TarnTaran ਦੇ SSP ਡਾ. ਰਵਜੋਤ ਕੌਰ ਗਰੇਵਾਲ ’ਤੇ ਡਿੱਗੀ ਗਾਜ; ਅਕਾਲੀ ਦਲ ਦੀ ਸ਼ਿਕਾਇਤ ਮਗਰੋਂ ਚੋਣ ਕਮਿਸ਼ਨ ਨੇ ਕੀਤਾ ਸਸਪੈਂਡ

ਦੱਸ ਦਈਏ ਕਿ ਬੀਤੀ ਦਿਨੀਂ ਸ਼੍ਰੋਮਣੀ ਅਕਾਲੀ ਦਲ ਨੇ ਐਸਐਸਪੀ ਦੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਸੀ। ਇਸ ਤੋਂ ਬਾਅਦ ਚੋਣ ਕਮਿਸ਼ਨ ਨੂੰ ਐਸਐਸਪੀ ਦੀਆਂ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸੀ। ਜਿਸ ਤੋਂ ਬਾਅਦ ਹੁਣ ਚੋਣ ਕਮਿਸ਼ਨ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ।

By  Aarti November 8th 2025 03:29 PM -- Updated: November 8th 2025 04:43 PM

TarnTaran News : ਤਰਨਤਾਰਨ ਦੇ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ ’ਤੇ ਗਾਜ ਡਿੱਗ ਗਈ ਹੈ। ਦੱਸ ਦਈਏ ਕਿ ਭਾਰਤੀ ਚੋਣ ਕਮਿਸ਼ਨ ਨੇ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਸ ਕਾਰਵਾਈ ਮਗਰੋਂ ਹੁਣ ਅੰਮ੍ਰਿਤਸਰ ਤੋਂ ਕਮਿਸ਼ਨਰ ਆਈਪੀਐਸ ਗੁਰਪ੍ਰੀਤ ਕੌਰ ਭੁੱਲਰ ਨੂੰ ਤੁਰੰਤ ਪ੍ਰਭਾਵ ਨਾਲ ਤਰਨਤਾਰਨ ਦਾ ਵਾਧੂ ਚਾਰਜ ਦਿੱਤਾ ਗਿਆ ਹੈ। 

ਦੱਸ ਦਈਏ ਕਿ ਬੀਤੀ ਦਿਨੀਂ ਸ਼੍ਰੋਮਣੀ ਅਕਾਲੀ ਦਲ ਨੇ ਐਸਐਸਪੀ ਦੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਸੀ। ਇਸ ਤੋਂ ਬਾਅਦ ਚੋਣ ਕਮਿਸ਼ਨ ਨੂੰ ਐਸਐਸਪੀ ਦੀਆਂ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸੀ। ਜਿਸ ਤੋਂ ਬਾਅਦ ਹੁਣ ਚੋਣ ਕਮਿਸ਼ਨ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। 

ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਜਿਸ ਮੁਤਾਬਿਕ ਭਾਰਤੀ ਚੋਣ ਕਮਿਸ਼ਨ ਨੇ ਤਰਨਤਾਰਨ (ਪੰਜਾਬ) ਦੀ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ ਨੂੰ ਤੁਰੰਤ ਮੁਅੱਤਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਸੀਪੀ, ਅੰਮ੍ਰਿਤਸਰ, ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਆਈਪੀਐਸ ਨੂੰ ਤੁਰੰਤ ਪ੍ਰਭਾਵ ਨਾਲ ਐਸਐਸਪੀ, ਤਰਨਤਾਰਨ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ।

