ਸ਼ਰਧਾ ਨਾਲ ਮਨਾਇਆ ਜਾ ਰਿਹਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 356ਵਾਂ ਪ੍ਰਕਾਸ਼ ਪੁਰਬ

ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 356ਵਾਂ ਪ੍ਰਕਾਸ਼ ਪੁਰਬ ਸਮੁੱਚੇ ਭਾਰਤ ਵਿੱਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਵੱਡੀ ਗਿਣਤੀ ’ਚ ਸੰਗਤ ਗੁਰੂ ਘਰਾਂ ’ਚ ਨਤਮਸਤਕ ਹੋ ਰਹੀਆਂ ਹਨ।

By  Aarti December 29th 2022 10:20 AM -- Updated: December 29th 2022 10:22 AM

Guru Gobind Singh Birth Anniversary:  ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 356ਵਾਂ ਸਮੁੱਚੇ ਭਾਰਤ ਵਿੱਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਪ੍ਰਕਾਸ਼ ਦਿਹਾੜੇ ਮੌਕੇ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ’ਚ ਪਵਿੱਤਰ ਜਲੌਅ ਸਜਾਏ ਗਏ ਹਨ। 

ਗੁਰੂ ਘਰਾਂ ’ਚ ਨਤਮਸਤਕ ਸੰਗਤ

ਨਾਲ ਹੀ ਵੱਡੀ ਗਿਣਤੀ ’ਚ ਸੰਗਤ ਗੁਰੂ ਘਰਾਂ ’ਚ ਨਤਮਸਤਕ ਹੋ ਰਹੀਆਂ ਹਨ। ਇਸ ਦੌਰਾਨ ਚੱਲ ਰਹੇ ਸਮਾਗਮਾਂ 'ਚ ਜਿੱਥੇ ਰਾਗੀ ਜਥਿਆਂ ਤੇ ਕਥਾ ਵਾਚਕਾਂ ਵੱਲੋਂ ਗੁਰ ਇਤਿਹਾਸ ਨਾਲ ਸਾਂਝ ਪਾਈ ਜਾ ਰਹੀ ਹੈ। ਉੱਥੇ ਹੀ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ 'ਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚੀਆਂ ਹਨ।

ਪਟਨਾ ਸਾਹਿਬ ਵਿਖੇ ਹੋਇਆ ਸੀ ਜਨਮ

ਖ਼ਾਲਸੇ ਦੀ ਸਥਾਪਨਾ ਕਰਨ ਵਾਲੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਬਿਹਾਰ ਦੇ ਪਟਨਾ ਵਿਖੇ ਮਾਤਾ ਗੁਜਰੀ ਦੀ ਕੁੱਖੋਂ ਹੋਇਆ ਸੀ। ਜਿਸਦੇ ਚੱਲਦੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਆਲੌਕਿਕ ਸਜਾਵਟ ਕੀਤੀ ਗਈ ਹੈ। ਪ੍ਰਕਾਸ਼ ਪੁਰਬ ਮੌਕੇ ਸੰਗਤ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ। ਦੱਸ ਦਈਏ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ  7 ਅਕਤੂਬਰ 1708 ਈ. ਨੂੰ ਨਾਂਦੇੜ ਸਾਹਿਬ (ਮਹਾਰਾਸ਼ਟਰ) ’ਚ ਜੋਤੀ-ਜੋਤ ਸਮਾਏ ਸਨ।

ਖ਼ਾਲਸਾ ਪੰਥ ਦੀ ਸਾਜਨਾ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਹੀ 1699 ਦੀ ਵਿਸਾਖੀ ਮੌਕੇ ਖ਼ਾਲਸਾ ਪੰਥ ਦੀ ਸਾਜਨਾ ਕੀਤੀ ਸੀ। ਉਨ੍ਹਾਂ ਨੇ ਹੀ ਖ਼ਾਲਸਾ ਜੈਕਾਰਾ ‘ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਿਹ’ ਦਿੱਤਾ ਸੀ। ਉਨ੍ਹਾਂ ਨੇ ਸਿੱਖ ਜੀਵਨ ਜਿਊਣ ਲਈ ਪੰਜ ਕਕਾਰ (ਕੇਸ, ਕੜਾ, ਕ੍ਰਿਪਾਨ, ਕੰਘਾ ਤੇ ਕਛਹਿਰਾ) ਦਿੱਤੇ ਸਨ।

