ਦੋ ਲੜਕੀਆਂ ਦਾ ਅਨੰਦ ਕਾਰਜ ਕਰਵਾਉਣ ਵਾਲੀ ਗੁਰਦੁਆਰਾ ਕਮੇਟੀ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਐਕਸ਼ਨ

By  Jasmeet Singh September 23rd 2023 02:07 PM

ਅੰਮ੍ਰਿਤਸਰ: ਬਠਿੰਡਾ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਕੈਨਾਲ ਕਲੋਨੀ, ਮੁਲਤਾਨੀਆ ਰੋਡ ਵਿਖੇ ਪਿਛਲੇ ਦਿਨੀਂ ਦੋ ਲੜਕੀਆਂ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਅਨੰਦ ਕਾਰਜ ਕਰਵਾਉਣ ਦੀ ਘਟਨਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਜੀ ਨੇ ਨੈਤਿਕ ਅਤੇ ਧਾਰਮਿਕ ਤੌਰ ‘ਤੇ ਘੋਰ ਉਲੰਘਣਾ ਕਰਾਰ ਦਿੰਦਿਆਂ ਇਸ ਅਨੰਦ ਕਾਰਜ ਵਿੱਚ ਸ਼ਾਮਲ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਹਰਦੇਵ ਸਿੰਘ, ਗ੍ਰੰਥੀ ਅਜੈਬ ਸਿੰਘ, ਰਾਗੀ ਸਿਕੰਦਰ ਸਿੰਘ, ਤਬਲਾ ਵਾਦਕ ਸਤਨਾਮ ਸਿੰਘ ਅਤੇ ਗੁਰਦੁਆਰਾ ਕਮੇਟੀ ਦੇ ਸਾਰੇ ਕੰਮਕਾਜਾਂ ‘ਤੇ ਤੁਰੰਤ ਰੋਕ ਦਾ ਆਦੇਸ਼ ਦਿੱਤਾ ਹੈ।

ਸਿੰਘ ਸਾਹਿਬ ਜੀ ਨੇ ਕਿਹਾ ਕਿ ਦੋ ਲੜਕੀਆਂ ਦਾ ਵਿਆਹ ਸਿੱਖ ਰਹਿਤ ਮਰਿਆਦਾ ਦੇ ਉਲਟ ਤਾਂ ਹੈ ਹੀ ਬਲਕਿ ਗੈਰ-ਕੁਦਰਤੀ ਵੀ ਹੈ। ਉਨ੍ਹਾਂ ਨੇ ਸੰਸਾਰ ਭਰ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਗ੍ਰੰਥੀ, ਰਾਗੀ ਅਤੇ ਪ੍ਰਚਾਰਕਾਂ ਨੂੰ ਇਸ ਉਲਟ ਰੁਝਾਨ ਨੂੰ ਧਿਆਨ ਵਿੱਚ ਰੱਖਦਿਆਂ ਸੁਚੇਤ ਰਹਿਣ ਦਾ ਆਦੇਸ਼ ਵੀ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੰਸਾਰ ਭਰ ਵਿੱਚ ਸਿੱਖਾਂ ਨੂੰ ਆਪਣੇ ਸਾਰੇ ਕਾਰਜ ਸਿੱਖ ਰਹਿਤ ਮਰਿਆਦਾ ਦੇ ਅਨੁਸਾਰ ਹੀ ਕਰਨੇ ਚਾਹੀਦੇ ਹਨ। 

ਸਿੰਘ ਸਾਹਿਬ ਜੀ ਨੇ ਬਠਿੰਡਾ ਵਿੱਚ 18 ਸਤੰਬਰ 2023 ਨੂੰ ਦੋ ਲੜਕੀਆਂ ਦੁਆਰਾ ਆਪਸ ਵਿੱਚ ਅਨੰਦ ਕਾਰਜ ਕਰਵਾਉਣ ਦੀ ਸਾਰੀ ਘਟਨਾ ਬਾਰੇ ਇੱਕ ਧਾਰਮਿਕ ਸਬ-ਕਮੇਟੀ ਬਣਾ ਕੇ ਜਲਦ ਤੋਂ ਜਲਦ ਇਸ ਮਾਮਲੇ ਦਾ ਨਿਪਟਾਰਾ ਕਰਨ ਲਈ ਵੀ ਕਿਹਾ ਹੈ।

Related Post