PTC News
Search
🔍 Search

Stubble Burning in Punjab : ਪੰਜਾਬ ਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ, ਕਿਸਾਨਾਂ ਨੂੰ 1.11 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ

Stubble Burning cases in Punjab : ਫਿਰੋਜ਼ਪੁਰ ਵਿੱਚ ਸਭ ਤੋਂ ਵੱਧ 817 ਮਾਮਲੇ ਦਰਜ ਕੀਤੇ ਗਏ ਹਨ। ਇਸ ਤੋਂ ਬਾਅਦ ਤਰਨਤਾਰਨ ਵਿੱਚ 700, ਸੰਗਰੂਰ ਵਿੱਚ 689, ਬਠਿੰਡਾ ਵਿੱਚ 528, ਪਟਿਆਲਾ ਵਿੱਚ 396 ਅਤੇ ਬਰਨਾਲਾ ਵਿੱਚ 342 ਮਾਮਲੇ ਸਾਹਮਣੇ ਆਏ ਹਨ।

By  KRISHAN KUMAR SHARMA November 16th 2026 12:02 PM -- Updated: November 16th 2026 12:11 PM

Stubble Burning in Punjab : ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (CAQM) ਦੀ 15 ਨਵੰਬਰ 2026 ਤੱਕ ਦੀ ਰਿਪੋਰਟ ਅਨੁਸਾਰ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਕੁੱਲ 5,972 ਘਟਨਾਵਾਂ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ ਅੰਕੜਿਆਂ ਵਿੱਚ ਫਿਰੋਜ਼ਪੁਰ ਜ਼ਿਲ੍ਹਾ 817 ਮਾਮਲਿਆਂ ਨਾਲ ਪਹਿਲੇ ਸਥਾਨ 'ਤੇ ਹੈ, ਜਦਕਿ ਤਰਨਤਾਰਨ 700 ਮਾਮਲਿਆਂ ਨਾਲ ਦੂਜੇ ਅਤੇ ਸੰਗਰੂਰ 689 ਮਾਮਲਿਆਂ ਨਾਲ ਤੀਜੇ ਸਥਾਨ 'ਤੇ ਹੈ।

ਇਹ ਵੀ ਪੜ੍ਹੋ... ਭਿਆਨਕ ਹਾਦਸਾ, 4 ਮੰਜ਼ਿਲਾ ਇਮਾਰਤ 'ਚ ਭਿਆਨਕ ਅੱਗ ਲੱਗਣ ਕਾਰਨ ਜਿਊਂਦਾ ਸੜੇ 11 ਲੋਕ

ਰਿਪੋਰਟ ਮੁਤਾਬਕ, ਪੰਜਾਬ ਵਿੱਚ ਕੁੱਲ 32.87 ਲੱਖ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਬਿਜਾਈ ਹੋਈ ਸੀ, ਜਿਸ ਵਿੱਚੋਂ 98.50 ਫ਼ੀਸਦੀ ਰਕਬੇ ਦੀ ਕਟਾਈ ਮੁਕੰਮਲ ਹੋ ਚੁੱਕੀ ਹੈ। ਪਰਾਲੀ ਸਾੜਨ ਦੀਆਂ ਘਟਨਾਵਾਂ 'ਤੇ ਨਜ਼ਰ ਰੱਖਣ ਲਈ ਹੁਣ ਤੱਕ 5,616 ਥਾਵਾਂ ਦਾ ਮੌਕੇ 'ਤੇ ਨਿਰੀਖਣ ਕੀਤਾ ਗਿਆ, ਜਿਨ੍ਹਾਂ ਵਿੱਚੋਂ 2,478 ਥਾਵਾਂ 'ਤੇ ਪਰਾਲੀ ਸਾੜਨ ਦੇ ਨਿਸ਼ਾਨ ਮਿਲੇ ਹਨ।

ਇਨ੍ਹਾਂ ਜ਼ਿਲ੍ਹਿਆਂ ਵਿੱਚ ਸਭ ਤੋਂ ਵੱਧ ਮਾਮਲੇ (Stubble Bruning cases Ferozepur)

ਜ਼ਿਲ੍ਹਾ ਪੱਧਰੀ ਅੰਕੜਿਆਂ ਅਨੁਸਾਰ, ਫਿਰੋਜ਼ਪੁਰ ਵਿੱਚ ਸਭ ਤੋਂ ਵੱਧ 817 ਮਾਮਲੇ ਦਰਜ ਕੀਤੇ ਗਏ ਹਨ। ਇਸ ਤੋਂ ਬਾਅਦ ਤਰਨਤਾਰਨ ਵਿੱਚ 700, ਸੰਗਰੂਰ ਵਿੱਚ 689, ਬਠਿੰਡਾ ਵਿੱਚ 528, ਪਟਿਆਲਾ ਵਿੱਚ 396 ਅਤੇ ਬਰਨਾਲਾ ਵਿੱਚ 342 ਮਾਮਲੇ ਸਾਹਮਣੇ ਆਏ ਹਨ। ਇਸੇ ਤਰ੍ਹਾਂ ਲੁਧਿਆਣਾ ਵਿੱਚ 327, ਮੋਗਾ ਵਿੱਚ 310 ਅਤੇ ਅੰਮ੍ਰਿਤਸਰ ਵਿੱਚ 265 ਮਾਮਲੇ ਦਰਜ ਕੀਤੇ ਗਏ ਹਨ।