ਉੱਥੇ ਹੀ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਾਰਤੀ ਚੋਣ ਕਮਿਸ਼ਨ ਦੇ ਫੈਸਲੇ ਦਾ ਸਵਾਗਤ ਕੀਤਾ। ਉਨ੍ਹਾਂ ਨੇ ਕਿਹਾ ਕਿ SSP ਨੇ AAP ਦੀ ਪੋਲਿੰਗ ਏਜੰਟ ਦੇ ਰੂਪ 'ਚ ਕੰਮ ਕਰਕੇ ਤਰਨਤਾਰਨ ਜ਼ਿਮਨੀ ਚੋਣ 'ਚ ਮਾਹੌਲ ਖ਼ਰਾਬ ਕੀਤਾ ਸੀ। SSP ਰਵਜੋਤ ਗਰੇਵਾਲ ਅਕਾਲੀ ਆਗੂਆਂ ਅਤੇ ਵਰਕਰਾਂ ਵਿਰੁੱਧ ਝੂਠੇ ਕੇਸ ਦਰਜ ਕਰਵਾ ਕੇ ਧਮਕਾ ਰਹੀ ਸੀ। ਅਕਾਲੀ ਦਲ ਦੀ ਸ਼ਿਕਾਇਤ 'ਤੇ ਕਾਰਵਾਈ ਕਰਨ ਅਤੇ ਮਾਮਲੇ ਦੀ ਸੂਚਨਾ ECI ਨੂੰ ਦੇਣ ਲਈ ਚੋਣ ਆਬਜ਼ਰਵਰ ਦਾ ਧੰਨਵਾਦ ਕਰਦਾ ਹਾਂ। ਇਸ ਤੋਂ ਇਲਾਵਾ ਉਨ੍ਹਾਂ ਨੇ ਰਵਜੋਤ ਗਰੇਵਾਲ ਖਿਲਾਫ਼ ਜਾਂਚ ਸ਼ੁਰੂ ਕਰਨ ਅਤੇ ਬਰਖਾਸਤਗੀ ਸਮੇਤ ਅਨੁਸ਼ਾਸਨੀ ਕਾਰਵਾਈ ਦੀ ਮੰਗ ਕੀਤੀ ਹੈ।  

ਕਾਬਿਲੇਗੌਰ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਮੁੱਖ ਚੋਣ ਅਫਸਰ ਕੋਲ ਤਰਨਤਾਰਨ ਦੇ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ ਅਤੇ ਕਿਹਾ ਸੀ ਕਿ ਤਰਨ ਤਾਰਨ ਜ਼ਿਮਨੀ ਚੋਣ ਵਿਚ ਪੁਲਿਸ ਫੋਰਸ ਦੀ ਦੁਰਵਰਤੋਂ ਅਕਾਲੀ ਦਲ ਦੀ ਲੀਡਰਸ਼ਿਪ ਅਤੇ ਕੇਡਰ ਦੇ ਖਿਲਾਫ ਝੂਠੀਆਂ ਅਤੇ ਆਧਾਰਹੀਣ ਐਫਆਈਆਰ ਦਰਜ ਕਰਵਾਉਣ ਲਈ ਕੀਤੀ ਜਾ ਰਹੀ ਹੈ।

ਅਕਾਲੀ ਦਲ ਦੇ ਮੁੱਖ ਬੁਲਾਰੇ ਅਤੇ ਲੀਗਲ ਸੈਲ ਦੇ ਮੁਖੀ ਅਰਸ਼ਦੀਪ ਸਿੰਘ ਕਲੇਰ ਨੇ ਆਪਣੀ ਸ਼ਿਕਾਇਤ ਵਿਚ ਕਿਹਾ ਸੀ ਕਿ ਅਕਾਲੀ ਦਲ ਦੇ ਆਗੂਆਂ ਤੇ ਕੇਡਰ ਦੇ ਖਿਲਾਫ ਧਾਰਾ 126/169 ਬੀਐਨਐਸ ਤਹਿਤ ਨੋਟਿਸ ਜਾਰੀ ਕੀਤੇ ਜਾ ਰਹੇ ਸਨ ਤਾਂ ਜੋ ਉਹਨਾਂ ਨੂੰ ਚੋਣ ਪ੍ਰਚਾਰ ਕਰਨ ਤੋਂ ਰੋਕਿਆ ਜਾ ਸਕੇ। ਉਹਨਾਂ ਕਿਹਾ ਕਿ ਤਰਨ ਤਾਰਨ ਜ਼ਿਮਨੀ ਚੋਣ ਵਿਚ ਸੱਤਾਧਾਰੀ ਆਪ ਸਥਾਨਕ ਪੁਲਿਸ ਪ੍ਰਸ਼ਾਸਨ ਦੀ ਦੁਰਵਰਤੋਂ ਕਰ ਰਹੀ ਹੈ। 

