ਸਿੱਖ ਕੌਮ ਨੂੰ ਭਾਰਤ ਨਾਲੋਂ ਤੋੜਨ ਵਾਲੇ ਹੁਣ ਭਾਰਤ ਜੋੜੋ ਦੀ ਗੱਲ ਕਰ ਰਹੇ : ਅਕਾਲੀ ਦਲ

By  Pardeep Singh January 11th 2023 06:22 PM

ਫਰੀਦਕੋਟ : ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ  ਪਰਮਬੰਸ ਸਿੰਘ ਰੋਮਾਣਾ ਨੇ ਅੱਜ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਗਾਂਧੀ ਪਰਿਵਾਰ ਅਤੇ ਕਾਂਗਰਸ ਪਾਰਟੀ ਜਿਸਨੇ ਪੰਜਾਬ ਅਤੇ ਸਿੱਖ ਕੌਮ ਨੂੰ ਭਾਰਤ ਨਾਲੋਂ ਤੋੜਨ ਵਾਸਤੇ ਪੂਰੀ ਵਾਹ ਲਗਾਈ, ਅੱਜ ਭਾਰਤ ਜੋੜੋ ਦੀ ਗੱਲ ਕਰ ਰਹੇ ਹਨ।

 ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਨੇ ਕਿਹਾ ਕਿ ਸਿਆਸੀ ਚਾਲਾਂ ਖੇਡਣ ਨਾਲੋਂ ਰਾਹੁਲ ਗਾਂਧੀ ਪੰਜਾਬੀਆਂ ਨੂੰ ਇਹ ਦੱਸਣ ਕਿ ਕੀ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਵੇਲੇ ਸ੍ਰੀ ਦਰਬਾਰ ਸਾਹਿਬ ’ਤੇ ਉਹਨਾਂ ਦੀ ਦਾਦੀ ਵੱਲੋਂ ਕੀਤੇ ਹਮਲੇ ਅਤੇ 1984 ਵਿਚ ਉਹਨਾਂ ਦੇ ਪਿਤਾ ਵੱਲੋਂ ਕਰਵਾਏ ਸਿੱਖ ਕਤਲੇਆਮ ਲਈ ਮੁਆਫੀ ਮੰਗੀ ਸੀ ? ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੂੰ ਆਪਣੇ ਪਿਤਾ ਦੇ ਉਸ ਬਿਆਨ ਦੀ ਵੀ ਨਿਖੇਧੀ ਕਰਨੀ ਚਾਹੀਦੀ ਹੈ ਜਿਸ ਵਿਚ ਉਹਨਾਂ ਸਿੱਖ ਕਤਲੇਆਮ ਨੂੰ ਜਾਇਜ਼ ਠਹਿਰਾਉਂਦਿਆਂ ਕਿਹਾ ਸੀ ਕਿ ਜਦੋਂ ਵੱਡਾ ਦਰੱਖਤ ਡਿੱਗਦਾ ਹੈ ਤਾਂ ਧਰਤੀ ਹਿਲਦੀ ਹੈ।

ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਇਹ ਵੀ ਦੱਸਣਾ ਚਾਹੀਦਾ ਹੈ ਕਿ ਕੀ ਉਹ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਸਹਿਮਤ ਹਨ ਕਿ ਸਤਲੁਜ ਯਮੁਨਾ ਲਿੰਕ ਨਹਿਰ ਨਹੀਂ ਬਣਨੀ ਚਾਹੀਦੀ  ਤੇ ਕੀ ਉਹ ਪੰਜਾਬ ਦੇ ਦਰਿਆਈ ਪਾਣੀ ਇਕਪਾਸੜ ਫੈਸਲੇ ਵਿਚ ਹੋਰਨਾਂ ਰਾਜਾਂ ਨੂੰ ਦੇਣ ਦਾ ਵਿਰੋਧ ਕਰਦੇ ਹਨ ?  ਰੋਮਾਣਾ ਨੇ ਰਾਹੁਲ ਗਾਂਧੀ ਨੂੰ ਇਹ ਵੀ ਆਖਿਆ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਰਾਜੀਵ-ਲੌਂਗੋਵਾਲ ਸਮਝੌਤੇ ਜਿਸਨੂੰ ਸੰਸਦ ਨੇ ਵੀ ਮਨਜ਼ੂਰੀ ਦਿੱਤੀ, ਤਹਿਤ ਚੰਡੀਗੜ੍ਹ ਪੰਜਾਬ ਨੁੰ ਦੇਣ ਬਾਰੇ ਉਹਨਾਂ ਦਾ ਕੀ ਸਟੈਂਡ ਹੈ। ਉਹਨਾਂ ਨੇ ਇਹ ਵੀ ਮੰਗ ਕੀਤੀ ਕਿ ਰਾਹੁਲ ਗਾਂਧੀ ਪੰਜਾਬ ਦੇ ਨੌਜਵਾਨਾਂ ਵਿਚੋਂ 70 ਫੀਸਦੀ ਨਸ਼ੇੜੀ ਹੋਣ ਬਾਰੇ ਆਪਣੇ ਬਿਆਨ ਲਈ ਵੀ ਬਿਨਾਂ ਸ਼ਰਤ ਮੁਆਫੀ ਮੰਗਣ।

