸਾ ਪੰਥ ਵਿਰੋਧੀ” ਮੁੱਖ ਮੰਤਰੀ ਭਗਵੰਤ ਸਿੰਘ ਨੂੰ ਮਿਲ ਕੇ ਵੱਡੀ ਗਲਤੀ ਕੀਤੀ ਹੈ, ਜਿਸ ਦਾ ਉਨ੍ਹਾਂ ਨੂੰ ਅਹਿਸਾਸ ਹੈ।

ਸ੍ਰੀ ਪੁੜੈਣ ਨੇ ਕਿਹਾ ਕਿ ਮੁਲਾਕਾਤ ਪਿੱਛੇ ਉਨ੍ਹਾਂ ਦੀ ਕੋਈ ਗਲਤ ਭਾਵਨਾ ਨਹੀਂ ਸੀ, ਉਨ੍ਹਾਂ ਦੀ ਭਾਵਨਾ ਪੰਥ ਪ੍ਰਸਤੀ ਵਾਲੀ ਸੀ। ਉਨ੍ਹਾਂ ਇਸ ਭੁੱਲ ਲਈ ਖਿਮਾ ਜਾਚਨਾ ਕਰਦਿਆਂ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜੋ ਵੀ ਫ਼ੈਸਲਾ ਹੋਵੇਗਾ ਉਸ ਨੂੰ ਉਹ ਪ੍ਰਵਾਨ ਕਰਨਗੇ। ਉਨਾ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਇਹ ਹੋਈ ਅਵੱਗਿਆ ਲਈ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਨਖ਼ਾਹ ਲੱਗੇ ਤਾਂ ਜੋ ਉਹ ਸੁਰਖ਼ਰੂ ਹੋ ਕੇ ਵਿਚਰ ਸਕਣ ਤੇ ਉਨ੍ਹਾਂ ਦੇ ਮਨ ਉੱਤੇ ਕੋਈ ਬੋਝ ਨਾ ਰਹੇ।

ਸਕੱਤਰੇਤ ਦੇ ਇੰਚਾਰਜ  ਬਗੀਚਾ ਸਿੰਘ ਨੇ ਕਿਹਾ ਕਿ ਜਸਵੰਤ ਸਿੰਘ ਪੁੜੈਣ ਵੱਲੋਂ ਦਿੱਤਾ ਗਈ ਸਪਸ਼ਟੀਕਰਨ ਤੇ ਕੀਤੀ ਗਈ ਖਿਮਾ ਜਾਚਨਾ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਵਿਚਾਰ ਕੇ ਸਿੰਘ ਸਾਹਿਬਾਨ ਵੱਲੋਂ ਫ਼ੈਸਲਾ ਕੀਤਾ ਜਾਵੇਗਾ।

ਉਨ੍ਹਾਂ ਤੋਂ ਪਹਿਲਾਂ ਬਾਬਾ ਲੱਖਾ ਸਿੰਘ ਨਾਨਕਸਰ ਜਗਰਾਉਂ ਵਾਲਿਆਂ ਨੇ ਵੀ ਆਪਣੀ ਗਲਤੀ ਦਾ ਅਹਿਸਾਸ ਕਰਦਿਆਂ ਸ੍ਰੀ ਅਕਾਲ ਤਖ਼ਤ ਵਿਖੇ ਆਪਣਾ ਖਿਮਾ ਯਾਚਨਾ ਪੱਤਰ ਸੌਂਪਿਆ ਸੀ।

Related Post