Amritsar News : ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੈਰ ਸਪਾਟਾ ਮੰਤਰੀ ਤਰੁਣਪ੍ਰੀਤ ਸਿੰਘ ਸੋਂਦ ਅਤੇ ਵਿਭਾਗ ਦੇ ਡਾਇਰੈਕਟਰ ਤੋਂ ਮੰਗਿਆ ਗਿਆ ਸਪੱਸ਼ਟੀਕਰਨ

Amritsar News : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਪੰਜਾਬ ਸਰਕਾਰ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਣਪ੍ਰੀਤ ਸਿੰਘ ਸੋਂਦ ਤੇ ਇਸ ਵਿਭਾਗ ਦੇ ਡਾਇਰੈਕਟਰ ਪਾਸੋਂ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਯਾਦਗਾਰ, ਸ੍ਰੀ ਅਨੰਦਪੁਰ ਸਾਹਿਬ ਵਿਖੇ ਸਿੱਖ ਸਿਧਾਂਤਾਂ, ਪ੍ਰੰਪਰਾਵਾਂ ਤੇ ਮਰਿਆਦਾ ਵਿਰੁੱਧ ਪੇਸ਼ਕਾਰੀ ਕਰਨ ਲਈ ਸਪੱਸ਼ਟੀਕਰਨ ਮੰਗਿਆ ਗਿਆ ਹੈ

By  Shanker Badra November 18th 2025 05:03 PM -- Updated: November 18th 2025 05:10 PM

Amritsar News : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਪੰਜਾਬ ਸਰਕਾਰ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਣਪ੍ਰੀਤ ਸਿੰਘ ਸੋਂਦ ਤੇ ਇਸ ਵਿਭਾਗ ਦੇ ਡਾਇਰੈਕਟਰ ਪਾਸੋਂ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਯਾਦਗਾਰ, ਸ੍ਰੀ ਅਨੰਦਪੁਰ ਸਾਹਿਬ ਵਿਖੇ ਸਿੱਖ ਸਿਧਾਂਤਾਂ, ਪ੍ਰੰਪਰਾਵਾਂ ਤੇ ਮਰਿਆਦਾ ਵਿਰੁੱਧ ਪੇਸ਼ਕਾਰੀ ਕਰਨ ਲਈ ਸਪੱਸ਼ਟੀਕਰਨ ਮੰਗਿਆ ਗਿਆ ਹੈ।

ਸ੍ਰੀ ਅਕਾਲ ਤਖਤ ਸਕੱਤਰੇਤ ਵਲੋਂ ਜਾਰੀ ਪੱਤਰ ਅਨੁਸਾਰ ਪੰਜਾਬ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੋਂਦ ਨੂੰ ਆਪਣਾ ਸਪੱਸ਼ਟੀਕਰਨ ਇਕ ਹਫ਼ਤੇ ਦੇ ਅੰਦਰ-ਅੰਦਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਰੂਪ 'ਚ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਆਖਿਆ ਗਿਆ ਹੈ ਜਦਕਿ ਵਿਭਾਗ ਦੇ ਡਾਇਰੈਕਟਰ ਲਿਖਤੀ ਰੂਪ ਵਿਚ ਸਪਸ਼ਟੀਕਰਨ ਭੇਜਣਗੇ।

ਸ੍ਰੀ ਅਕਾਲ ਤਖਤ ਸਕੱਤਰੇਤ ਵਲੋਂ ਜਾਰੀ ਪੱਤਰ ਅਨੁਸਾਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੀਆਂ ਸ਼ਿਕਾਇਤਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਸ੍ਰੀ ਅੰਮ੍ਰਿਤਸਰ ਵੱਲੋਂ ਜਾਰੀ ਕੀਤੇ ਬਿਆਨ ਤੋਂ ਇਹ ਸਾਹਮਣੇ ਆਇਆ ਹੈ ਕਿ ਬੀਤੇ ਸਮੇਂ ਸੈਰ ਸਪਾਟਾ ਤੇ ਸੱਭਿਆਚਾਰਕ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਯਾਦਗਾਰ ਵਿਚ ਬਣਾਈਆਂ ਗਈਆਂ ਤਸਵੀਰਾਂ ਵਿਚ ਸਿੱਖ ਸਿਧਾਂਤਾਂ, ਮਰਯਾਦਾ, ਪਰੰਪਰਾਵਾਂ ਤੇ ਸਿੱਖ ਭਾਵਨਾਵਾਂ ਦੇ ਵਿਰੁੱਧ ਪੇਸ਼ਕਾਰੀ ਕੀਤੀ ਗਈ ਹੈ।