ਦੱਸ ਦਈਏ ਕਿ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਿਸ਼ਵ ਦੇ ਧਾਰਮਿਕ ਇਤਿਹਾਸ ਅੰਦਰ ਉਹ ਰਹਿਬਰ ਹਨ, ਜਿਨ੍ਹਾਂ ਨੇ ਆਪਣਾ ਸਰਬੰਸ ਧਰਮ ਤੇ ਮਨੁੱਖੀ ਕਦਰਾਂ-ਕੀਮਤਾਂ ਦੀ ਮਜ਼ਬੂਤੀ ਅਤੇ ਜ਼ੁਲਮ ਦੇ ਖ਼ਾਤਮੇ ਲਈ ਕੁਰਬਾਨ ਕੀਤਾ ਹੈ।

ਦਸਮੇਸ਼ ਪਿਤਾ ਜੀ ਨੇ ਹਰ ਨਸਲ, ਜਾਤ, ਰੰਗ, ਧਰਮ ਦੇ ਲੋਕਾਂ ਨੂੰ ਬਿਨਾਂ ਕਿਸੇ ਭੇਦ-ਭਾਵ ਇਕ ਪ੍ਰਮਾਤਮਾ ਦੀ ਸੰਤਾਨ ਸਮਝਦਿਆਂ ਆਪਣੇ ਗਲ਼ ਨਾਲ ਲਾਇਆ ਅਤੇ ਅਧਿਆਤਮਕ ਉਪਦੇਸ਼ ਦੇ ਕੇ ਉਨ੍ਹਾਂ ਦਾ ਮਾਰਗਦਰਸ਼ਨ ਕੀਤਾ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਦ੍ਰਿੜ੍ਹਤਾ, ਸਬਰ ਤੇ ਸਿਦਕ ਭਰਪੂਰ ਅਦੁੱਤੀ ਜੀਵਨ ਗਾਥਾ ਸਮੁੱਚੀ ਮਨੁੱਖਤਾ ਅੰਦਰ ਹੱਕ-ਸੱਚ ਲਈ ਜੂਝਣ ਦਾ ਜਜ਼ਬਾ ਭਰਨ ਵਾਲੀ ਹੈ।

ਸਿਆਸੀ ਆਗੂਆਂ ਨੇ ਦਿੱਤੀਆਂ ਵਧਾਈਆਂ 

 

ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਸੰਗਤ ਨੂੰ ਵਧਾਈਆਂ ਦਿੰਦੇ ਹੋਏ ਕਿਹਾ ਕਿ ਸਰਬੰਸ ਦਾਨੀ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਦੇਸ਼ ਵਿਦੇਸ਼ ਵਿੱਚ ਵੱਸਦੀ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈਆਂ। ਗੁਰੂ ਸਾਹਿਬ  ਮਿਹਰ ਕਰਨ ਤੇ ਅਸੀਂ ਉਹਨਾਂ ਦੁਆਰਾ ਬਖਸ਼ੇ ਖਾਲਸਾਈ ਜੀਵਨ ਨੂੰ ਜਿਉਂਦੇ ਹੋਏ ਜ਼ਬਰ, ਜ਼ੁਲਮ ਅਤੇ ਅਨਿਆਂ ਖ਼ਿਲਾਫ਼ ਖੜ੍ਹ ਕੇ ਮਜ਼ਲੂਮਾਂ ਦੀ ਧਿਰ ਬਣੀਏ।

ਇਹ ਵੀ ਪੜ੍ਹੋ: ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਯਾਦ 'ਚ ਸਜਾਏ ਗਏ ਨਗਰ ਕੀਰਤਨ 'ਚ ਉਮੜਿਆ ਸੈਲਾਬ

Related Post