ਭਾਈ ਰਾਜੋਆਣਾ ਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਲਈ ਢੁਕਵੇਂ ਕਦਮ ਚੁੱਕਣ ਪ੍ਰਧਾਨ ਮੰਤਰੀ: ਸੁਖਬੀਰ ਬਾਦਲ

By  KRISHAN KUMAR SHARMA December 22nd 2023 06:14 PM

ਚਮਕੌਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਸਿੱਖ ਕੌਮ ਦੀਆਂ ਭਾਵਨਾਵਾਂ ਦਾ ਖਿਆਲ ਰੱਖਦਿਆਂ ਭਾਈ ਬਲਵੰਤ ਸਿੰਘ ਰਾਜੋਆਣਾ ਤੇ ਹੋਰ ਬੰਦੀ ਸਿੰਘ ਜੋ ਪਿਛਲੇ 30-30 ਸਾਲਾਂ ਤੋਂ ਜੇਲ੍ਹਾਂ ਵਿੱਚ ਕੈਦ ਹਨ, ਦੀ ਰਿਹਾਈ ਵਾਸਤੇ ਢੁਕਵੇਂ ਕਦਮ ਚੁੱਕਣ।ਅਕਾਲੀ ਦਲ ਦੇ ਪ੍ਰਧਾਨ ਤਿੰਨ ਰੋਜ਼ਾ ਸ਼ਹੀਦੀ ਜੋੜੇ ਮੇਲੇ ਦੀ ਸ਼ੁਰੂਆਤ ਮੌਕੇ ਗੁਰਦੁਆਰਾ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਆਏ ਸਨ, ਜਿਸ ਦੌਰਾਨ ਉਨ੍ਹਾਂ ਯੂਥ ਅਕਾਲੀ ਦਲ ਦੇ 'ਮੇਰੀ ਦਸਤਾਰ, ਮੇਰੀ ਸ਼ਾਨ' ਪ੍ਰੋਗਰਾਮ ਵਿੱਚ ਵੀ ਸ਼ਮੂਲੀਅਤ ਕੀਤੀ। ਬਾਅਦ ਵਿਚ ਉਹਨਾਂ ਨੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਵੀ ਮੱਥਾ ਟੇਕਿਆ।

'ਬੰਦੀ ਸਿੰਘਾਂ ਦੀ ਰਿਹਾਈ ਸਿੱਖ ਕੌਮ ਦੀ ਸਾਂਝੀ ਇੱਛਾ'

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਸਿੱਖ ਕੌਮ ਦੀ ਸਾਂਝੀ ਇੱਛਾ ਹੈ ਅਤੇ ਇਹੀ ਗੱਲ ਬਠਿੰਡਾ ਦੇ ਐਮ.ਪੀ. ਹਰਸਿਮਰਤ ਕੌਰ ਬਾਦਲ ਨੇ ਸੰਸਦ ਵਿੱਚ ਕੀਤੀ ਸੀ। ਉਨ੍ਹਾਂ ਕਿਹਾ ਕਿ ਮੁੱਦਾ ਬੰਦੀ ਸਿੰਘਾਂ ਦੇ ਮਨੁੱਖੀ ਅਧਿਕਾਰਾਂ ਦਾ ਹੈ ਕਿਉਂਕਿ ਜੇਲ੍ਹਾਂ ਵਿੱਚ ਸਜ਼ਾਵਾਂ ਵੀ ਪੂਰੀਆਂ ਹੋਣ ਦੇ ਬਾਵਜੂਦ ਉਹ ਜੇਲ੍ਹਾਂ ਵਿਚ ਬੰਦ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਉਹਨਾਂ ਵਿਸ਼ੇਸ਼ ਹਾਲਾਤਾਂ ਦਾ ਖਿਆਲ ਰੱਖਣਾ ਚਾਹੀਦਾ ਹੈ ਜਿਹਨਾਂ ਵਿਚ ਬੰਦੀ ਸਿੰਘਾਂ ਨੇ ਕਦਮ ਚੁੱਕੇ। ਉਨ੍ਹਾਂ ਕਿਹਾ ਕਿ ਉਹ ਉਸ ਵੇਲੇ ਕਾਂਗਰਸ ਸਰਕਾਰ ਵੱਲੋਂ ਸ੍ਰੀ ਦਰਬਾਰ ਸਾਹਿਬ ’ਤੇ ਹਮਲੇ ਅਤੇ ਬਾਅਦ ਵਿਚ ਸਰਕਾਰਾਂ ਦੀ ਸ਼ਹਿਰ ’ਤੇ ਸਿੱਖਾਂ ਦੇ ਹੋਏ ਕਤਲੇਆ ਕਾਰਨ ਭਾਵੁਕ ਤੌਰ ’ਤੇ ਭੜਕ ਉਠੇ ਸਨ।

