ਕੜਾਕੇ ਦੀ ਠੰਢ ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਗਏ ਨਗਰ ਕੀਰਤਨ ਚ ਉਮੜੀ ਸੰਗਤ
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਅੱਤ ਦੀ ਠੰਢ ਦੇ ਬਾਵਜੂਦ ਵੱਡੀ ਗਿਣਤੀ ਵਿਚ ਸੰਗਤ ਪੁੱਜੀ।

ਅੰਮ੍ਰਿਤਸਰ : ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 356ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛੱਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਜੈਕਾਰਿਆਂ ਦੀ ਗੂੰਜ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿਚੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਸੰਪੂਰਨ ਹੋਇਆ। ਕੜਾਕੇ ਦੀ ਠੰਢ ਦੇ ਬਾਵਜੂਦ ਸੰਗਤਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਦਸਮ ਪਿਤਾ ਪ੍ਰਤੀ ਸ਼ਰਧਾ ਸਤਿਕਾਰ ਭੇਂਟ ਕਰਦਿਆਂ ਵੱਡੀ ਗਿਣਤੀ ਵਿਚ ਸੰਗਤ ਨੇ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ।
29 ਦਸੰਬਰ ਨੂੰ ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌਅ ਸੱਜਣਗੇ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧਾਰਮਿਕ ਸਮਾਗਮ ਕਰਵਾਏ ਜਾਣਗੇ।
ਇਹ ਵੀ ਪੜ੍ਹੋ : ਮਹਾਨ ਫੁੱਟਬਾਲਰ ਪੇਲੇ ਦੀ ਹਾਲਤ ਬੇਹੱਦ ਨਾਜ਼ੁਕ, ਪਰਿਵਾਰ ਨੇ ਹਸਪਤਾਲ 'ਚ ਮਨਾਇਆ ਕ੍ਰਿਸਮਸ