ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬੀਆਂ ਨੂੰ ਇਕਜੁੱਟ ਹੋ ਕੇ ਕਿਸਾਨਾਂ ਦੀ ਮਦਦ ਵਾਸਤੇ ਡੱਟਣ ਦਾ ਸੱਦਾ, ਮਦਦ ਦਾ ਕੀਤਾ ਐਲਾਨ
Sukhbir Singh Badal : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਇਕਜੁੱਟ ਹੋ ਕੇ ਬੇਮੌਸਮੀ ਬਰਸਾਤ ਤੇ ਗੜ੍ਹੇਮਾਰੀ ਕਾਰਨ ਕਣਕ ਦੀ ਫਸਲ ਦੇ ਹੋਏ ਨੁਕਸਾਨ ਨੂੰ ਝੱਲਣ ਵਾਲੇ ਮੁਸੀਬਤ ਮਾਰੇ ਕਿਸਾਨਾਂ ਦੀ ਮਦਦ ਵਾਸਤੇ ਡੱਟ ਜਾਣ।
Sukhbir Singh Badal : ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਇਕਜੁੱਟ ਹੋ ਕੇ ਬੇਮੌਸਮੀ ਬਰਸਾਤ ਤੇ ਗੜ੍ਹੇਮਾਰੀ ਕਾਰਨ ਕਣਕ ਦੀ ਫਸਲ ਦੇ ਹੋਏ ਨੁਕਸਾਨ ਨੂੰ ਝੱਲਣ ਵਾਲੇ ਮੁਸੀਬਤ ਮਾਰੇ ਕਿਸਾਨਾਂ (Punjab Farmer Help) ਦੀ ਮਦਦ ਵਾਸਤੇ ਡੱਟ ਜਾਣ, ਕਿਉਂਕਿ 1.25 ਲੱਖ ਏਕੜ ਵਿਚ ਫਸਲ ਦਾ ਨੁਕਸਾਨ ਹੋਇਆ ਹੈ। ਉਹਨਾਂ ਕਿਹਾ ਕਿ ਜਿਸ ਤਰੀਕੇ ਪੰਜਾਬੀਆਂ ਨੇ ਪਿਛਲੇ ਸਾਲ ਆਏ ਤਬਾਹੀ ਭਰੇ ਹੜ੍ਹਾਂ ਨਾਲ ਝੋਨੇ ਦੀ ਫਸਲ ਦੇ ਹੋਏ ਨੁਕਸਾਨ ਵੇਲੇ ਕਿਸਾਨਾਂ ਦੀ ਡੱਟ ਕੇ ਮਦਦ ਕੀਤੀ ਸੀ, ਉਸੇ ਤਰੀਕੇ ਹੁਣ ਵੀ ਕੀਤੀ ਜਾਵੇ।
ਅਕਾਲੀ ਦਲ ਦੇ ਪ੍ਰਧਾਨ ਜਿਹਨਾਂ ਨੇ ਪਾਰਟੀ ਦੇ ਹਲਕਾ ਇੰਚਾਰਜਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਨਾਲ ਮੀਟਿੰਗ ਕੀਤੀ, ਨੇ ਕਿਹਾ ਕਿ 20 ਅਪ੍ਰੈਲ ਮਗਰੋਂ ਪ੍ਰਭਾਵਤ ਕਿਸਾਨਾਂ ਨੂੰ ਕਣਕ ਦੇ ਨਾਲ-ਨਾਲ ਹਰੇ ਅਤੇ ਸੁੱਕੇ ਚਾਰੇ ਦੀ ਵੰਡ ਲਈ ਵਿਸਥਾਰਿਤ ਯੋਜਨਾ ਤਿਆਰ ਕੀਤੀ ਗਈ ਹੈ। ਅਸੀਂ ਰਾਹਤ ਸਮੱਗਰੀ ਇਕੱਠੀ ਕਰਨ ਵਾਲੇ ਨੋਡਲ ਪੁਆਇੰਟਾਂ ਦੀ ਸਿਰਜਣਾ ਕਰ ਰਹੇ ਹਾਂ ਅਤੇ ਫਿਰ ਪ੍ਰਭਾਵਤ ਕਿਸਾਨਾਂ ਨੂੰ ਇਸਦੀ ਵੰਡ ਸ਼ੁਰੂ ਕਰਾਂਗੇ।
ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਬੇਲਰਾਂ ਦਾ ਵੀ ਇੰਤਜ਼ਾਮ ਕਰੇਗਾ ਪ੍ਰਭਾਵਤ ਕਿਸਾਨਾਂ ਦੇ ਖੇਤਾਂ ਵਿਚ ਮੁਫਤ ਵਿਚ ਗੰਢਾਂ ਤਿਆਰ ਕੀਤੀਆਂ ਜਾਣਗੀਆਂ ਤਾਂ ਜੋ ਇਸ ਪ੍ਰਕਿਰਿਆ ਨਾਲ ਕਿਸਾਨਾਂ ਨੂੰ ਵਧੀਕ ਆਮਦਨ ਹੋ ਸਕੇ। ਉਹਨਾਂ ਕਿਹਾ ਕਿ ਪਾਰਟੀ ਉਹਨਾਂ ਛੋਟੇ ਕਿਸਾਨਾਂ ਦੀ ਮਦਦ ਲਈ ਵੀ ਯਤਨ ਕਰੇਗੀ ਜਿਹਨਾਂ ਦੀ ਸਬਜ਼ੀ ਦੀ ਫਸਲ ਗੜ੍ਹੇਮਾਰੀ ਤਬਾਹ ਹੋਈ ਹੈ।
ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਭਾਵਤ ਕਿਸਾਨਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਵਿਚ ਅਸਫਲ ਰਹਿਣ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਦੇ ਨਾਲ-ਨਾਲ ਆਮ ਆਦਮੀ ਪਾਰਟੀ ਨੇ 2022 ਵਿਚ ਸੱਤਾ ਵਿਚ ਆਉਣ ਤੋਂ ਪਹਿਲਾਂ ਵਾਰ-ਵਾਰ ਐਲਾਨ ਕੀਤਾ ਸੀ ਕਿ ਉਹ ਫਸਲਾਂ ਦਾ ਨੁਕਸਾਨ ਹੋਣ ’ਤੇ ਗਿਰਦਾਵਰੀ ਸ਼ੁਰੂ ਹੋਣ ਤੋਂ ਪਹਿਲਾਂ ਹੀ ਕਿਸਾਨਾਂ ਨੂੰ 50-50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣਗੇ। ਉਹਨਾਂ ਕਿਹਾ ਕਿ ਆਪ ਸਰਕਾਰ ਪਿਛਲੇ ਸਾਲ ਆਏ ਹੜ੍ਹਾਂ ਨਾਲ 4 ਲੱਖ ਏਕੜ ਵਿਚ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਵਿਚ ਨਾਕਾਮ ਰਹੀ ਹੈ। ਉਹਨਾਂ ਕਿਹਾ ਕਿ ਹੁਣ ਵੀ ਸਰਕਾਰ ਮੁਸੀਬਤ ਮਾਰੇ ਕਿਸਾਨਾਂ ਨੂੰ ਮੁਆਵਜ਼ਾ ਦੇ ਕੇ ਮਦਦ ਕਰਨ ਤੋਂ ਭੱਜ ਗਈ ਹੈ।
ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਕਿਸਾਨਾਂ ਦੀ ਡੱਟ ਕੇ ਮਦਦ ਕਰੇਗਾ। ਉਹਨਾਂ ਨੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਗੁਜਰਾਤ ਵਿਚ ਚੋਣ ਪ੍ਰਚਾਰ ਦੌਰਾਨ ਇਹ ਝੂਠ ਬੋਲਣ ਦੀ ਨਿਖੇਧੀ ਕੀਤੀ ਕਿ ਪੰਜਾਬ ਵਿਚ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਆਪ ਸਰਕਾਰ ਨੇ ਕਿਸਾਨਾਂ ਨੂੰ ਇਕ ਮਹੀਨੇ ਵਿਚ ਹੀ 50-50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇ ਦਿੱਤਾ ਹੈ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਤੇ ਮੌਜੂਦਾ ਆਪ ਸਰਕਾਰ ਸਰਕਾਰੀ ਮੁਲਾਜ਼ਮਾਂ ਨਾਲ ਵਿਤਕਰਾ ਕਰਦੇ ਰਹੇ ਹਨ। ਉਹਨਾਂ ਕਿਹਾ ਕਿ ਵੱਖ-ਵੱਖ ਵਰਗਾਂ ਦੀ ਭਰਤੀ ਘਟਾਉਣ ਤੇ ਬੰਦ ਕਰਨ ਤੋਂ ਇਲਾਵਾ ਆਪ ਸਰਕਾਰ ਮਹਿੰਗਾਈ ਭੱਤੇ ਦੀ ਕਾਨੂੰਨੀ ਵੈਧਤਾ ’ਤੇ ਇਹ ਕਹਿ ਕੇ ਸਵਾਲ ਚੁੱਕ ਰਹੀ ਹੈ ਕਿ ਉਹ ਇਹ ਅਦਾਇਗੀ ਕਰਨ ਵਾਸਤੇ ਪਾਬੰਦ ਨਹੀਂ ਹਨ। ਉਹਨਾਂ ਕਿਹਾ ਕਿ ਪਿਛਲੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਦਲ ਦੀ ਸਰਕਾਰ ਵੇਲੇ ਨਾ ਸਿਰਫ ਤਨਖਾਹ ਕਮਿਸ਼ਨਾਂ ਦੀ ਨਿਯੁਕਤੀ ਹੋਈ ਬਲਕਿ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਤੁਰੰਤ ਅਦਾ ਕੀਤਾ ਗਿਆ। ਮੀਟਿੰਗ ਸਾਰੇ ਜ਼ਿਲ੍ਹਾ ਪ੍ਰਧਾਨਾਂ ਅਤੇ ਹਲਕਾ ਇੰਚਾਰਜਾਂ ਨੇ ਸ਼ਮੂਲੀਅਤ ਕੀਤੀ।