ਉਨ੍ਹਾਂ ਇਹ ਵੀ ਕਿਹਾ ਕਿ ਉਹਨਾਂ ਨੇ ਪਹਿਲਾਂ ਦੋ ਡੀ ਐਸ ਪੀਜ਼ ਜਗਜੀਤ ਸਿੰਘ ਤੇ ਸੁਖਬੀਰ ਸਿੰਘ ਦੀ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਤਰਨ ਤਾਰਨ ਵਿਚ ਕੀਤੇ ਜਾਣ ਖਿਲਾਫ ਸ਼ਿਕਾਇਤ ਦਿੱਤੀ ਸੀ ਪਰ ਉਹਨਾਂ ਖਿਲਾਫ ਕੋਈ ਕਾਰਵਾਈ ਨਾ ਹੋਣ ਕਾਰਨ ਪੁਲਿਸ ਫੋਰਸ ਦਾ ਮਨੋਬਲ ਵੱਧ ਗਿਆ ਤੇ ਉਹ ਅਕਾਲੀ ਦਲ ਵਰਕਰਾਂ ਖਿਲਾਫ ਝੂਠੀਆਂ ਸ਼ਿਕਾਇਤਾਂ ਦਰਜ ਕਰਨ ਲੱਗ ਪਏ ਹਨ। ਉਹਨਾਂ ਕਿਹਾ ਕਿ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਖਿਲਾਫ ਝੂਠੀਆਂ ਤੇ ਸਿਆਸੀ ਤੌਰ ’ਤੇ ਪ੍ਰੇਰਿਤ ਐਫਆਈਆਰ ਦਰਜ ਕੀਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਬਹੁਤੀਆਂ ਐਫ ਆਈ ਆਰਜ਼ ਵਿਚ ਅਕਾਲੀ ਦਲ ਦੇ ਆਗੂਆਂ ਨੂੰ ਝੂਠੇ ਕੇਸਾਂ ਵਿਚ ਫਸਾਇਆ ਜਾ ਰਿਹਾ ਹੈ ਤੇ ਉਹਨਾਂ ਨੂੰ ਜਾਣ ਬੁੱਝ ਕੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਚੋਣ ਪ੍ਰਚਾਰ ਤੋਂ ਦੂਰ ਰਹਿਣ।

ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਪੁਲਿਸ ਫੋਰਸ ਦੀ ਵਰਤੋਂ ਇਕ ਸਿਆਸੀ ਪਾਰਟੀ ਦੇ ਖਿਲਾਫ ਹਥਿਆਰ ਵਜੋਂ ਕੀਤੀ ਜਾਣੀ ਹੈ ਤਾਂ ਫਿਰ ਆਜ਼ਾਦ ਤੇ ਨਿਰਪੱਖ ਚੋਣਾਂ ਸੰਭਵ ਨਹੀਂ ਹੈ। ਉਹਨਾਂ ਮੰਗ ਕੀਤੀ ਕਿ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ ਅਤੇ ਤਰਨ ਤਾਰਨ ਦੇ ਦੋ ਡੀ ਐਸ ਪੀਜ਼ ਦਾ ਤੁਰੰਤ ਤਬਾਦਲਾ ਕੀਤਾ ਜਾਵੇ ਜਾਂ ਫਿਰ ਚੋਣਾਂ ਨਾਲ ਸਬੰਧਤ ਕੰਮਾਂ ਵਿਚ ਉਹਨਾਂ ਦਾ ਦਖਲ ਰੋਕਿਆ ਜਾਵੇ ਤਾਂ ਜੋ ਚੋਣ ਪ੍ਰਕਿਰਿਆ ਪ੍ਰਭਾਵਤ ਨਾ ਹੋਵੇ।

ਇਹ ਵੀ ਪੜ੍ਹੋ : SGPC ਨੇ ਪੰਜਾਬ ਸਰਕਾਰ ਨੂੰ ਕੀਰਤਨ ਦਰਬਾਰ ਆਯੋਜਿਤ ਕਰਨ ਦੀ ਨਹੀਂ ਦਿੱਤੀ ਇਜਾਜ਼ਤ, ਇਸ ਕਾਰਨ ਸ਼੍ਰੋਮਣੀ ਕਮੇਟੀ ਨੇ ਲਿਆ ਫੈਸਲਾ

Related Post