ਹੁਸ਼ਿਆਰਪੁਰ ‘ਚ ਦਰਦਨਾਕ ਸੜਕ ਹਾਦਸਾ, ਸੜਕ ਕਿਨਾਰੇ ਖੜ੍ਹੀ ਟਰਾਲੀ ‘ਚ ਵੱਜੀ ਬਾਈਕ; ਨੌਜਵਾਨ ਦੀ ਮੌਤ
ਹੁਸ਼ਿਆਰਪੁਰ ਅਧੀਨ ਪੈਂਦੇ ਟਾਂਡਾ ਉੜਮੁੜ ਦੇ ਪਿੰਡ ਪੰਡੋਰੀ ਵਿਖੇ ਦੇਰ ਰਾਤ ਸੜਕ ਉੱਤੇ ਖੜ੍ਹੀ ਲੱਕੜਾਂ ਨਾਲ ਲੱਦੀ ਇੱਕ ਟਰਾਲੀ ਨਾਲ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ ਹੋ ਗਈ।
ਹੁਸ਼ਿਆਰਪੁਰ ਅਧੀਨ ਪੈਂਦੇ ਟਾਂਡਾ ਉੜਮੁੜ ਦੇ ਪਿੰਡ ਪੰਡੋਰੀ ਵਿਖੇ ਦੇਰ ਰਾਤ ਸੜਕ ਉੱਤੇ ਖੜ੍ਹੀ ਲੱਕੜਾਂ ਨਾਲ ਲੱਦੀ ਇੱਕ ਟਰਾਲੀ ਨਾਲ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ ਹੋ ਗਈ। ਇਸ ਭਿਆਨਕ ਸੜਕ ਹਾਦਸੇ ਵਿੱਚ ਪਿੰਡ ਰਾਮਪੁਰ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਸ਼ਨਾਖ਼ਤ ਹਰਮਨ ਸਿੰਘ ਵਜੋਂ ਹੋਈ ਹੈ।
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਟਾਂਡਾ ਪੁਲਿਸ ਤੁਰੰਤ ਘਟਨਾ ਸਥਾਨ ‘ਤੇ ਪਹੁੰਚੀ ਅਤੇ ਮਾਮਲੇ ਦੀ ਤਫ਼ਤੀਸ਼ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਟਰਾਲੀ ਦੇ ਮਾਲਕ ਦੀ ਭਾਲ ਕੀਤੀ ਜਾ ਰਹੀ ਹੈ। ਫਿਲਹਾਲ ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਮ੍ਰਿਤਕ ਦੇਹ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਮੁਤਾਬਕ, ਲੱਕੜਾਂ ਨਾਲ ਭਰੀ ਇਹ ਟਰਾਲੀ ਸੜਕ ਉੱਤੇ ਹੀ ਖੜ੍ਹੀ ਕੀਤੀ ਗਈ ਸੀ ਅਤੇ ਇਸ ਦੇ ਪਿਛਲੇ ਪਾਸੇ ਕੋਈ ਚੇਤਾਵਨੀ ਸੰਕੇਤ ਜਾਂ ਰਿਫਲੈਕਟਰ ਵੀ ਨਹੀਂ ਲਗਾਇਆ ਗਿਆ ਸੀ। ਪੁਲਿਸ ਦੀ ਮੁੱਢਲੀ ਜਾਂਚ ਵਿੱਚ ਇਸ ਹਾਦਸੇ ਦਾ ਮੁੱਖ ਕਾਰਨ ਰਾਤ ਦੇ ਹਨੇਰੇ ਵਿੱਚ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਸੜਕ ‘ਤੇ ਖੜ੍ਹੀ ਟਰਾਲੀ ਦਿਖਾਈ ਨਾ ਦੇਣਾ ਦੱਸਿਆ ਜਾ ਰਿਹਾ ਹੈ।
ਟਾਂਡਾ ਵਾਲੇ ਪਾਸਿਓਂ ਆਪਣੇ ਘਰ ਪਰਤ ਰਿਹਾ ਸੀ ਨੌਜਵਾਨ
ਦੱਸਿਆ ਜਾ ਰਿਹਾ ਹੈ ਕਿ ਹਰਮਨ ਸਿੰਘ ਆਪਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਟਾਂਡਾ ਵਾਲੇ ਪਾਸਿਓਂ ਆਪਣੇ ਘਰ ਵੱਲ ਜਾ ਰਿਹਾ ਸੀ। ਜਦੋਂ ਉਹ ਪਿੰਡ ਪੰਡੋਰੀ ਨੇੜੇ ਪਹੁੰਚਿਆ ਤਾਂ ਉਸ ਦਾ ਮੋਟਰਸਾਈਕਲ ਸੜਕ ‘ਤੇ ਖੜ੍ਹੀ ਲੱਕੜਾਂ ਨਾਲ ਭਰੀ ਟਰਾਲੀ ਦੇ ਪਿੱਛੇ ਜਾ ਟਕਰਾਇਆ। ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਹਰਮਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਮੌਕੇ ‘ਤੇ ਮੌਜੂਦ ਰਾਹਗੀਰਾਂ ਨੇ ਤੁਰੰਤ ਮਦਦ ਕਰਦਿਆਂ ਉਸ ਨੂੰ ਆਪਣੀ ਗੱਡੀ ਵਿੱਚ ਪਾ ਕੇ ਸਰਕਾਰੀ ਹਸਪਤਾਲ ਟਾਂਡਾ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਜਾਂਚ ਉਪਰੰਤ ਉਸ ਨੂੰ ਮ੍ਰਿਤਕ ਐਲਾਨ ਦਿੱਤਾ।