ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬੰਦੀ ਸਿੰਘਾਂ ਦੇ ਮਾਮਲੇ ’ਤੇ ਗਠਤ ਉੱਚ ਪੱਧਰੀ ਕਮੇਟੀ ਦੀ ਹੋਈ ਪਲੇਠੀ ਇਕੱਤਰਤਾ

By  Amritpal Singh December 9th 2023 06:12 PM

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਵਾਸਤੇ ਗਠਤ ਕੀਤੀ ਗਈ 5 ਮੈਂਬਰੀ ਉੱਚ ਪੱਧਰੀ ਕਮੇਟੀ ਦੀ ਪਲੇਠੀ ਇਕੱਤਰਤਾ ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ।


ਇਸ ਇਕੱਤਰਤਾ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਅਜੀਤ ਪ੍ਰਕਾਸ਼ਨ ਸਮੂਹ ਦੇ ਪ੍ਰਬੰਧਕੀ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ, ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਬੀਬੀ ਕਮਲਦੀਪ ਕੌਰ ਰਾਜੋਆਣਾ ਅਤੇ ਸੀਨੀਅਰ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਹਾਜ਼ਰ ਹੋਏ।

ਦੋ ਘੰਟੇ ਤੋਂ ਵੱਧ ਸਮਾਂ ਚੱਲੀ ਇਸ ਇਕੱਤਰਤਾ ਦੌਰਾਨ ਗੰਭੀਰ ਵਿਚਾਰ ਵਟਾਂਦਰੇ ਮਗਰੋਂ ਮੀਡੀਆ ਨੂੰ ਸੰਬੋਧਨ ਹੁੰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਭਾਈ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਬਾਰੇ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਦਾ ਫੈਸਲਾ ਹੋਇਆ ਹੈ। ਇਸ ਸਬੰਧ ਵਿਚ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਮੁਲਾਕਾਤ ਲਈ ਸਮਾਂ ਦੇਣ ਵਾਸਤੇ ਪੱਤਰ ਲਿਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਇਸ ਕਮੇਟੀ ਦੀ ਮੁੱਢਲੀ ਮੀਟਿੰਗ ਵਿਚ ਭਾਰਤ ਸਰਕਾਰ ਨਾਲ ਬੰਦੀ ਸਿੰਘਾਂ ਦੇ ਮਾਮਲੇ ’ਤੇ ਸਦਭਾਵਨਾ ਵਾਲੇ ਮਾਹੌਲ ਵਿਚ ਗੱਲਬਾਤ ਕਰਨ ਦਾ ਨਿਰਣਾ ਕੀਤਾ ਗਿਆ ਹੈ ਅਤੇ ਇਸੇ ਦਿਸ਼ਾ ਵਿਚ ਹੀ ਅਗਲੇ ਕਦਮ ਚੁੱਕੇ ਜਾਣਗੇ। ਐਡਵੋਕੇਟ ਧਾਮੀ ਨੇ ਕਿਹਾ ਕਿ ਕਮੇਟੀ ਮੈਂਬਰਾਂ ਦੇ ਕੀਮਤੀ ਸੁਝਾਵਾਂ ਅਨੁਸਾਰ ਹੀ ਹਰ ਕਦਮ ਉਠਾਇਆ ਜਾਵੇਗਾ ਅਤੇ ਅਸੀਂ ਚਾਹੁੰਦੇ ਹਾਂ ਕਿ ਜਲਦ ਹੀ ਬੰਦੀ ਸਿੰਘਾਂ ਦੇ ਮਾਮਲੇ ’ਚ ਇਕ ਵਧੀਆ ਮਾਹੌਲ ਵਿਚ ਸਰਕਾਰ ਨਾਲ ਗੱਲਬਾਤ ਅੱਗੇ ਤੁਰੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਬੰਦੀ ਸਿੰਘਾਂ ਦੇ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲੋਕਤੰਤਰੀ ਤਰੀਕੇ ਨਾਲ ਯਤਨ ਜਾਰੀ ਰੱਖੇ ਜਾਣਗੇ।

ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਰਜ਼ਮਾਨ ਹੈ ਅਤੇ ਇਸ ਦੇ ਹਰ ਮੈਂਬਰ ਨੇ ਆਪਣੇ ਜੁੰਮੇ ਲੱਗੀ ਸੇਵਾ ਸੁਹਿਰਦ ਭਾਵਨਾ ਨਾਲ ਨਿਭਾਉਣ ਦੀ ਵਚਨਬਧਤਾ ਪ੍ਰਗਟਾਈ ਹੈ। ਹਰ ਮੈਂਬਰ ਦੀ ਭਾਵਨਾ ਹੈ ਕਿ ਬੰਦੀ ਸਿੰਘਾਂ ਦਾ ਮਾਮਲਾ ਕਿਸੇ ਸਿੱਟੇ ’ਤੇ ਜ਼ਰੂਰ ਪੁੱਜੇ ਅਤੇ ਆਸ ਹੈ ਕਿ ਇਸ ਵਿਚ ਕਾਮਯਾਬੀ ਮਿਲੇਗੀ। ਉਨ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਅਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਵੀ ਅਪੀਲ ਕੀਤੀ ਕਿ ਉਹ ਸਿੱਖਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਬੰਦੀ ਸਿੰਘਾਂ ਦੇ ਮਾਮਲਿਆਂ ਨੂੰ ਹੱਲ ਕਰਨ ਦੀ ਪਹਿਲਕਦਮੀ ਕਰਨ।


Related Post