ਸੁਖਬੀਰ ਬਾਦਲ ਨੇ ਕਿਹਾ ਕਿ ਜੇਕਰ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਹੱਤਿਆਰੇ ਰਿਹਾਅ ਕੀਤੇ ਜਾ ਸਕਦੇ ਹਨ ਤਾਂ ਇਸਦਾ ਕੋਈ ਕਾਰਨ ਨਹੀਂ ਬਣਦਾ ਕਿ ਬੰਦੀ ਸਿੰਘਾਂ ਲਈ ਵੀ ਅਜਿਹਾ ਹੀ ਸਲੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬੰਦੀ ਸਿੰਘ ਤਿੰਨ ਦਹਾਕਿਆਂ ਤੋਂ ਜੇਲ੍ਹਾਂ ਵਿੱਚ ਬੰਦ ਹਨ, ਜਦੋਂਕਿ ਜਿਨ੍ਹਾਂ ਨੇ ਗੁਰੂ ਘਰਾਂ ’ਤੇ ਹਮਲੇ ਕੀਤੇ ਅਤੇ 1984 ਵਿੱਚ ਸਿੱਖ ਕਤਲੇਆਮ ਕੀਤਾ, ਉਹ ਹਾਲੇ ਵੀ ਬਾਹਰ ਘੁੰਮ ਰਹੇ ਹਨ।

ਬਾਦਲ ਨੇ ਯੂਥ ਅਕਾਲੀ ਦਲ ਤੇ ਇਸਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵੱਲੋਂ ਨੌਜਵਾਨਾਂ ਵਿਚ ਦਸਤਾਰ ਪ੍ਰਤੀ ਮਾਣ ਸਤਿਕਾਰ ਪੈਦਾ ਕਰਨ ਅਤੇ ਉਹਨਾਂ ਨੂੰ ਸਿੱਖੀ ਤੇ ਸਿੱਖ ਸਿਧਾਂਤਾਂ ਨਾਲ ਜੋੜਨ ਲਈ ਆਰੰਭੇ ਮੇਰੀ ਦਸਤਾਰ, ਮੇਰੀ ਸ਼ਾਨ ਪ੍ਰੋਗਰਾਮ ਵਿਚ ਵੀ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਮੈਂ ਉਹ ਯੂਥ ਅਕਾਲੀ ਦਲ ਨੂੰ ਅਪੀਲ ਕਰਦੇ ਹਨ ਕਿ ਉਹ ਇਸ ਮੁਹਿੰਮ ਨੂੰ ਸੂਬੇ ਦੇ ਹਰ ਕੋਨੇ ਵਿਚ ਪਹੁੰਚਾਉਣ। ਇਸ ਮੌਕੇ ਝਿੰਜਰ ਨੇ ਦੱਸਿਆ ਕਿ ਅੱਜ ਦੇ ਪ੍ਰੋਗਰਾਮ ਵਿਚ 1000 ਤੋਂ ਜ਼ਿਆਦਾ ਸਿੱਖ ਨੌਜਵਾਨਾਂ ਨੇ ਦਸਤਾਰ ਸਜਾ ਲਈ ਹੈ ਤੇ ਉਨ੍ਹਾਂ ਐਲਾਨ ਕੀਤਾ ਕਿ 26 ਅਤੇ 27 ਦਸੰਬਰ ਨੂੰ ਫਤਿਹਗੜ੍ਹ ਸਾਹਿਬ ਵਿਚ ਵੀ ਅਜਿਹਾ ਹੀ ਪ੍ਰੋਗਰਾਮ ਆਯੋਜਿਤ ਕੀਤਾ ਜਾਵੇਗਾ।

'ਕੇਜਰੀਵਾਲ ਨੂੰ ਈਡੀ ਤੋਂ ਭੱਜਣਾ ਨਹੀਂ ਚਾਹੀਦਾ'

ਇਕ ਸਵਾਲ ਦੇ ਜਵਾਬ ਵਿਚ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦਾ ਸਾਹਮਣਾ ਕਰਨ ਤੋਂ ਭੱਜਣਾ ਨਹੀਂ ਚਾਹੀਦਾ ਕਿਉਂਕਿ ਈ ਡੀ ਦਿੱਲੀ ਆਬਕਾਰੀ ਘੁਟਾਲੇ ਵਿਚ ਉਨ੍ਹਾਂ ਦੀ ਭੂਮਿਕਾ ਦੀ ਜਾਂਚ ਕਰ ਰਹੀ ਹੈ ਅਤੇ ਆਪ ਦੇ ਕਈ ਸੀਨੀਅਰ ਆਗੂ ਪਹਿਲਾਂ ਹੀ ਜੇਲ੍ਹਾਂ ਵਿਚ ਬੰਦ ਹਨ। ਇਸ ਮੌਕੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਡਾ. ਦਲਜੀਤ ਸਿੰਘ ਚੀਮਾ ਵੀ ਹਾਜ਼ਰ ਸਨ।

Related Post