ਪੰਜ ਪਿਆਰਿਆਂ ਦੇ ਨਾਂ ’ਤੇ ਅੰਮ੍ਰਿਤਸਰ ’ਚ ਬਣੇ ਸਿਹਤ ਕੇਂਦਰਾਂ ਨੂੰ ਆਮ ਆਦਮੀ ਕਲੀਨਿਕ ਵਜੋਂ ਬਦਲਣ ਦੀ ਸਖ਼ਤ ਨਿੰਦਾ: ਧਾਮੀ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੀ ਆਪ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖ ਇਤਿਹਾਸ ਨਾਲ ਸਬੰਧਤ ਯਾਦਗਾਰਾਂ ਨਾਲ ਛੇੜ-ਛਾੜ ਕਰਨ ਸਬੰਧੀ ਨਿੰਦਾ ਮਤਾ ਪਾਸ ਕਰਦਿਆਂ ਭਗਵੰਤ ਸਿੰਘ ਮਾਨ ਦੀ ਸਰਕਾਰ ਨੂੰ ਤਾੜਨਾ ਕੀਤੀ ਕਿ ਉਹ ਸਿਆਸੀ ਲਾਭ ਲਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖੇਡਣ ਤੋਂ ਬਾਜ ਆਉਣ।

By  Jasmeet Singh February 3rd 2023 06:09 PM

ਅੰਮ੍ਰਿਤਸਰ, 3 ਫਰਵਰੀ: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੀ ਆਪ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖ ਇਤਿਹਾਸ ਨਾਲ ਸਬੰਧਤ ਯਾਦਗਾਰਾਂ ਨਾਲ ਛੇੜ-ਛਾੜ ਕਰਨ ਸਬੰਧੀ ਨਿੰਦਾ ਮਤਾ ਪਾਸ ਕਰਦਿਆਂ ਭਗਵੰਤ ਸਿੰਘ ਮਾਨ ਦੀ ਸਰਕਾਰ ਨੂੰ ਤਾੜਨਾ ਕੀਤੀ ਕਿ ਉਹ ਸਿਆਸੀ ਲਾਭ ਲਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖੇਡਣ ਤੋਂ ਬਾਜ ਆਉਣ। ਪੱਤਰਕਾਰਾਂ ਨਾਲ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਖਾਲਸਾ ਸਾਜਣਾ ਦਿਵਸ ਦੇ 300 ਸਾਲਾ ਮੌਕੇ ਅਕਾਲੀ ਸਰਕਾਰ ਵੱਲੋਂ ਅੰਮ੍ਰਿਤਸਰ ਵਿਚ ਪੰਜ ਪਿਆਰਿਆਂ ਦੇ ਨਾਂ ’ਤੇ ਪੰਜ ਸਿਹਤ ਕੇਂਦਰ ਸਥਾਪਤ ਕੀਤੇ ਗਏ ਸਨ, ਜਿਨ੍ਹਾਂ ਨੂੰ ਆਮ ਆਦਮੀ ਕਲੀਨਿਕ ਵਜੋਂ ਬਦਲ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖ ਕੌਮ ਦੀਆਂ ਯਾਦਗਾਰਾਂ ਦੀ ਤੌਹੀਨ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪੰਜ ਪਿਆਰਿਆਂ ਦੇ ਨਾਂ ਵਾਲੇ ਸਿਹਤ ਕੇਂਦਰਾਂ ਨੂੰ ਭਗਵੰਤ ਮਾਨ ਵੱਲੋਂ ਆਪਣੀ ਤਸਵੀਰ ਵਾਲੇ ਬੋਰਡ ਲਗਾ ਕੇ ਆਮ ਆਦਮੀ ਕਲੀਨਿਕ ਘੋਸ਼ਿਤ ਕੀਤਾ ਗਿਆ ਹੈ, ਜਿਸ ਨੇ ਸਿੱਖ ਭਾਵਨਾਵਾਂ ਨੂੰ ਸੱਟ ਮਾਰੀ ਹੈ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਅੰਦਰ ਗੁਰੂ ਸਾਹਿਬਾਨ ਤੋਂ ਬਾਅਦ ਪੰਜ ਪਿਆਰੇ ਸਾਹਿਬਾਨ ਦਾ ਸਤਿਕਾਰ ਹੈ ਅਤੇ ਦੁੱਖ ਦੀ ਗੱਲ ਹੈ ਕਿ ਭਗਵੰਤ ਮਾਨ ਪੰਜਾਬ ਦੇ ਇਤਿਹਾਸ ਅਤੇ ਵਿਰਾਸਤ ਨੂੰ ਖੋਰਾ ਲਗਾ ਰਿਹਾ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਭਗਵੰਤ ਮਾਨ ਪੰਜ ਪਿਆਰੇ ਸਾਹਿਬਾਨ ਤੋਂ ਉੱਪਰ ਹੈ, ਜੋ ਇਨ੍ਹਾਂ ਧਾਰਮਿਕ ਯਾਦਗਾਰਾਂ ਨੂੰ ਆਪਣੀ ਪਾਰਟੀ ਦੇ ਨਾਂ ਹੇਠ ਉਭਾਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪੰਜਾਬ ਦੀ ਮੌਜੂਦਾ ਸਰਕਾਰ ਨੂੰ ਇਸ ਕਾਰਵਾਈ ਨੂੰ ਤੁਰੰਤ ਵਾਪਸ ਲੈਣ ਦੀ ਤਾੜਨਾ ਕਰਦੀ ਹੈ ਅਤੇ ਜੇਕਰ ਇਸ ਵਿਚ ਦੇਰੀ ਕੀਤੀ ਗਈ ਤਾਂ ਸਿੱਖ ਰੋਹ ਵਧਣ ਦੀ ਜ਼ੁੰਮੇਵਾਰ ਸਰਕਾਰ ਦੀ ਹੋਵੇਗੀ। ਦੱਸਣਯੋਗ ਹੈ ਕਿ 1999 ਵਿਚ 300 ਸਾਲਾ ਮੌਕੇ ਅਕਾਲੀ ਸਰਕਾਰ ਵੱਲੋਂ ਪੰਜ ਪਿਆਰੇ ਸਾਹਿਬਾਨ ਦੇ ਨਾਂ ’ਤੇ ਅੰਮ੍ਰਿਤਸਰ ’ਚ ਵੱਖ-ਵੱਖ ਥਾਵਾਂ ’ਤੇ ਇਹ ਪੰਜ ਸਿਹਤ ਕੇਂਦਰ ਬਣਾਏ ਗਏ ਸਨ। ਇਨ੍ਹਾਂ ਵਿਚ ਭਾਈ ਦਇਆ ਸਿੰਘ ਜੀ ਸ਼ਹਿਰੀ ਪ੍ਰਾਇਮਰੀ ਸਿਹਤ ਕੇਂਦਰ ਮੁਸ਼ਤਫਾਬਾਦ, ਭਾਈ ਧਰਮ ਸਿੰਘ ਜੀ ਸ਼ਹਿਰੀ ਪ੍ਰਾਇਮਰੀ ਸਿਹਤ ਕੇਂਦਰ ਰਣਜੀਤ ਐਵੀਨਿਊ, ਭਾਈ ਹਿੰਮਤ ਸਿੰਘ ਜੀ ਸੈਟੇਲਾਈਟ ਹਸਪਤਾਲ ਘਣੂਪੁਰ ਕਾਲੇ, ਭਾਈ ਮੋਹਕਮ ਸਿੰਘ ਜੀ ਸੈਟੇਲਾਈਟ ਹਸਪਤਾਲ ਸਕੱਤਰੀ ਬਾਗ ਅਤੇ ਭਾਈ ਸਾਹਿਬ ਸਿੰਘ ਜੀ ਸਰਕਾਰੀ ਹਸਪਤਾਲ ਫਤਾਹਪੁਰ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵੱਲੋਂ 400 - 500 ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ ਘਟੋ ਘੱਟ ਅੰਮ੍ਰਿਤਸਰ ਦੇ ਪੰਜ ਪਿਆਰਿਆਂ ਦੇ ਨਾਂ ’ਤੇ ਬਣੇ ਸਿਹਤ ਕੇਂਦਰਾਂ ਦੇ ਨਾਂ ਬਦਲਣੇ ਨਹੀਂ ਚਾਹੀਦੇ ਸਨ।

Related Post