Amritsar News : ਜੂਨ 1984 ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ’ਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ,6 ਜੂਨ ਨੂੰ ਪਾਏ ਜਾਣਗੇ ਭੋਗ

Amritsar News : ਜੂਨ 1984 ’ਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਬੱਚਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ 6 ਜੂਨ ਨੂੰ ਹੋਣ ਵਾਲੇ ਸਾਲਾਨਾ ਸ਼ਹੀਦੀ ਸਮਾਗਮ ਦੇ ਸਬੰਧ ਵਿਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ

By  Shanker Badra June 4th 2025 11:39 AM -- Updated: June 4th 2025 02:53 PM

Amritsar News :  ਜੂਨ 1984 ’ਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਬੱਚਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ 6 ਜੂਨ ਨੂੰ ਹੋਣ ਵਾਲੇ ਸਾਲਾਨਾ ਸ਼ਹੀਦੀ ਸਮਾਗਮ ਦੇ ਸਬੰਧ ਵਿਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ। ਅਰਦਾਸ ਉਪਰੰਤ ਸੰਗਤ ਨੂੰ ਪਾਵਨ ਹੁਕਮਨਾਮਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਸਰਵਣ ਕਰਵਾਇਆ। ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਪ੍ਰਮੁੱਖ ਸਖਸ਼ੀਅਤਾਂ ਮੌਜੂਦ ਸਨ।

ਇਸ ਦੌਰਾਨ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜੂਨ 1984 ’ਚ ਸਮੇਂ ਦੀ ਹਕੂਮਤ ਵੱਲੋਂ ਕੀਤੇ ਗਏ ਕਰੂਰ ਕਾਰੇ ਨੇ ਸਿੱਖ ਕੌਮ ਨੂੰ ਡੂੰਘੇ ਜ਼ਖ਼ਮ ਦਿੱਤੇ ਹਨ, ਜੋ ਕੌਮ ਕਦੇ ਵੀ ਭੁੱਲ ਨਹੀਂ ਸਕਦੀ। ਇਸ ਘੱਲੂਘਾਰੇ ਵਿੱਚ ਜਿਥੇ ਅਨੇਕਾਂ ਸ਼ਹਾਦਤਾਂ ਹੋਈਆਂ, ਉੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਵੀ ਗੋਲੀਆਂ ਲੱਗਣ ਕਾਰਨ ਜ਼ਖਮੀ ਹੋਏ। ਉਨ੍ਹਾਂ ਕਿਹਾ ਕਿ ਘੱਲੂਘਾਰੇ ਦੀ ਯਾਦ ’ਚ ਹਰ ਸਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਕਰਕੇ ਸ਼ਹੀਦਾਂ ਨੂੰ ਸਤਿਕਾਰ ਭੇਟ ਕੀਤਾ ਜਾਂਦਾ ਹੈ। ਐਡਵੋਕੇਟ ਧਾਮੀ ਨੇ ਸੰਗਤ ਨੂੰ ਵੀ ਅਪੀਲ ਕੀਤੀ ਕਿ 6 ਜੂਨ ਨੂੰ ਹੋ ਰਹੇ ਸ਼ਹੀਦੀ ਸਮਾਗਮ ਸਮੇਂ ਮਰਯਾਦਾ ਨੂੰ ਧਿਆਨ ਵਿੱਚ ਰੱਖਦਿਆਂ ਸਮੂਹ ਸ਼ਹੀਦਾਂ ਨੂੰ ਸਤਿਕਾਰ ਭੇਟ ਕਰਨ।

ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਮੈਂਬਰ ਭਾਈ ਮਨਜੀਤ ਸਿੰਘ, ਓਐਸਡੀ ਸਤਬੀਰ ਸਿੰਘ ਧਾਮੀ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ, ਫੈਡਰੇਸ਼ਨ ਆਗੂ ਐਡਵੋਕੇਟ ਜਸਬੀਰ ਸਿੰਘ ਘੁੰਮਣ, ਅੰਮ੍ਰਿਤਪਾਲ ਸਿੰਘ ਕੁਲਾਰ, ਭਾਈ ਕੰਵਰਚੜਤ ਸਿੰਘ, ਵਧੀਕ ਮੈਨੇਜਰ ਜਸਪਾਲ ਸਿੰਘ ਢੱਡੇ, ਮੀਤ ਮੈਨੇਜਰ ਗੁਰਤਿੰਦਰਪਾਲ ਸਿੰਘ ਕਾਦੀਆਂ ਆਦਿ ਹਾਜ਼ਰ ਸਨ।

Related Post