Operation Blue Star ਦੀ 42ਵੀਂ ਬਰਸੀ ਮੌਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ; ਸ੍ਰੀ ਅਕਾਲ ਤਖ਼ਤ ਸਾਹਿਬ ਦੇ ਬਾਹਰ ਲਹਿਰਾਈਆਂ ਗਈਆਂ ਤਲਵਾਰਾਂ
ਇਸ ਦੇ ਬਾਵਜੂਦ ਮਾਹੌਲ ਸ਼ਾਂਤਮਈ ਬਣਿਆ ਰਿਹਾ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਗੁਰੂ ਘਰ ਵਿਖੇ ਮੱਥਾ ਟੇਕਣ ਲਈ ਪਹੁੰਚਦੀਆਂ ਰਹੀਆਂ। ਭੋਗ ਸਮਾਗਮ ਤੋਂ ਪਹਿਲਾਂ ਕੁਝ ਜਥੇਬੰਦੀਆਂ ਦੇ ਮੈਂਬਰ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਪੋਸਟਰ ਹੱਥਾਂ ਵਿੱਚ ਫੜੇ ਨਜ਼ਰ ਆਏ ਅਤੇ ਉਨ੍ਹਾਂ ਦੇ ਹੱਕ ਵਿੱਚ ਨਾਅਰੇਬਾਜ਼ੀ ਵੀ ਕੀਤੀ ਗਈ।
ਆਪਰੇਸ਼ਨ ਬਲੂ ਸਟਾਰ ਦੀ 42ਵੀਂ ਬਰਸੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਬਾਹਰ ਅਤੇ ਪਰਿਕਰਮਾ ਖੇਤਰ ਦੇ ਆਲੇ-ਦੁਆਲੇ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ। ਥਾਂ-ਥਾਂ ’ਤੇ ਪੰਜਾਬ ਪੁਲਿਸ ਅਤੇ ਆਰਪੀਐਫ ਦੇ ਜਵਾਨ ਤਾਇਨਾਤ ਕੀਤੇ ਗਏ ਸਨ ਅਤੇ ਆਉਣ-ਜਾਣ ਵਾਲੇ ਹਰ ਵਿਅਕਤੀ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਸੀ।
ਅਕਾਲ ਤਖ਼ਤ ਸਾਹਿਬ ਵਿਖੇ ਭੋਗ ਸਮੇਂ ਕੁਝ ਸਿੱਖ ਜਥੇਬੰਦੀਆਂ ਵੱਲੋਂ ਨਾਅਰੇਬਾਜ਼ੀ ਕੀਤੀ ਗਈ ਅਤੇ ਤਲਵਾਰਾਂ ਵੀ ਲਹਿਰਾਈਆਂ ਗਈਆਂ। ਇਸ ਦੇ ਬਾਵਜੂਦ ਮਾਹੌਲ ਸ਼ਾਂਤਮਈ ਬਣਿਆ ਰਿਹਾ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਗੁਰੂ ਘਰ ਵਿਖੇ ਮੱਥਾ ਟੇਕਣ ਲਈ ਪਹੁੰਚਦੀਆਂ ਰਹੀਆਂ। ਭੋਗ ਸਮਾਗਮ ਤੋਂ ਪਹਿਲਾਂ ਕੁਝ ਜਥੇਬੰਦੀਆਂ ਦੇ ਮੈਂਬਰ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਪੋਸਟਰ ਹੱਥਾਂ ਵਿੱਚ ਫੜੇ ਨਜ਼ਰ ਆਏ ਅਤੇ ਉਨ੍ਹਾਂ ਦੇ ਹੱਕ ਵਿੱਚ ਨਾਅਰੇਬਾਜ਼ੀ ਵੀ ਕੀਤੀ ਗਈ।
ਇਸ ਮੌਕੇ ਤਰਨਾ ਦਲ, ਵਾਰਿਸ ਪੰਜਾਬ ਦੇ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਸਮੇਤ ਵੱਖ-ਵੱਖ ਪੰਥਕ ਜਥੇਬੰਦੀਆਂ ਦੇ ਆਗੂ ਵੀ ਪਹੁੰਚੇ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਇਹ ਸਮਾਂ ਸਿੱਖ ਕੌਮ ਲਈ ਇਕੱਠੇ ਹੋ ਕੇ ਆਪਣੇ ਮਸਲਿਆਂ ਦੇ ਹੱਲ ਲਈ ਯਤਨ ਕਰਨ ਦਾ ਹੈ। ਉਨ੍ਹਾਂ ਕਿਹਾ ਕਿ ਅੱਜ ਕੌਮ ਦੀ ਏਕਤਾ ਅਤੇ ਭਾਈਚਾਰੇ ਦੀ ਗੱਲ ਹੋਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਆਰਐਸਐਸ ਅਤੇ ਭਾਜਪਾ ਬਾਬਾ ਹਰਨਾਮ ਸਿੰਘ ਧੂੰਮਾ ਦੇ ਪਿੱਛੇ ਖੜ੍ਹੇ ਹਨ ਅਤੇ ਬਾਬਾ ਧੂੰਮਾ ਨੂੰ ਸੰਤਾਂ ਦੀ ਸੋਚ ’ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਬਾਬਾ ਧੂੰਮਾ ਖਾਲਿਸਤਾਨ ਦੇ ਹੱਕ ਵਿੱਚ ਹਨ ਜਾਂ ਨਹੀਂ, ਇਸ ਬਾਰੇ ਉਹ ਖੁਦ ਸਪੱਸ਼ਟ ਕਰਨ। ਮਾਨ ਨੇ ਕਿਹਾ ਕਿ ਦਮਦਮੀ ਟਕਸਾਲ ਇਸ ਸਮੇਂ ਵੱਖਰੇ ਰਾਹ ’ਤੇ ਚੱਲ ਰਹੀ ਹੈ ਅਤੇ ਅੱਜ ਸਿਰਫ਼ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਹੀ ਸੰਤ ਭਿੰਡਰਾਂਵਾਲਿਆਂ ਦੀ ਵਿਚਾਰਧਾਰਾ ’ਤੇ ਚੱਲ ਰਹੀ ਹੈ।
ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜੂਨ 1984 ਸਿੱਖ ਇਤਿਹਾਸ ਦਾ ਬਹੁਤ ਹੀ ਦਰਦਨਾਕ ਅਧਿਆਇ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਸ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਦਰਬਾਰ ਸਾਹਿਬ ਕੰਪਲੈਕਸ ’ਤੇ ਟੈਂਕਾਂ ਅਤੇ ਭਾਰੀ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਸੀ, ਜਿਸ ਨੂੰ ਸਿੱਖ ਕੌਮ ਅੱਜ ਵੀ ਡੂੰਘੇ ਦੁੱਖ ਨਾਲ ਯਾਦ ਕਰਦੀ ਹੈ। ਉਨ੍ਹਾਂ ਕਿਹਾ ਕਿ ਉਸ ਸਮੇਂ ਸਿੱਖ ਯੋਧਿਆਂ ਨੇ ਆਪਣੇ ਧਰਮ, ਇਤਿਹਾਸ ਅਤੇ ਗੁਰੂ ਘਰਾਂ ਦੀ ਰੱਖਿਆ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ।
ਉਨ੍ਹਾਂ ਕਿਹਾ ਕਿ ਉਸ ਦੌਰ ਵਿੱਚ ਕਈ ਸ਼ਰਧਾਲੂ, ਔਰਤਾਂ, ਬਜ਼ੁਰਗ ਅਤੇ ਬੱਚੇ ਵੀ ਹਿੰਸਾ ਦਾ ਸ਼ਿਕਾਰ ਹੋਏ ਸਨ, ਜਿਨ੍ਹਾਂ ਦੀ ਯਾਦ ਵਿੱਚ ਅੱਜ ਸੰਗਤਾਂ ਸ਼ਰਧਾਂਜਲੀ ਭੇਟ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਖਾਲਸਾ ਪੰਥ ਸਾਰੇ ਸ਼ਹੀਦਾਂ ਨੂੰ ਕੋਟਿ-ਕੋਟਿ ਪ੍ਰਣਾਮ ਕਰਦਾ ਹੈ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਸਦਾ ਯਾਦ ਰੱਖੇਗਾ।
ਇਸੇ ਦੌਰਾਨ ਨਿਹੰਗ ਸਿੰਘ ਬਾਬਾ ਨਾਰਾਇਣ ਸਿੰਘ ਨੇ ਆਪਣੇ ਸੰਬੋਧਨ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀ ਦੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਮਰਿਆਦਾ ਅਤੇ ਸਤਿਕਾਰ ਦੀ ਰੱਖਿਆ ਕਰਨਾ ਹਰ ਸਿੱਖ ਦਾ ਫ਼ਰਜ਼ ਹੈ। ਉਨ੍ਹਾਂ ਦੱਸਿਆ ਕਿ ਇੱਕ ਬੇਅਦਬੀ ਮਾਮਲੇ ਸਬੰਧੀ ਉਨ੍ਹਾਂ ਨੂੰ ਲੰਬਾ ਸਮਾਂ ਜੇਲ੍ਹ ਵਿੱਚ ਰਹਿਣਾ ਪਿਆ ਅਤੇ ਉਨ੍ਹਾਂ ਨੇ ਕਰੀਬ ਸਾਢੇ ਚਾਰ ਸਾਲ ਕੈਦ ਕੱਟੀ। ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਉਨ੍ਹਾਂ ਨੇ ਗੁਰੂ ਘਰ ਵਿੱਚ ਮੱਥਾ ਟੇਕ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਅਦਾ ਕੀਤਾ।
ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਮੀਰੀ-ਪੀਰੀ ਦੇ ਸਿਧਾਂਤ ਦਾ ਪ੍ਰਤੀਕ ਅਤੇ ਸਿੱਖ ਪੰਥ ਦੀ ਸਰਵੋਚ ਧਾਰਮਿਕ ਸੰਸਥਾ ਹੈ। ਉਨ੍ਹਾਂ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ, ਜਨਰਲ ਸ਼ਬੇਗ ਸਿੰਘ ਅਤੇ ਹੋਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਇਨ੍ਹਾਂ ਮਹਾਨ ਸ਼ਖ਼ਸੀਅਤਾਂ ਨੇ ਧਰਮ ਅਤੇ ਕੌਮ ਦੀ ਰੱਖਿਆ ਲਈ ਸਰਵੋਚ ਕੁਰਬਾਨੀਆਂ ਦਿੱਤੀਆਂ।
ਇਹ ਵੀ ਪੜ੍ਹੋ : Batala ’ਚ ਨੌਜਵਾਨਾਂ ਦੇ ਦੋ ਧੜਿਆਂ ਨੇ ਇੱਕ ਦੂਜੇ ’ਤੇ ਚਲਾਈਆਂ ਤਾਬੜਤੋੜ ਗੋਲੀਆਂ; 1 ਨੌਜਵਾਨ ਦੀ ਹੋਈ ਮੌਤ