ਇਨ੍ਹਾਂ ਵਿਚੋਂ ਇੱਕ ਤਸਵੀਰ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਜੋੜੇ ਪਾ ਕੇ ਪੰਜ ਪਿਆਰੇ ਸਾਹਿਬਾਨਾਂ ਨੂੰ ਅੰਮ੍ਰਿਤਪਾਨ ਕਰਵਾਉਂਦੇ ਹੋਏ ਦਿਖਾਇਆ ਗਿਆ ਹੈ, ਅੰਮ੍ਰਿਤ ਛਕ ਰਹੇ ਸਿੰਘ ਨੂੰ ਵੀ ਮਰਯਾਦਾ ਅਨੁਸਾਰ “ਬੀਰ ਆਸਣ ਵਿਚ ਨਹੀਂ ਦਿਖਾਇਆ ਗਿਆ, ਜੋ ਕਿ ਅੰਮ੍ਰਿਤ ਸੰਚਾਰ ਦੀ ਮਰਯਾਦਾ ਦੇ ਉਲਟ ਹੈ। ਇਸ ਦੇ ਨਾਲ ਹੀ ਇਸ ਤਸਵੀਰ ਵਿਚ ਅੰਮ੍ਰਿਤ ਦੇ ਬਾਟੇ ਤੇ ਖੰਡੇ ਦੀ ਦਿਖ ਵੀ ਸਿੱਖੀ ਰਵਾਇਤ ਵਾਲੀ ਨਹੀਂ, ਬਣਾਈਆਂ ਗਈਆਂ ਦੋ ਪਾਲਕੀਆਂ ਤੋਂ ਕੀ ਭਾਵ ਹੈ ਅਤੇ ਤਸਵੀਰ ਵਿਚ ਬਣਾਇਆ ਗਿਆ ਨਿਸ਼ਾਨ (ਝੰਡਾ) ਵੀ ਸਿੱਖੀ ਰਵਾਇਤਾਂ ਅਨੁਸਾਰ ਨਹੀਂ ਹੈ।

ਉਕਤ ਦੇ ਮੱਦੇਨਜ਼ਰ ਸਤਿਕਾਰਯੋਗ ਸਿੰਘ ਸਾਹਿਬ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਆਪ ਨੂੰ ਲਿਖਿਆ ਜਾਂਦਾ ਹੈ ਕਿ ਇਸ ਮਾਮਲੇ ਵਿਚ ਇੱਕ ਹਫ਼ਤੇ ਦੇ ਅੰਦਰ-ਅੰਦਰ ਆਪਣਾ ਲਿਖਤੀ ਸਪੱਸ਼ਟੀਕਰਨ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਰੂਪ ਵਿਚ ਪੇਸ਼ ਹੋ ਕੇ ਦਿੱਤਾ ਜਾਵੇ ਕਿ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਯਾਦਗਾਰ, ਸ੍ਰੀ ਅਨੰਦਪੁਰ ਸਾਹਿਬ ਵਿਖੇ ਸਿੱਖੀ ਸਿਧਾਂਤਾਂ, ਮਰਯਾਦਾ ਅਤੇ ਪਰੰਪਰਾਵਾਂ ਦੇ ਵਿਰੁੱਧ ਇਤਰਾਜ਼ਯੋਗ ਪੇਸ਼ਕਾਰੀ ਕਿਉਂ ਕੀਤੀ ਗਈ ਹੈ ਅਤੇ ਇਸ ਨੂੰ ਅੰਤਿਮ ਰੂਪ ਦੇਣ ਵਿਚ ਕਿਸ-ਕਿਸ ਦੀ ਸ਼ਮੂਲੀਅਤ ਹੈ।

Related Post