PTC News
Search

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵੱਲੋਂ ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਆਖਰੀ ਦੋ ਦਿਨਾਂ ’ਚ ਸੰਭਾਵਿਤ ਖਲਲ ਦੀ ਚੇਤਾਵਨੀ

ਉਨ੍ਹਾਂ ਕਿਹਾ ਕਿ ਇਹ ਜਾਣਕਾਰੀ ਮਿਲੀ ਹੈ ਕਿ ਸਰਕਾਰੀ ਸ਼ਹਿ ਉੱਤੇ ਕੁਝ ਸ਼ਰਾਰਤੀ ਲੋਕ ਅਗਲੇ ਦੋ ਦਿਨਾਂ ਵਿਚ ਮੀਰੀ ਪੀਰੀ ਖ਼ਾਲਸਾ ਮਾਰਚ ਵਿੱਚ ਖਲਲ ਪਾ ਸਕਦੇ ਹਨ ਤਾਂ ਜੋ ਮਾਰਚ ਬਾਰੇ ਸੰਗਤ ਵਿੱਚ ਮਾੜਾ ਪ੍ਰਭਾਵ ਪਾਇਆ ਜਾ ਸਕੇ

By  Amritpal Singh September 24th 2026 10:30 AM

ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤੀਜੇ ਪੜਾਅ ਤਹਿਤ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਇੱਕ ਜ਼ਰੂਰੀ ਬਿਆਨ ਜਾਰੀ ਕਰਦਿਆਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਧਿਕਾਰੀਆਂ ਨੂੰ ਭਰੋਸੇਯੋਗ ਜਾਣਕਾਰੀ ਪ੍ਰਾਪਤ ਹੋਈ ਹੈ ਕਿ ਹੁਣ ਜਦੋਂ ਖ਼ਾਲਸਾ ਮਾਰਚ ਆਖਰੀ ਦੋ ਦਿਨਾਂ ਵਿੱਚ ਸੰਪੂਰਨਤਾ ਵੱਲ ਵਧ ਰਿਹਾ ਹੈ ਤਾਂ ਇਸ ਦੌਰਾਨ ਕੁਝ ਸ਼ਰਾਰਤੀ ਵਿਅਕਤੀਆਂ ਵੱਲੋਂ ਸ਼ਰਾਰਤ ਕਰਕੇ ਖਲਲ ਪਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮੀਰੀ ਪੀਰੀ ਖ਼ਾਲਸਾ ਮਾਰਚ 25 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਫ਼ਤਲਾਪੂਰਵਕ ਕਾਰਜ ਕਰਦਿਆਂ ਸੰਪੂਰਨ ਹੋ ਰਿਹਾ ਹੈ।

ਬਗੀਚਾ ਸਿੰਘ ਨੇ ਕਿਹਾ ਕਿ ਪਹਿਲੇ, ਦੂਜੇ ਅਤੇ ਤੀਜੇ ਪੜਾਅ ਦੌਰਾਨ ਮੀਰੀ ਪੀਰੀ ਖ਼ਾਲਸਾ ਮਾਰਚ ਦੌਰਾਨ ਪੰਜਾਬ ਦੇ ਸੈਂਕੜੇ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਸਿੱਖ ਸੰਗਤਾਂ ਵਿਚਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਸਮੇਤ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਤੇ ਪ੍ਰਚਾਰਕ ਜਥਿਆਂ ਵੱਲੋਂ ਸਿੱਖੀ ਪ੍ਰਚਾਰ ਪ੍ਰਸਾਰ ਸਫ਼ਲਤਾਪੂਰਵਕ ਕੀਤਾ ਜਾ ਚੁੱਕਾ ਹੈ। ਇਸ ਦੌਰਾਨ ਹਜ਼ਾਰਾਂ ਸਿੱਖ ਨੌਜਵਾਨਾਂ ਨੇ ਸਾਬਤ ਸੂਰਤ ਸਿੱਖ ਪਛਾਣ ਕਾਇਮ ਕਰਨ ਅਤੇ ਨਸ਼ਿਆਂ ਨੂੰ ਤਿਆਗਣ ਦੇ ਪ੍ਰਣ ਕੀਤੇ ਹਨ।

ਉਨ੍ਹਾਂ ਕਿਹਾ ਕਿ ਇਹ ਜਾਣਕਾਰੀ ਮਿਲੀ ਹੈ ਕਿ ਸਰਕਾਰੀ ਸ਼ਹਿ ਉੱਤੇ ਕੁਝ ਸ਼ਰਾਰਤੀ ਲੋਕ ਅਗਲੇ ਦੋ ਦਿਨਾਂ ਵਿਚ ਮੀਰੀ ਪੀਰੀ ਖ਼ਾਲਸਾ ਮਾਰਚ ਵਿੱਚ ਖਲਲ ਪਾ ਸਕਦੇ ਹਨ ਤਾਂ ਜੋ ਮਾਰਚ ਬਾਰੇ ਸੰਗਤ ਵਿੱਚ ਮਾੜਾ ਪ੍ਰਭਾਵ ਪਾਇਆ ਜਾ ਸਕੇ, ਪਰੰਤੂ ਇਸ ਸਾਜ਼ਸ਼ ਨੂੰ ਸਫਲ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਖ਼ਤ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਆਖਰੀ ਦੋ ਦਿਨਾਂ ਵਿੱਚ ਕੋਈ ਸ਼ਰਾਰਤੀ ਵਿਅਕਤੀ ਮਾਰਚ ਵਿੱਚ ਖਲਲ ਪਾਉਂਦਾ ਹੈ ਅਤੇ ਸਿੱਖ ਸੰਗਤ ਵੱਲੋਂ ਉਸ ਦਾ ਵਿਰੋਧ ਕੀਤਾ ਜਾਂਦਾ ਹੈ ਤਾਂ ਹੋਣ ਵਾਲੀ ਘਟਨਾ ਦੀ ਸਮੁੱਚੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਬੰਧਤ ਪ੍ਰਸ਼ਾਸਨ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਸਿੱਖੀ ਪ੍ਰਚਾਰ ਪ੍ਰਸਾਰ ਵਿੱਚ ਕਿਸੇ ਤਰ੍ਹਾਂ ਦਾ ਵੀ ਖਲਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਨਾ ਹੀ ਸ਼ਰਾਰਤੀ ਲੋਕਾਂ ਦੀਆਂ ਸਿੱਖ-ਵਿਰੋਧੀ ਸਾਜ਼ਸ਼ਾ ਕਾਮਯਾਬ ਹੋਣ ਦਿੱਤੀਆਂ ਜਾਣਗੀਆਂ।

ਬਗੀਚਾ ਸਿੰਘ ਨੇ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ਼ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਉਹ ਆਪਣੇ ਵੱਲੋਂ ਮੀਰੀ ਪੀਰੀ ਖ਼ਾਲਸਾ ਮਾਰਚ ਦੇ ਪੜਾਵਾਂ ਤੇ ਰੂਟਾਂ ਉੱਤੇ ਪੁਖਤਾ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਅਤੇ ਕਿਸੇ ਤਰ੍ਹਾਂ ਦੇ ਵੀ ਸ਼ਰਾਰਤੀ ਵਿਅਕਤੀ ਨੂੰ ਖਲਲ ਪਾਉਣ ਤੋਂ ਪਹਿਲਾਂ ਹੀ ਰੋਕਿਆ ਜਾਵੇ।

Related Post