ਸੁਖਬੀਰ ਸਿੰਘ ਬਾਦਲ ਨੇ ਸਾਬਕਾ ਵਿਧਾਇਕ ਰਾਜਵਿੰਦਰ ਕੌਰ ਭਾਗੀਕੇ ਤੇ ਹਰਭੁਪਿੰਦਰ ਸਿੰਘ ਲਾਡੀ ਦਾ ਅਕਾਲੀ ਦਲ ਚ ਸ਼ਾਮਲ ਹੋਣ ’ਤੇ ਕੀਤਾ ਸਵਾਗਤ
Shiromani Akali Dal : ਅਕਾਲੀ ਦਲ ਦੇ ਪ੍ਰਧਾਨ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਪੰਥ ਵਿਰੋਧੀ ਤਾਕਤਾਂ ਦਾ ਹਮੇਸ਼ਾ ਡੱਟ ਕੇ ਵਿਰੋਧ ਕਰਨਗੇ। ਉਹਨਾਂ ਕਿਹਾ ਕਿ ਨਾ ਤਾਂ ਉਹਨਾਂ ਆਪ ਤੇ ਨਾ ਹੀ ਕਦੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਸਿੱਖ ਕੌਮ ਜਾਂ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕੀਤਾ ਹੈ।
Shiromani Akali Dal : ਮੋਗਾ ਜ਼ਿਲ੍ਹੇ ਵਿਚ ਕਾਂਗਰਸ ਅਤੇ ਪੁਨਰ ਸੁਰਜੀਤ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਸਾਬਕਾ ਕਾਂਗਰਸੀ ਵਿਧਾਇਕ ਰਾਜਵਿੰਦਰ ਕੌਰ ਭਾਗੀਕੇ ਅਤੇ ਪੁਨਰ ਸੁਰਜੀਤ ਧੜੇ ਦੇ ਆਗੂ ਹਰਭੁਪਿੰਦਰ ਸਿੰਘ ਲਾਡੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ।
ਸੁਖਬੀਰ ਸਿੰਘ ਬਾਦਲ ਦੇ ਨਿਹਾਲ ਸਿੰਘ ਵਾਲਾ ਦੇ ਪਿੰਡ ਬੁੱਟਰ ਕਲਾਂ ਦੇ ਦੌਰੇ ਦੌਰਾਨ ਇਹ ਆਗੂ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ। ਇਸ ਨਾਲ ਨਿਹਾਲ ਸਿੰਘ ਵਾਲਾ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਮਜ਼ਬੂਤੀ ਮਿਲੀ ਹੈ।
ਇਹਨਾਂ ਦੋ ਆਗੂਆਂ ਤੋਂ ਇਲਾਵਾ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਹੋਰ ਆਗੂਆਂ ਵਿਚ ਯੂਥ ਆਗੂ ਜਸਦੀਪ ਸਿੰਘ ਆਪਣੇ 200 ਸਮਰਥਕਾਂ ਨਾਲ, ਸਾਬਕਾ ਬਲਾਕ ਸੰਮਤੀ ਮੈਂਬਰ ਗੁਰਦੇਵ ਸਿੰਘ ਭਾਗੀਕੇ, ਬਲਾਕ ਸੰਮਤੀ ਮੈਂਬਰ ਪਲਵਿੰਦਰ ਸਿੰਘ ਬੁੱਟਰ, ਸਾਬਕਾ ਸਰਪੰਚ ਹਰਮੇਲ ਕੌਰ ਰਾਮੂਵਾਲ ਹਰਚੋਕੇ ਅਤੇ ਐਡਵੋਕੇਟ ਅਮਨਿੰਦਰ ਸਿੰਘ ਬੁੱਟਰ ਵੀ ਸ਼ਾਮਲ ਹਨ।
ਸੁਖਬੀਰ ਸਿੰਘ ਬਾਦਲ ਨੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਪੁਨਰ ਸੁਰਜੀਤ ਅਕਾਲੀ ਦਲ ਦੇ ਮਨਸੂਬਿਆਂ ਤੋਂ ਸੁਚੇਤ ਰਹਿਣ। ਉਹਨਾਂ ਕਿਹਾ ਕਿ ਇਸ ਧੜੇ ਨੇ ਕੇਂਦਰੀ ਏਜੰਸੀਆਂ ਨਾਲ ਰਲ ਕੇ ਅਕਾਲੀ ਦਲ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਰਚੀ ਸੀ। ਉਹਨਾਂ ਕਿਹਾ ਕਿ ਹੁਣ ਜਦੋਂ ਲੋਕਾਂ ਨੇ ਇਸ ’ਤੇ ਵਿਸ਼ਵਾਸ ਕਰਨ ਕਰਨ ਤੋਂ ਨਾਂਹ ਕਰ ਕੇ ਪੁਨਰ ਸੁਰਜੀਤ ਧੜੇ ਦੀ ਸਾਜ਼ਿਸ਼ ਨੂੰ ਮਾਤ ਪਾਈ ਹੈ ਤਾਂ ਇਸਦੇ ਮੁਖੀ ਗਿਆਨੀ ਹਰਪ੍ਰੀਤ ਸਿੰਘ ਖੁਦ ਪ੍ਰਵਾਨ ਕਰ ਲਿਆ ਹੈ ਕਿ ਉਹ ਮੇਰੇ ਖਿਲਾਫ ਅਕਾਲੀ ਦਲ ਵਿਚ ਕਿਸੇ ਵੀ ਅਹੁਦੇ ’ਤੇ ਰਹਿਣ ਵਾਸਤੇ 10 ਸਾਲ ਦੀ ਪਾਬੰਦੀ ਲਗਾਉਣਾ ਚਾਹੁੰਦੇ ਸਨ।
ਅਕਾਲੀ ਦਲ ਦੇ ਪ੍ਰਧਾਨ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਪੰਥ ਵਿਰੋਧੀ ਤਾਕਤਾਂ ਦਾ ਹਮੇਸ਼ਾ ਡੱਟ ਕੇ ਵਿਰੋਧ ਕਰਨਗੇ। ਉਹਨਾਂ ਕਿਹਾ ਕਿ ਨਾ ਤਾਂ ਉਹਨਾਂ ਆਪ ਤੇ ਨਾ ਹੀ ਕਦੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਸਿੱਖ ਕੌਮ ਜਾਂ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕੀਤਾ ਹੈ। ਉਹਨਾਂ ਕਿਹਾ ਕਿ ਕੌਮ ਦਾ ਮਾਣ ਸਨਮਾਨ, ਪੰਜਾਬ ਅਤੇ ਅਕਾਲੀ ਦਲ ਹਮੇਸ਼ਾ ਉਹਨਾਂ ਲਈ ਅਹਿਮ ਰਿਹਾ ਹੈ।
ਸਰਦਾਰ ਬਾਦਲ ਨੇ ਇਹ ਵੀ ਗੱਲ ਕੀਤੀ ਕਿ ਕਿਵੇਂ ਪੰਜਾਬੀ ਇਹ ਮਹਿਸੂਸ ਕਰ ਰਹੇ ਹਨ ਕਿ ਅਕਾਲੀ ਦਲ ਹੀ ਉਹਨਾਂ ਦੇ ਹਿੱਤਾਂ ਦੀ ਪ੍ਰਤੀਨਿਧਤਾ ਕਰਦਾ ਰਿਹਾ ਹੈ ਤੇ ਖੇਤਰੀ ਪਾਰਟੀ ਹੋਣ ਦੇ ਨਾਅਤੇ ਉਸਦੀਆਂ ਜੜ੍ਹਾਂ ਪੰਜਾਬ ਵਿਚ ਰਚੀਆਂ ਹੋਈਆਂ ਹਨ। ਉਹਨਾਂ ਕਿਹਾ ਕਿ ਪੰਜਾਬੀ ਇਹ ਵੀ ਮਹਿਸੂਸ ਕਰ ਰਹੇ ਹਨ ਕਿ ਕਾਂਗਰਸ ਤੇ ਆਪ ਦੋਵਾਂ ਨੇ ਪੰਜਾਬ ਦੇ ਹਿੱਤਾਂ ਨਾਲ ਗੱਦਾਰੀ ਕੀਤੀ ਹੈ ਅਤੇ ਉਹਨਾਂ ਨੂੰ ਕਿਸਾਨਾਂ, ਨੌਜਵਾਨਾਂ, ਛੋਟੇ ਕਿਸਾਨਾਂ ਜਾਂ ਵਪਾਰੀਆਂ ਤੇ ਉਦਯੋਗਪਤੀਆਂ ਸਮੇਤ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਵਿਚ ਕੋਈ ਦਿਲਚਸਪੀ ਨਹੀਂ ਹੈ।
ਉਹਨਾਂ ਕਿਹਾ ਕਿ ਪੁਨਰ ਸੁਰਜੀਤ ਅਕਾਲੀ ਦਲ ਲੋਕਾਂ ਦਾ ਵਿਸ਼ਵਾਸ ਜਿੱਤਣ ਵਿਚ ਨਾਕਾਮ ਰਿਹਾ ਹੈ ਕਿਉਂਕਿ ਪੰਜਾਬੀਆਂ ਨੇ ਇਹ ਮਹਿਸੂਸ ਕਰ ਲਿਆ ਹੈ ਕਿ ਇਹ ਪੰਜਾਬ ਵਿਰੋਧੀ ਤਾਕਤਾਂ ਦਾ ਹੱਥ ਠੋਕਾ ਹੈ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਇਸ ਧੜੇ ਦੇ ਆਗੂ ਪਾਰਟੀ ਛੱਡ ਕੇ ਮੁੜ ਆਪਣੀ ਮਾਂ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ।
ਇਸ ਮੌਕੇ ਤੀਰਥ ਸਿੰਘ ਮਾਹਲਾ, ਰਾਜਵਿੰਦਰ ਸਿੰਘ ਧਰਮਕੋਟ, ਖਾਨਮੁਖ ਭਾਰਤੀ, ਸੰਨੀ ਗਿੱਲ ਸਮੇਤ ਜ਼ਿਲ੍ਹਾ ਮੋਗਾ ਤੋਂ ਸੀਨੀਅਰ ਪਾਰਟੀ ਆਗੂ ਮੌਜੂਦ ਸਨ।