Punjab News : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪੰਜਾਬ ਭਾਸ਼ਾ ਵਿਭਾਗ ਦੇ ਡਾਇਰੈਕਟਰ ਨੂੰ 1 ਸਤੰਬਰ ਨੂੰ ਕੀਤਾ ਤਲਬ

Punjab News : ਪੰਜਾਬ ਸਰਕਾਰ ਵੱਲੋਂ ਸ੍ਰੀਨਗਰ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸਬੰਧੀ ਕਰਵਾਏ ਗਏ ਸਮਾਗਮ ਵਿੱਚ ਮਰਿਆਦਾ ਦੀ ਉਲੰਘਣਾ ਮਾਮਲੇ ਵਿੱਚ ਪੰਜਾਬ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ 1 ਸਤੰਬਰ ਨੂੰ ਸਵੇਰੇ 10 ਵਜੇ ਆਪਣਾ ਪੱਖ ਰੱਖਣ ਲਈ ਸਕੱਤਰੇਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਿੱਜੀ ਰੂਪ ’ਚ ਪੇਸ਼ ਹੋਣ ਲਈ ਤਲਬ ਕੀਤਾ ਗਿਆ ਹੈ।

By  Shanker Badra August 30th 2025 04:14 PM

 Punjab News : ਪੰਜਾਬ ਸਰਕਾਰ ਵੱਲੋਂ ਸ੍ਰੀਨਗਰ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸਬੰਧੀ ਕਰਵਾਏ ਗਏ ਸਮਾਗਮ ਵਿੱਚ ਮਰਿਆਦਾ ਦੀ ਉਲੰਘਣਾ ਮਾਮਲੇ ਵਿੱਚ ਪੰਜਾਬ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ 1 ਸਤੰਬਰ ਨੂੰ ਸਵੇਰੇ 10 ਵਜੇ ਆਪਣਾ ਪੱਖ ਰੱਖਣ ਲਈ ਸਕੱਤਰੇਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਿੱਜੀ ਰੂਪ ’ਚ ਪੇਸ਼ ਹੋਣ ਲਈ ਤਲਬ ਕੀਤਾ ਗਿਆ ਹੈ। 

ਇਸ ਸਬੰਧੀ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵੱਲੋਂ ਇੱਕ ਪੱਤਰ ਅੱਜ ਡਾਇਰੈਕਟਰ ਭਾਸ਼ਾ ਵਿਭਾਗ ਨੂੰ ਭੇਜਿਆ ਗਿਆ ਹੈ। ਇਹ ਪੱਤਰ ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਵੱਲੋਂ ਭੇਜਿਆ ਗਿਆ ਹੈ, ਜਿਸ ਵਿੱਚ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਨੂੰ ਅਕਾਲ ਤਖ਼ਤ ਦੇ ਜਥੇਦਾਰ ਦੇ ਆਦੇਸ਼ ਬਾਰੇ ਜਾਣੂ ਕਰਾਇਆ ਗਿਆ ਹੈ।

ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸ੍ਰੀ ਅਕਾਲ ਤਖਤ ਤੋਂ ਤਨਖਾਹ ਲਾਈ ਜਾ ਚੁੱਕੀ ਹੈ ਅਤੇ ਉਹ ਆਪਣੀ ਤਨਖਾਹ ਪੂਰੀ ਕਰਨ ਮਗਰੋਂ ਖਿਮਾ ਯਾਚਨਾ ਦੀ ਅਰਦਾਸ ਕਰਵਾ ਚੁੱਕੇ ਹਨ। ਇਸ ਮਾਮਲੇ ਵਿੱਚ ਗਾਇਕ ਬੀਰ ਸਿੰਘ ਵੀ ਖਿਮਾ ਯਾਚਨਾ ਦੀ ਅਪੀਲ ਕਰ ਚੁੱਕੇ ਹਨ। ਇਸੇ ਸਮਾਗਮ ਦੀ ਵਾਇਰਲ ਹੋਈ ਇੱਕ ਵੀਡੀਓ ਵਿੱਚ ਸਟੇਜ ਉੱਪਰ ਕੁਝ ਲੋਕ ਨੱਚਦੇ ਦਿਖਾਈ ਦੇ ਰਹੇ ਹਨ ਅਤੇ ਉੱਥੇ ਉਨ੍ਹਾਂ ਨਾਲ ਪੰਜਾਬੀ ਗਾਇਕ ਬੀਰ ਸਿੰਘ ਵੀ ਦਿਖਾਈ ਦਿੰਦੇ ਸਨ।

ਦੱਸ ਦੇਈਏ ਕਿ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਵੱਲੋਂ 24 ਜੁਲਾਈ ਨੂੰ ਜੰਮੂ ਕਸ਼ਮੀਰ ਦੇ ਸ੍ਰੀਨਗਰ ਸਥਿਤ ਟੈਗੋਰ ਹਾਲ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇੱਕ ਪ੍ਰੋਗਰਾਮ ਕਰਵਾਇਆ ਗਿਆ ਸੀ। ਇਸ ਦੌਰਾਨ ਗੁਰੂ ਸਾਹਿਬ ਦੀ ਸ਼ਹਾਦਤ ਅਤੇ ਗੁਰੂ ਸਾਹਿਬ ਦੀ ਵਿਚਾਰਧਾਰਾ ਤੇ ਫਲਸਫੇ ਖ਼ਿਲਾਫ਼ ਪ੍ਰੋਗਰਾਮ ਵਿੱਚ ਨਾਚ ਗਾਣਾ ਅਤੇ ਮਨੋਰੰਜਨ ਕੀਤਾ ਗਿਆ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਵੱਡੀ ਸੱਟ ਵੱਜੀ ਸੀ। 

ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਿਕਾਇਤਾਂ ਪੁੱਜੀਆਂ ਸਨ। ਇਸੇ ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਕੋਲੋਂ ਸਪੱਸ਼ਟੀਕਰਨ ਮੰਗਿਆ ਗਿਆ ਸੀ। ਇਸ ਦੌਰਾਨ ਉਹ ਵਿਦੇਸ਼ ਚਲੇ ਗਏ ਸਨ ਅਤੇ ਹੁਣ ਪਰਤੇ ਹਨ। ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵੱਲੋਂ ਪੱਤਰ ਭੇਜ ਕੇ ਇੱਕ ਸਤੰਬਰ ਨੂੰ ਸਵੇਰੇ 10 ਵਜੇ ਨਿੱਜੀ ਰੂਪ ਵਿੱਚ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਪੁੱਜ ਕੇ ਆਪਣਾ ਪੱਖ ਰੱਖਣ ਦੇ ਆਦੇਸ਼ ਦਿੱਤੇ ਗਏ ਹਨ।

Related Post