Gurdwara Sri Bibangarh Sahib : ਇਤਿਹਾਸਿਕ ਗੁ: ਸ੍ਰੀ ਬਿਬਾਨਗੜ੍ਹ ਸਾਹਿਬ ਦੀ ਕਾਰ ਸੇਵਾ ਹੋਈ ਸੰਪੂਰਨ, ਗੁਰੂ ਸਾਹਿਬ ਦੇ ਕੀਤੇ ਗਏ ਪ੍ਰਕਾਸ਼
Gurdwara Sri Bibangarh Sahib :
ਸ੍ਰੀ ਕੀਰਤਪੁਰ ਸਾਹਿਬ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਬਿਬਾਣਗੜ੍ਹ ਸਾਹਿਬ ਦੀ ਕਾਰ ਸੇਵਾ ਜੋ ਕਿ ਬਾਬਾ ਬਚਨ ਸਿੰਘ ਬਾਬਾ ਮਹਿੰਦਰ ਸਿੰਘ ਦਿੱਲੀ ਵਾਲਿਆਂ ਵੱਲੋਂ ਕੀਤੀ ਜਾ ਰਹੀ ਸੀ ਉਸ ਦੇ ਸੰਪੂਰਨ ਹੋਣ ਤੇ ਅੱਜ ਗੁਰਦੁਆਰਾ ਸਾਹਿਬ ਦੇ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਕੀਤੇ ਗਏ। ਇਸ ਮੌਕੇ 'ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਮੌਜੂਦ ਰਹੀਆਂ।
ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਉਹ ਪਵਿੱਤਰ ਅਸਥਾਨ ਹੈ ਜਿਸ ਅਸਥਾਨ ਤੇ ਭਾਈ ਜੈਤਾ ਜੀ ਗੁਰੂ ਤੇਗ ਬਹਾਦਰ ਸਾਹਿਬ ਦਾ ਸੀਸ ਲੈ ਕੇ ਆਏ ਸਨ। ਉਨ੍ਹਾਂ ਦੱਸਿਆ ਕੀ ਇਸ ਅਸਥਾਨ ਦੀ ਸੇਵਾ ਕਾਰ ਸੇਵਾ ਵਾਲੇ ਸੰਤਾਂ ਵੱਲੋਂ ਕੀਤੀ ਜਾ ਰਹੀ ਸੀ ਜੋ ਕਿ ਸੰਪੂਰਨ ਹੋ ਚੁੱਕੀ ਹੈ ਤੇ ਅੱਜ ਅਰਦਾਸ ਉਪਰੰਤ ਗੁਰੂ ਸਾਹਿਬ ਦੇ ਸਰੂਪ ਗੁਰਦੁਆਰਾ ਸਾਹਿਬ ਵਿਖੇ ਸੁਸ਼ੋਭਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸ਼ਹੀਦੀ ਸ਼ਤਾਬਦੀ ਦੇ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਡੇ ਪੱਧਰ ਤੇ ਮਨਾਏ ਜਾ ਰਹੇ ਹਨ ਸੰਗਤ ਇਹਨਾਂ ਸਾਰਾ ਸਮਾਗਮਾਂ ਵਿੱਚ ਵੱਧ ਚੜ ਕੇ ਸ਼ਿਰਕਤ ਕਰੇ।
ਉਹਨਾਂ ਦੱਸਿਆ ਕਿ ਗੁਰਦੁਆਰਾ ਸ੍ਰੀ ਬੀਬਾਨਗੜ੍ਹ ਸਾਹਿਬ ਕੀਰਤਪੁਰ ਸਾਹਿਬ ਵਿਖੇ 28 ਨਵੰਬਰ ਨੂੰ ਦੇਰ ਰਾਤ ਤੱਕ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿੱਚ ਪੰਥ ਪ੍ਰਸਿੱਧ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਅਤੇ ਪੰਥ ਪ੍ਰਸਿੱਧ ਰਾਗੀ ਭਾਈ ਹਰਜਿੰਦਰ ਸਿੰਘ ਸ਼੍ਰੀ ਨਗਰ ਵਾਲੇ ਸੰਗਤਾਂ ਨੂੰ ਗੁਰ ਇਤਿਹਾਸ ਤੇ ਗੁਰਬਾਣੀ ਨਾਲ ਜੋੜਨਗੇ।
ਉਹਨਾਂ ਦੱਸਿਆ ਕਿ 29 ਤਰੀਕ ਨੂੰ ਸਵੇਰੇ ਇਸੇ ਅਸਥਾਨ ਤੋਂ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ ਵਿੱਚ ਸਮੁੱਚੇ ਦਲ ਪੰਥ ਤੇ ਸੰਤ ਮਹਾਂਪੁਰਸ਼ ਸ਼ਾਮਿਲ ਹੋਣਗੇ ਤੇ ਇਹ ਨਗਰ ਕੀਰਤਨ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਪੁੱਜ ਕੇ ਸੰਪੰਨ ਹੋਵੇਗਾ, ਜਿੱਥੇ ਸੀਸ ਸਸਕਾਰ ਦਿਵਸ ਮਨਾਇਆ ਜਾਵੇਗਾ। ਉਹਨਾਂ ਸਮੂਹ ਸੰਗਤ ਨੂੰ ਅਪੀਲ ਕੀਤੀ ਕਿਸ ਸੰਗਤ ਇਹਨਾਂ ਸਾਰੇ ਸਮਾਗਮਾਂ ਵਿੱਚ ਵੱਧ ਚੜ ਕੇ ਸ਼ਿਰਕਤ ਕਰਨ ਤੇ ਇਹਨਾਂ ਇਤਿਹਾਸਿਕ ਪਲਾਂ ਦਾ ਗਵਾਹ ਬਣਨ।