SGPC Foundation Day: ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ SGPC ਦਾ ਸਥਾਪਨਾ ਦਿਵਸ

By  Aarti November 15th 2023 02:05 PM

SGPC Foundation Day: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਥਾਪਨਾ ਦਿਵਸ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ਮਨਦੀਪ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਉਪਰੰਤ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ ਨੇ ਸਰਵਣ ਕਰਵਾਇਆ। 

ਗਿਆਨੀ ਗੁਰਮਿੰਦਰ ਸਿੰਘ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਸਥਾਪਤੀ ਲਈ ਸਾਡੇ ਵੱਡੇਰਿਆਂ ਨੇ ਅਨੇਕਾਂ ਸ਼ਹਾਦਤਾਂ ਦਿੱਤੀਆਂ। ਸ਼ਹੀਦਾਂ ਦੀ ਇਸ ਜਥੇਬੰਦੀ ਨੇ ਹਮੇਸ਼ਾਂ ਹੀ ਸਮਾਜਿਕ ਕਾਰਜਾਂ ਲਈ ਮੋਹਰੀ ਭੂਮਿਕਾ ਨਿਭਾਈ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਕੁਦਰਤੀ ਆਫਤਾਂ ਸਮੇਂ ਕੀਤੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੁਨੀਆਂ ਅੰਦਰ ਬਹੁਤ ਸਾਰੇ ਧਰਮ ਹਨ ਪਰ ਕਿਸੇ ਵੀ ਧਰਮ ਕੋਲ ਸ਼੍ਰੋਮਣੀ ਕਮੇਟੀ ਅਜਿਹੀ ਚੁਣੀ ਹੋਈ ਧਾਰਮਿਕ ਸੰਸਥਾ ਨਹੀਂ ਹੈ।

ਉਨ੍ਹਾਂ ਕਿਹਾ ਕਿ ਪੰਥ ਦੀ ਇਸ ਸਿਰਮੌਰ ਸੰਸਥਾ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਯਤਨ ਕਰਦਿਆਂ ਸੰਸਥਾ ਨੂੰ ਢਾਹ ਲਾਉਣ ਵਾਲੀਆਂ ਤਾਕਤਾਂ ਨੂੰ ਮੂੰਹ ਤੋੜ ਜਵਾਬ ਦੇਣਾ ਸਮੇਂ ਦੀ ਵੱਡੀ ਲੋੜ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਦੀ ਸਮੂਹ ਸੰਗਤਾਂ ਨੂੰ ਵਧਾਈ ਵੀ ਦਿੱਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸਮੇਂ ਚਲੀ ਲਹਿਰ ਨੇ ਦੇਸ਼ ਦੀ ਅਜ਼ਾਦੀ ਦਾ ਮੁੱਢ ਬਨ੍ਹਿਆ ਸੀ। 

ਉਨ੍ਹਾਂ ਕਿਹਾ ਕਿ ਇਸ ਸਿੱਖ ਸੰਸਥਾ ਨੇ ਹਮੇਸ਼ਾਂ ਹੀ ਬਿਨ੍ਹਾਂ ਕਿਸੇ ਵਿਤਕਰੇ ਦੇ ਮਨੁੱਖਤਾ ਦੀ ਸੇਵਾ ਕੀਤੀ ਹੈ। ਉਨ੍ਹਾਂ ਦੁੱਖ ਜ਼ਾਹਰ ਕਰਦਿਆਂ ਕਿਹਾ ਕਿ ਸਿੱਖਾਂ ਦੀ ਇਸ ਸੰਸਥਾ ਨੂੰ ਕਮਜ਼ੋਰ ਕਰਨ ਲਈ ਚਾਲਾਂ ਚੱਲੀਆਂ ਜਾ ਰਹੀਆਂ ਹਨ। ਉਨ੍ਹਾਂ ਸੰਸਥਾ ਖਿਲਾਫ਼ ਕੂੜ ਪ੍ਰਚਾਰ ਕਰਨ ਵਾਲਿਆਂ ਨੂੰ ਢੁੱਕਵਾਂ ਜਵਾਬ ਦੇਣ ਦੀ ਅਪੀਲ ਵੀ ਕੀਤੀ।

ਇਹ ਵੀ ਪੜ੍ਹੋ: SGPC Election ਸ਼੍ਰੋਮਣੀ ਕਮੇਟੀ ਚੋਣਾਂ ’ਚ ਹਰਿਆਣਾ ਦੇ ਇਨ੍ਹਾਂ 8 ਹਲਕਿਆਂ ਨੂੰ ਸ਼ਾਮਲ ਕਰਨ ਦੀ ਉੱਠੀ ਮੰਗ

Related Post