PTC News
Search
🔍 Search

ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿਚ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਪੁੱਜਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਪੁੱਜਾ।

By  Amritpal Singh November 22nd 2026 06:37 PM

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਪੁੱਜਾ। ਇਸ ਮੌਕੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਪੰਜਾਬ ਸਰਕਾਰ ਦੇ ਮੰਤਰੀ  ਰਮੇਸ਼ ਸਿੰਘ ਅਰੋੜਾ, ਓਕਾਫ ਬੋਰਡ ਦੇ ਚੇਅਰਮੈਨ ਕਮਰ-ਉਜ਼-ਜ਼ਮਾਨ ਅਤੇ ਓਕਾਫ ਬੋਰਡ ਦੇ ਸਕੱਤਰ ਨਾਸਿਰ ਮੁਸਤਾਕ ਨੇ ਸਿੱਖ ਜਥੇ ਦਾ ਸੁਆਗਤ ਕੀਤਾ।

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੋਂ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋਇਆ ਸੀ।

ਜਥੇ ਨਾਲ ਪਾਰਟੀ ਲੀਡਰ ਵਜੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਬੀਬੀ ਪਰਮਿੰਦਰ ਕੌਰ, ਗਏ ਹਨ ਜਦਕਿ ਜਥੇ ਨਾਲ ਅੰਤ੍ਰਿੰਗ ਮੈਂਬਰ  ਰਵਿੰਦਰ ਸਿੰਘ ਖ਼ਾਲਸਾ, ਮੈਂਬਰ ਗੁਰਨਾਮ ਸਿੰਘ ਜੱਸਲ, ਬੀਬੀ ਗੁਰਿੰਦਰ ਕੌਰ ਭੋਲੂਵਾਲਾ ਅਤੇ ਜਨਰਲ ਪ੍ਰਬੰਧਕ ਵਜੋਂ ਲਖਬੀਰ ਸਿੰਘ ਚੀਫ਼-85 ਸ਼ਾਮਲ ਹਨ।


ਜਥੇ ਦੀ ਰਵਾਨਗੀ ਦੀ ਅਰਦਾਸ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਕੀਤੀ ਗਈ, ਜਿਸ ਮਗਰੋਂ ਓਐਸਡੀ  ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਸਮੇਤ ਹੋਰ ਅਧਿਕਾਰੀਆਂ ਨੇ ਜਥੇ ਦੇ ਆਗੂਆਂ ਅਤੇ ਸ਼ਰਧਾਲੂਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ।


ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਹਰ ਗੁਰੂ ਨਾਨਕ ਨਾਮ ਲੇਵਾ ਸਿੱਖ ਦੀ ਰੋਜ਼ਾਨਾ ਅਰਦਾਸ ਵਿੱਚ ਸ੍ਰੀ ਨਨਕਾਣਾ ਸਾਹਿਬ ਸਮੇਤ ਉਨ੍ਹਾਂ ਇਤਿਹਾਸਕ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ-ਦੀਦਾਰ ਅਤੇ ਸੇਵਾ-ਸੰਭਾਲ ਦੀ ਤਾਂਘ ਸ਼ਾਮਲ ਹੈ, ਜਿਨ੍ਹਾਂ ਤੋਂ ਸਿੱਖ ਕੌਮ ਵਿਛੜੀ ਹੋਈ ਹੈ। ਇਹ ਅਰਦਾਸ ਸਿੱਖ ਸੰਗਤ ਦੇ ਦਿਲਾਂ ਵਿੱਚ ਇਨ੍ਹਾਂ ਪਵਿੱਤਰ ਅਸਥਾਨਾਂ ਪ੍ਰਤੀ ਅਥਾਹ ਸ਼ਰਧਾ ਅਤੇ ਪਿਆਰ ਦੀ ਗਵਾਹੀ ਭਰਦੀ ਹੈ।


ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਕਿਰਪਾ ਨਾਲ ਪੂਰੇ ਖਿੱਤੇ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣੀ ਰਹੇ ਅਤੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਵੀ ਜਲਦ ਖੁੱਲ੍ਹੇ ਇਹ ਕੌਮ ਦੀ ਅਰਦਾਸ ਹੈ। ਉਨ੍ਹਾਂ ਕਿਹਾ ਕਿ ਚੜ੍ਹਦੇ ਅਤੇ ਲਹਿੰਦੇ ਪੰਜਾਬ ਦੀ ਸਾਂਝ ਪੰਜਾਬੀ ਮਾਂ-ਬੋਲੀ, ਸੱਭਿਆਚਾਰ ਅਤੇ ਆਪਸੀ ਮੁਹੱਬਤ ਨਾਲ ਜੁੜੀ ਹੋਈ ਹੈ।

ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਵਿੱਚ ਪਾਸ ਕੀਤੇ ਗਏ ਮਤੇ ਦਾ ਜਿਕਰ ਕਰਦਿਆਂ ਕਿਹਾ ਕਿ ਸੰਗਤਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰਾਂ ਨੂੰ ਜਥਿਆਂ ਦੀ ਗਿਣਤੀ ਵਿੱਚ ਵਾਧਾ ਕਰਨਾ ਚਾਹੀਦਾ ਹੈ ਤਾਂ ਜੋ ਵੱਧ ਤੋਂ ਵੱਧ ਸੰਗਤਾਂ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰ ਸਕਣ। ਉਨ੍ਹਾਂ ਮੌਜੂਦਾ ਜਥਿਆਂ ਵਿਚ ਵੀ ਸ਼ਰਧਾਲੂਆਂ ਦੇ ਵੀਜ਼ਿਆਂ ਦੀ ਗਿਣਤੀ ਵਧਾਉਣ ਲਈ ਆਖਿਆ।


ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖਾਂ ਲਈ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਜਾਣ ਵਾਸਤੇ ਮੌਕੇ ਤੇ ਵੀਜੇ ਦੀ ਸਹੂਲਤ ਦਾ ਪ੍ਰਬੰਧ ਹੋਣਾ ਚਾਹੀਦਾ ਹੈ ਤਾਂ ਜੋਂ ਸੰਗਤਾਂ ਆਪਣੀ ਸ਼ਰਧਾ ਨੂੰ ਪੂਰਾ ਕਰ ਸਕਣ।


ਉਨ੍ਹਾਂ ਕਰਤਾਰਪੁਰ ਸਾਹਿਬ ਦਾ ਲਾਂਘਾ ਵੀ ਤੁਰੰਤ ਖੋਲ੍ਹਣ ਲਈ ਆਖਿਆ ਅਤੇ ਗੁਰੂ ਸਾਹਿਬ ਅੱਗੇ ਜਥੇ ਦੀ ਸੁਖਦ ਯਾਤਰਾ, ਤੇ ਸਮੁੱਚੇ ਖਿੱਤੇ ਦੀ ਚੜ੍ਹਦੀ ਕਲਾ ਲਈ ਅਰਦਾਸ ਵੀ ਕੀਤੀ।


ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ’ਤੇ ਗੁਰਪੁਰਬ ਸਮਾਗਮਾਂ ਵਿਚ ਸ਼ਮੂਲੀਅਤ ਕਰਨੀ ਸਿੱਖ ਸ਼ਰਧਾਲੂਆਂ ਲਈ ਵੱਡੇ ਭਾਗਾਂ ਵਾਲੀ ਗੱਲ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਸਿੱਖ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਦਾ ਧਿਆਨ ਰੱਖਦਿਆਂ ਪ੍ਰਕ੍ਰਿਆ ਨੂੰ ਸੁਖਾਲੀ ਬਣਾਇਆ ਜਾਵੇ, ਤਾਂ ਜੋ ਹਰ ਸਿੱਖ ਦੇ ਮਨ ਵਿਚ ਤਾਂਘ ਪੂਰੀ ਹੋ ਸਕੇ। ਉਨ੍ਹਾਂ ਦੱਸਿਆ ਕਿ ਇਸ ਵਾਰ 1822 ਸ਼ਰਧਾਲੂਆਂ ਨੂੰ ਪਾਕਿਸਤਾਨ ਹਾਈ ਕਮਿਸ਼ਨ ਵੱਲੋਂ ਵੀਜ਼ੇ ਦਿੱਤੇ ਗਏ ਹਨ। ਇਹ ਜਥਾ ਅੱਜ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਜਾਵੇਗਾ, ਜਿਥੇ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਮੂਲੀਅਤ ਕਰੇਗਾ। ਇਸੇ ਤਰ੍ਹਾਂ ਜਥੇ ਦੇ ਸ਼ਰਧਾਲੂ ਗੁਰਦੁਆਰਾ ਸੱਚਾ ਸੌਦਾ ਫਾਰੂਕਾਬਾਦ, ਸ੍ਰੀ ਪੰਜਾ ਸਾਹਿਬ ਹਸਨ ਅਬਦਾਲ, ਗੁਰਦੁਆਰਾ ਕਰਤਾਰਪੁਰ ਸਾਹਿਬ ਨਾਰੋਵਾਲ, ਗੁਰਦੁਆਰਾ ਸ੍ਰੀ ਰੋੜੀ ਸਾਹਿਬ ਐਮਨਾਬਾਦ ਅਤੇ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਸਮੇਤ ਵੱਖ ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਕੇ 1 ਦਸੰਬਰ ਨੂੰ ਭਾਰਤ ਵਾਪਸ ਪਰਤਣਗੇ।

Related Post