ਰੋਮਾਣਾ ਨੇ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਪਾਰਟੀ ਨੇ ਇਤਿਹਾਸ ਤੋਂ ਕੋਈ ਸਬਕ ਨਹੀਂ ਸਿੱਖਿਆ। ਉਹਨਾਂ ਕਿਹਾ ਕਿ ਪਾਰਟੀ ਹਾਲੇ ਵੀ ਉਹਨਾਂ ਆਗੂਆਂ ਦਾ ਬਚਾਅ ਕਰ ਰਹ ਹੈ ਜਿਹਨਾਂ ਨੇ ਦਿੱਲੀ ਦੀਆਂ ਸੜਕਾਂ ’ਤੇ ਸਿੱਖਾਂ ਦਾ ਬੇਰਹਿਮੀ ਨਾਲ ਕਤਲੇਆਮ ਕੀਤਾ। ਉਹਨਾਂ ਕਿਹਾ ਕਿ ਇਹੀ ਨਹੀਂ ਬਲਕਿ ਪਾਰਟੀ ਵੱਲੋਂ ਸ੍ਰੀ ਦਰਬਾਰ ਸਾਹਿਬ ’ਤੇ ਹੋਏ ਹਮਲੇ ਤੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿ ਢੇਰੀ ਕਰਨ ਲਈ ਮੁਆਫੀ ਮੰਗਣ ਤੋਂ ਇਨਕਾਰ ਕਰਨ ਤੋਂ ਸੰਕੇਤ ਮਿਲਦਾ ਹੈ ਕਿ ਇਸਦੇ ਮਨ ਵਿਚ ਪੰਜਾਬ ਤੇ ਪੰਜਾਬੀਆਂ ਦਾ ਕੋਈ ਸਤਿਕਾਰ ਨਹੀਂ ਹੈ। ਉਹਨਾਂ ਕਿਹਾ ਕਿ ਅਜਿਹੇ ਹਾਲਾਤ ਵਿਚ ਭਾਰਤ ਜੋੜੋ ਯਾਤਰਾ ਰਾਹੁਲ ਗਾਂਧੀ ਵਾਸਤੇ ਸਿਰਫ ਤਸਵੀਰਾਂ ਖਿੱਚਵਾਉਣ ਦਾ ਮੌਕਾ ਹੈ ਜਿਸਦੀ ਵਰਤੋਂ ਉਹ ਆਪਣੇ ਡੁੱਬੇ ਸਿਆਸੀ ਜਹਾਜ਼ ਦੇ ਉਭਾਰ ਵਾਸਤੇ ਕਰਨਾ ਚਾਹੁੰਦੇ ਹਨ।

ਅਕਾਲੀ ਆਗੂ ਨੇ ਕਿਹਾ ਕਿ ਰਾਹੁਲ ਗਾਂਧੀ  ਨੂੰ ਸਮਝਣਾ ਚਾਹੀਦਾ ਹੈ ਕਿ ਪੰਜਾਬੀ ਮੂਰਖ ਨਹੀਂ ਹਨ। ਉਹਨਾਂ ਕਿਹਾ ਕਿ ਪੰਜਾਬੀ ਜਾਣਦੇ ਹਨ ਕਿ ਕਾਂਗਰਸ ਪਾਰਟੀ ਨੇ ਕਿਸ ਤਰੀਕੇ ਯੋਜਨਾਬੱਧ ਤਰੀਕੇ ਨਾਲ ਸੂਬੇ ਨਾਲ ਵਿਤਕਰਾ ਕੀਤਾ। ਉਹਨਾਂ ਕਿਹਾ ਕਿ ਇਹ ਕਾਂਗਰਸ ਪਾਰਟੀ ਹੈ ਜਿਸਨੇ ਪੰਜਾਬ ਦੇ ਤਿੰਨ ਟੋਟੇ ਕੀਤੇ ਅਤੇ ਪੰਜਾਬੀ ਬੋਲਦੇ ਇਲਾਕੇ ਪੰਜਾਬ ਤੋਂ ਬਾਹਰ ਛੱਡ ਦਿੱਤੇ। ਇੰਨਾ ਹੀ ਨਹੀਂ ਪੰਜਾਬ ਇਕਲੌਤਾ ਰਾਜ ਹੈ ਜਿਸਦੀ ਪਿੱਤਰੀ ਰਾਜਧਾਨੀ ਇਸਦੇ ਪੁਨਰਗਠਨ ਵੇਲੇ ਇਸਨੁੰ ਨਹੀਂ ਦਿੱਤੀ ਗਈ।

ਰੋਮਾਣਾ ਨੇ ਰਾਹੁਲ ਗਾਂਧੀ ਨੂੰ ਆਖਿਆ ਕਿ ਉਹ ਇਹਨਾਂ ਸਾਰੇ ਮੁੱਦਿਆਂ ’ਤੇ ਆਪਣਾ ਸਟੈਂਡ ਸਪਸ਼ਟ ਕਰਨ ਅਤੇ ਕਿਹਾ ਕਿ ਪੰਜਾਬੀ ਭਾਰਤ ਜੋੜੋ ਯਾਤਰਾ ਨੂੰ ਉਹਨਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਦੇ ਇਕ ਹੋਰ ਯਤਨ ਵਜੋਂ ਵੇਖ ਰਹੇ ਹਨ।

Related Post