Nanakshahi Calendar : ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਨਾਨਕਸ਼ਾਹੀ ਸੰਮਤ 557 (ਸੰਨ 2025-26) ਦਾ ਕੈਲੰਡਰ ਕੀਤਾ ਜਾਰੀ
Nanakshahi Calendar release : ਇਸ ਵਾਰ ਦਾ ਨਾਨਕਸ਼ਾਹੀ ਕੈਲੰਡਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾ-ਗੱਦੀ ਦਿਵਸ, ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਉਨ੍ਹਾਂ ਦੇ ਅਨਿਨ ਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤਾ ਗਿਆ ਹੈ।

Giani Raghbir Singh News : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿਚ ਨਾਨਕਸ਼ਾਹੀ ਸੰਮਤ 557 (ਸੰਨ 2025-26) ਦਾ ਕੈਲੰਡਰ ਜਾਰੀ ਕੀਤਾ। ਇਸ ਵਾਰ ਦਾ ਨਾਨਕਸ਼ਾਹੀ ਕੈਲੰਡਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾ-ਗੱਦੀ ਦਿਵਸ, ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਉਨ੍ਹਾਂ ਦੇ ਅਨਿਨ ਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤਾ ਗਿਆ ਹੈ।
ਕੈਲੰਡਰ ਜਾਰੀ ਕਰਨ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਿੱਖ ਜਗਤ ਨੂੰ ਅਪੀਲ ਕੀਤੀ ਕਿ ਉਹ ਗੁਰਪੁਰਬ ਅਤੇ ਹੋਰ ਇਤਿਹਾਸਕ ਦਿਹਾੜੇ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਉਣ। ਉਨ੍ਹਾਂ ਕਿਹਾ ਕਿ ਹਰ ਕੌਮ ਦਾ ਆਪਣਾ ਕੈਲੰਡਰ ਹੁੰਦਾ ਹੈ, ਜਿਸ ਅਨੁਸਾਰ ਕੌਮਾਂ ਆਪਣੇ ਧਰਮ ਇਤਿਹਾਸ ਦੇ ਦਿਹਾੜੇ ਮਨਾਉਂਦੀਆਂ ਹਨ। ਸਿੱਖ ਕੌਮ ਨੂੰ ਮਾਣ ਹੈ ਕਿ ਇਸ ਦੀ ਮੌਲਿਕਤਾ ਅਤੇ ਵਿਲੱਖਣਤਾ ਨੂੰ ਦਰਸਾਉਂਦਾ ਆਪਣਾ ਕੈਲੰਡਰ ਹੈ। ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਸਿੱਖ ਜਗਤ ਨੂੰ ਨਾਨਕਸ਼ਾਹੀ ਕੈਲੰਡਰ ਹਰ ਗੁਰੂ-ਘਰ ਅਤੇ ਆਪੋ-ਆਪਣੇ ਘਰਾਂ ਵਿਚ ਲਗਾਉਣ ਦੀ ਅਪੀਲ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਨਾਨਕਸ਼ਾਹੀ ਸੰਮਤ ਅਨੁਸਾਰ ਸਾਲ ਦੀ ਸ਼ੁਰੂਆਤ ਚੇਤ ਮਹੀਨੇ ਤੋਂ ਹੁੰਦੀ ਹੈ। ਉਨ੍ਹਾਂ ਨੇ ਆਉਣ ਵਾਲੇ ਨਾਨਕਸ਼ਾਹੀ ਸੰਮਤ 557 ਦੀ ਸਿੱਖ ਜਗਤ ਨੂੰ ਵਧਾਈ ਦਿੱਤੀ ਅਤੇ ਇਸ ਵਰ੍ਹੇ ਮਨਾਈਆਂ ਜਾਣ ਵਾਲੀਆਂ ਸ਼ਤਾਬਦੀਆਂ ਬਾਰੇ ਵੀ ਚਾਨਣਾ ਪਾਇਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਸ. ਸੁਰਜੀਤ ਸਿੰਘ ਭਿੱਟੇਵੱਡ, ਧਰਮ ਪ੍ਰਚਾਰ ਕਮੇਟੀ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂੰ ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਧਰਮ ਪ੍ਰਚਾਰ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸੁਪਰਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਗੁਰਮੀਤ ਸਿੰਘ ਮੁਕਤਸਰੀ, ਸ. ਰਾਜਵਿੰਦਰ ਸਿੰਘ ਜੋਗਾ, ਸ. ਜਸਪਾਲ ਸਿੰਘ ਢੱਡੇ, ਸ. ਗੁਰਵੇਲ ਸਿੰਘ ਆਦਿ ਵੀ ਹਾਜ਼ਰ ਸਨ।