ਪਾਕਿਸਤਾਨ ਤੋਂ ਭਾਰਤ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਫੈਸਲਾਬਾਦ ਹਵਾਈ ਅੱਡੇ ’ਤੇ ਰੋਕਣਾ ਮੰਦਭਾਗਾ- ਐਡਵੋਕੇਟ ਧਾਮੀ

ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਸੀ ਕਿ ਭਾਰਤ ਸਰਕਾਰ ਤੋਂ ਵੀਜ਼ਾ ਪ੍ਰਾਪਤ ਕਰਨ ਵਾਲੇ ਇਨ੍ਹਾਂ ਸਿੱਖ ਸ਼ਰਧਾਲੂਆਂ ਨੂੰ ਵਾਹਗਾ ਸਰਹੱਦ ਰਸਤੇ ਭਾਰਤ ਆਉਣ ਦੀ ਇਜਾਜ਼ਤ ਹੁੰਦੀ।

By  Amritpal Singh September 11th 2026 06:02 PM

ਅੰਮ੍ਰਿਤਸਰ- ਭਾਰਤ ਵਿਚਲੇ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਆ ਰਹੇ ਪਾਕਿਸਤਾਨ ਦੇ 104 ਸਿੱਖ ਸ਼ਰਧਾਲੂਆਂ ਨੂੰ ਫੈਸਲਾਬਾਦ ਹਵਾਈ ਅੱਡੇ ’ਤੇ ਰੋਕੇ ਜਾਣ ’ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਬੇਹੱਦ ਮੰਦਭਾਗਾ ਆਖਿਆ ਹੈ।

ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਸੀ ਕਿ ਭਾਰਤ ਸਰਕਾਰ ਤੋਂ ਵੀਜ਼ਾ ਪ੍ਰਾਪਤ ਕਰਨ ਵਾਲੇ ਇਨ੍ਹਾਂ ਸਿੱਖ ਸ਼ਰਧਾਲੂਆਂ ਨੂੰ ਵਾਹਗਾ ਸਰਹੱਦ ਰਸਤੇ ਭਾਰਤ ਆਉਣ ਦੀ ਇਜਾਜ਼ਤ ਹੁੰਦੀ। ਪਰੰਤੂ ਜੇਕਰ ਅਜਿਹਾ ਨਹੀਂ ਹੋਇਆ ਤਾਂ ਉਨ੍ਹਾਂ ਨੂੰ ਹਵਾਈ ਰਸਤੇ ਆਉਣ ਤੋਂ ਫੈਸਲਾਬਾਦ ਹਵਾਈ ਅੱਡੇ ’ਤੇ ਪਾਕਿਸਤਾਨੀ ਅਧਿਕਾਰੀਆਂ ਵੱਲੋਂ ਅਖ਼ੀਰ ਸਮੇਂ ਰੋਕਣਾ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਯਾਤਰਾਵਾਂ ਮਨੁੱਖੀ ਭਾਵਨਾਵਾਂ ਨਾਲ ਜੁੜੀਆਂ ਹੁੰਦੀਆਂ ਹਨ। ਜਦੋਂ ਭਾਰਤ ਸਰਕਾਰ ਵੱਲੋਂ ਇਨ੍ਹਾਂ ਸ਼ਰਧਾਲੂਆਂ ਨੂੰ ਬਕਾਇਦਾ ਵੀਜ਼ੇ ਜਾਰੀ ਕੀਤੇ ਜਾ ਚੁੱਕੇ ਹਨ ਤਾਂ ਉਨ੍ਹਾਂ ਨੂੰ ਭਾਰਤ ਆਉਣ ਤੋਂ ਰੋਕਣਾ ਅਤੇ ਯਾਤਰਾ ਦੇ ਆਖਰੀ ਸਮੇਂ ’ਤੇ ਨਵੀਂ ਤਰ੍ਹਾਂ ਦੀਆਂ ਸ਼ਰਤਾਂ ਲਗਾਉਣਾ ਸ਼ਰਧਾਲੂਆਂ ਲਈ ਬੇਹੱਦ ਦੁਖਦਾਈ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਫੈਸਲਾਬਾਦ ਹਵਾਈ ਅੱਡੇ ’ਤੇ ਰੋਕੇ ਗਏ ਸਿੱਖ ਸ਼ਰਧਾਲੂਆਂ ਨੂੰ ਤੁਰੰਤ ਭਾਰਤ ਆਉਣ ਦੀ ਇਜਾਜ਼ਤ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਾਰਨ ਹਵਾਈ ਰਸਤੇ ਰਾਹੀਂ ਯਾਤਰਾ ਸੰਭਵ ਨਹੀਂ ਹੈ ਤਾਂ ਅਟਾਰੀ-ਵਾਹਗਾ ਜ਼ਮੀਨੀ ਰਸਤੇ ਰਾਹੀਂ ਉਨ੍ਹਾਂ ਨੂੰ ਭਾਰਤ ਜਾਣ ਦੀ ਆਗਿਆ ਦਿੱਤੀ ਜਾਵੇ।

ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂਆਂ ਨੂੰ ਗੁਰੂ ਘਰਾਂ ਦੇ ਦਰਸ਼ਨਾਂ ਤੋਂ ਰੋਕਣ ਦੀ ਬਜਾਏ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਧਾਰਮਿਕ ਯਾਤਰਾਵਾਂ ਪ੍ਰਤੀ ਸੁਹਿਰਦ ਪਹੁੰਚ ਅਪਣਾਉਣੀ ਚਾਹੀਦੀ ਹੈ, ਤਾਂ ਜੋ ਸ਼ਰਧਾਲੂ ਬਿਨਾਂ ਕਿਸੇ ਰੁਕਾਵਟ ਦੇ ਆਪਣੀ ਧਾਰਮਿਕ ਯਾਤਰਾ ਪੂਰੀ ਕਰ ਸਕਣ।

Related Post