Sri Guru Tegh Bahadur ji : 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਤ ਸ਼ਹੀਦੀ ਨਗਰ ਕੀਰਤਨ ਅਗਲੇ ਪੜਾਅ ਜੈਪੁਰ ਰਾਜਿਸਥਾਨ ਲਈ ਰਵਾਨਾ, ਵੇਖੋ ਤਸਵੀਰਾਂ

Sri Guru Tegh Bahadur ji 350 Shaheedi Shtabadi : ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਹਾਜ਼ਰੀ ਭਰੀ ਅਤੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ।

By  KRISHAN KUMAR SHARMA October 19th 2025 03:01 PM -- Updated: October 19th 2025 03:19 PM

Sri Guru Tegh Bahadur ji 350 Shaheedi Shtabadi : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਵੱਖ-ਵੱਖ ਸੂਬਿਆਂ ਤੋਂ ਹੁੰਦਾ ਹੋਇਆ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਜੋਧਪੁਰ ਤੋਂ ਆਪਣੇ ਅਗਲੇ ਪੜਾਅ ਜੈਪੁਰ ਰਾਜਿਸਥਾਨ ਲਈ ਰਵਾਨਾ ਹੋਇਆ।

ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਹਾਜ਼ਰੀ ਭਰੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਸਿੰਘ ਸਾਹਿਬ ਨੇ ਨੌਵੇਂ ਪਾਤਸ਼ਾਹ ਜੀ ਦੀ ਸ਼ਹਾਦਤ ਦੇ ਇਤਿਹਾਸ ਨੂੰ ਸੰਗਤਾਂ ਨਾਲ ਸਾਂਝਾ ਕੀਤਾ ਅਤੇ ਗੁਰਬਾਣੀ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਕੀਤੀ।

ਨਗਰ ਕੀਰਤਨ ਦੀ ਰਵਾਨਗੀ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ। ਨਗਰ ਕੀਰਤਨ ’ਚ ਪੁੱਜੀਆਂ ਸੰਗਤਾਂ ਵਿੱਚ ਵੱਡਾ ਉਤਸ਼ਾਹ ਸੀ ਅਤੇ ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਵੱਲੋਂ ਸ਼ਰਧਾ ਨਾਲ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ’ਤੇ ਫੁੱਲਾਂ ਦੀ ਵਰਖਾ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਸਮੇਰ ਸਿੰਘ ਲਾਛੜੂ, ਜਗਸੀਰ ਸਿੰਘ ਮਾਂਗੇਆਣਾ, ਸੁਰਜੀਤ ਸਿੰਘ ਕੰਗ, ਮੀਤ ਸਕੱਤਰ ਸੁਖਬੀਰ ਸਿੰਘ, ਵਧੀਕ ਮੈਨੇਜਰ ਜਸਬੀਰ ਸਿੰਘ, ਸਿੱਖ ਮਿਸ਼ਨ ਮੱਧ ਪ੍ਰਦੇਸ਼ ਦੇ ਇੰਚਾਰਜ ਬਲਦੇਵ ਸਿੰਘ ਓਗਰਾ, ਰਾਜਿਸਥਾਨ ਸਿੱਖ ਮਿਸ਼ਨ ਦੇ ਇੰਚਾਰਜ ਭਾਈ ਜਰਨੈਲ ਸਿੰਘ, ਦਰਸ਼ਨ ਸਿੰਘ, ਭੁਪਿੰਦਰ ਸਿੰਘ, ਸੁਪਰਵਾਈਜ਼ਰ ਮੋਹਨਦੀਪ ਸਿੰਘ, ਮਿਲਖਾ ਸਿੰਘ, ਹਰਪ੍ਰੀਤ ਸਿੰਘ ਜੰਡਿਆਲਾ, ਮੀਤ ਮੈਨੇਜਰ ਅਮਰਜੀਤ ਸਿੰਘ, ਜਗਦੀਪ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।

Related Post