1.11 ਕਰੋੜ ਰੁਪਏ ਤੋਂ ਵੱਧ ਦਾ ਵਾਤਾਵਰਣ ਮੁਆਵਜ਼ਾ ਲਗਾਇਆ

ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਹੁਣ ਤੱਕ 2,219 ਮਾਮਲਿਆਂ ਵਿੱਚ ਵਾਤਾਵਰਣ ਮੁਆਵਜ਼ਾ (EC) ਲਗਾਇਆ ਗਿਆ ਹੈ। ਇਸ ਤਹਿਤ ਕੁੱਲ 1 ਕਰੋੜ 11 ਲੱਖ 85 ਹਜ਼ਾਰ ਰੁਪਏ ਦਾ ਜੁਰਮਾਨਾ ਨਿਰਧਾਰਤ ਕੀਤਾ ਗਿਆ ਹੈ, ਜਦਕਿ ਹੁਣ ਤੱਕ 40 ਲੱਖ 55 ਹਜ਼ਾਰ ਰੁਪਏ ਦੀ ਵਸੂਲੀ ਕੀਤੀ ਜਾ ਚੁੱਕੀ ਹੈ।

ਇਸ ਤੋਂ ਇਲਾਵਾ ਭਾਰਤੀ ਨਿਆਂ ਸੰਹਿਤਾ (BNS) ਦੀ ਧਾਰਾ 223 ਤਹਿਤ ਕੁੱਲ 1,859 ਮਾਮਲਿਆਂ ਵਿੱਚ FIR ਦਰਜ ਕੀਤੀਆਂ ਗਈਆਂ ਹਨ। ਉੱਥੇ ਹੀ 2,046 ਖੇਤਾਂ ਦੇ ਰਿਕਾਰਡ ਵਿੱਚ ਰੈੱਡ ਐਂਟਰੀਆਂ ਵੀ ਕੀਤੀਆਂ ਗਈਆਂ ਹਨ।

ਤਰਨਤਾਰਨ ਅਤੇ ਫਿਰੋਜ਼ਪੁਰ ਵਿੱਚ ਵੀ ਕਾਰਵਾਈ

ਤਰਨਤਾਰਨ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੇ 700 ਮਾਮਲੇ ਦਰਜ ਹੋਏ ਹਨ, ਜਿਨ੍ਹਾਂ ਵਿੱਚੋਂ 317 ਮਾਮਲਿਆਂ ਵਿੱਚ ਵਾਤਾਵਰਣ ਮੁਆਵਜ਼ਾ ਲਗਾਇਆ ਗਿਆ ਅਤੇ 15 ਲੱਖ 5 ਹਜ਼ਾਰ ਰੁਪਏ ਦੀ ਵਸੂਲੀ ਕੀਤੀ ਗਈ ਹੈ। ਦੂਜੇ ਪਾਸੇ ਫਿਰੋਜ਼ਪੁਰ ਵਿੱਚ 817 ਘਟਨਾਵਾਂ ਦੇ ਮੁਕਾਬਲੇ 420 ਮਾਮਲਿਆਂ ਵਿੱਚ ਮੁਆਵਜ਼ਾ ਲਗਾਇਆ ਗਿਆ ਅਤੇ 5 ਲੱਖ 10 ਹਜ਼ਾਰ ਰੁਪਏ ਵਸੂਲੇ ਗਏ ਹਨ।

ਰਿਪੋਰਟ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ 35 ਨੋਡਲ ਅਤੇ ਸੁਪਰਵਾਈਜ਼ਰੀ ਅਧਿਕਾਰੀਆਂ ਖ਼ਿਲਾਫ਼ CAQM ਐਕਟ ਦੀ ਧਾਰਾ 14 ਤਹਿਤ ਕਾਰਵਾਈ ਸ਼ੁਰੂ ਕੀਤੀ ਗਈ ਹੈ। ਇਸ ਤੋਂ ਇਲਾਵਾ ਸਬੰਧਤ ਅਧਿਕਾਰੀਆਂ ਵੱਲੋਂ 1,607 ਚੇਤਾਵਨੀ ਅਤੇ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤੇ ਗਏ ਹਨ।

ਕੁੱਲ ਮਿਲਾ ਕੇ 15 ਨਵੰਬਰ ਤੱਕ ਦੇ ਅੰਕੜੇ ਦਰਸਾਉਂਦੇ ਹਨ ਕਿ ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਫਿਰੋਜ਼ਪੁਰ, ਤਰਨਤਾਰਨ ਅਤੇ ਸੰਗਰੂਰ ਸਭ ਤੋਂ ਅੱਗੇ ਹਨ, ਜਦਕਿ ਪ੍ਰਸ਼ਾਸਨ ਵੱਲੋਂ ਜੁਰਮਾਨੇ, FIR ਅਤੇ ਰੈੱਡ ਐਂਟਰੀਆਂ ਰਾਹੀਂ ਕਾਰਵਾਈ ਜਾਰੀ ਹੈ।

ਇਹ ਵੀ ਪੜ੍ਹੋ... ਕਿਸੀ ਕੇ ਬਾਪ ਕਾ ਹਿੰਦੁਸਤਾਨ ਥੋੜੀ ਹੈ...! ਦਿਲਜੀਤ ਦੋਸਾਂਝ ਦਾ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਕਰਾਰਾ ਜਵਾਬ

Related Post