ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਭਲਕੇ 27 ਅਗਸਤ ਨੂੰ ਸਮੂਹ ਗੁਰਦੁਆਰਿਆਂ ’ਚ ਆਰੰਭ ਹੋਣਗੇ ਸ੍ਰੀ ਅਖੰਡ ਪਾਠ ਸਾਹਿਬ

ਲੰਮੇ ਸਮੇਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਲਕੇ 27 ਅਗਸਤ ਨੂੰ ਸਮੂਹ ਗੁਰਦੁਆਰਾ ਸਾਹਿਬਾਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ।

By  Amritpal Singh August 26th 2026 06:08 PM

ਅੰਮ੍ਰਿਤਸਰ- ਲੰਮੇ ਸਮੇਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਲਕੇ 27 ਅਗਸਤ ਨੂੰ ਸਮੂਹ ਗੁਰਦੁਆਰਾ ਸਾਹਿਬਾਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦਫ਼ਤਰ ਤੋਂ ਜਾਰੀ ਇਕ ਪ੍ਰੈੱਸ ਬਿਆਨ ਰਾਹੀਂ ਦਿੱਤੀ।

ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ 22 ਅਗਸਤ ਨੂੰ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਸਮੂਹ ਗੁਰੂ ਘਰਾਂ ’ਚ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਦਾ ਫੈਸਲਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਬੰਦੀ ਸਿੰਘ ਜੋ ਕਾਨੂੰਨੀ ਸਜ਼ਾਵਾਂ ਤੋਂ ਵੀ ਕਿਤੇ ਵਧੇਰੇ ਸਮਾਂ ਜੇਲ੍ਹਾਂ ਵਿਚ ਬਿਤਾ ਚੁੱਕੇ ਹਨ ਅਤੇ ਸਰਕਾਰਾਂ ਵੱਲੋਂ ਉਨ੍ਹਾਂ ਨਾਲ ਲਗਾਤਾਰ ਬੇਇਨਸਾਫ਼ੀ ਕੀਤੀ ਜਾ ਰਹੀ ਹੈ। ਕੌਮ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਉਠਾਈ ਜਾ ਰਹੀ ਅਵਾਜ਼ ਪ੍ਰਤੀ ਵੀ ਸਰਕਾਰਾਂ ਹਮੇਸ਼ਾ ਅਵੇਸਲੀਆਂ ਹੀ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਅੰਤ੍ਰਿੰਗ ਕਮੇਟੀ ਵੱਲੋਂ ਲਏ ਗਏ ਫੈਸਲੇ ਅਨੁਸਾਰ ਭਲਕੇ 27 ਅਗਸਤ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਚ ਸਵੇਰੇ 10:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ, ਜਿਸ ਦੇ ਭੋਗ 29 ਅਗਸਤ ਨੂੰ ਪੈਣਗੇ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ 29 ਅਗਸਤ ਨੂੰ ਸ਼੍ਰੋਮਣੀ ਕਮੇਟੀ ਦੇ ਸਮੂਹ ਵਿਦਿਅਕ ਅਦਾਰਿਆਂ ਵਿਚ ਵੀ ਸਵੇਰੇ 10:00 ਵਜੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਕੇ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਜਾਵੇਗੀ।

ਕਾਹਲਵਾਂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਕੌਮ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਪਿੰਡ ਪੱਧਰ ’ਤੇ ਗੁਰਦੁਆਰਾ ਸਾਹਿਬਾਨ ਵਿਖੇ ਇਕੱਤਰਤ ਹੋ ਕੇ 29 ਅਗਸਤ ਨੂੰ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨ।

Related Post