Samrala News : ਪੰਜਾਬ ਦੇ ਕਈ ਪਿੰਡਾਂ ’ਚ ਪ੍ਰਵਾਸੀਆਂ ਖਿਲਾਫ ਭਖਿਆ ਰੋਹ, ਸਮਰਾਲਾ ਚ ਇਕੱਠੀਆਂ ਹੋਈਆਂ ਵੱਖ-ਵੱਖ ਜਥੇਬੰਦੀਆਂ

ਮੰਗਲਵਾਰ ਨੂੰ ਸਮਰਾਲਾ ਵਿਖੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਸਥਾਨਕ ਪ੍ਰਸ਼ਾਸਨ ਨੂੰ ਪ੍ਰਵਾਸੀ ਮਜ਼ਦੂਰਾਂ ਖਿਲਾਫ ਮੰਗ ਪੱਤਰ ਦਿੰਦੇ ਹੋਏ ਪ੍ਰਵਾਸੀ ਮਜ਼ਦੂਰਾਂ ਨੂੰ ਇੱਕ ਹਫਤੇ ਦਾ ਅਲਟੀਮੇਟਮ ਦਿੰਦੇ ਹੋਏ ਇਹ ਇਲਾਕਾ ਖਾਲੀ ਕਰਨ ਦੀ ਚੇਤਾਵਨੀ ਜਾਰੀ ਕੀਤੀ ਹੈ।

By  KRISHAN KUMAR SHARMA September 16th 2025 05:27 PM

ਹੁਸ਼ਿਆਰਪੁਰ 'ਚ ਮਾਸੂਮ ਬੱਚੇ ਨਾਲ ਪ੍ਰਵਾਸੀ ਮਜ਼ਦੂਰ ਵੱਲੋਂ ਕੀਤੀ ਗਈ ਦਰਿੰਦਗੀ ਅਤੇ ਉਸਦੇ ਕਤਲ ਦੇ ਮਾਮਲੇ ਤੋਂ ਬਾਅਦ ਪੰਜਾਬ ਭਰ 'ਚ ਪ੍ਰਵਾਸੀ ਮਜ਼ਦੂਰਾਂ ਖਿਲਾਫ ਲਗਾਤਾਰ ਰੋਹ ਪ੍ਰਚੰਡ ਹੁੰਦਾ ਜਾ ਰਿਹਾ ਹੈ। ਪੰਜਾਬ ਦਾ ਮਾਹੌਲ ਖਰਾਬ ਕਰ ਰਹੇ ਇਹਨਾਂ ਪ੍ਰਵਾਸੀ ਮਜ਼ਦੂਰਾਂ ਨੂੰ ਸੂਬੇ 'ਚੋਂ ਬਾਹਰ ਕਰਨ ਦੀ ਮੰਗ ਵੀ ਲਗਾਤਾਰ ਜ਼ੋਰ ਫੜਦੀ ਜਾ ਰਹੀ ਹੈ।

ਮੰਗਲਵਾਰ ਨੂੰ ਸਮਰਾਲਾ ਵਿਖੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਸਥਾਨਕ ਪ੍ਰਸ਼ਾਸਨ ਨੂੰ ਪ੍ਰਵਾਸੀ ਮਜ਼ਦੂਰਾਂ ਖਿਲਾਫ ਮੰਗ ਪੱਤਰ ਦਿੰਦੇ ਹੋਏ ਪ੍ਰਵਾਸੀ ਮਜ਼ਦੂਰਾਂ ਨੂੰ ਇੱਕ ਹਫਤੇ ਦਾ ਅਲਟੀਮੇਟਮ ਦਿੰਦੇ ਹੋਏ ਇਹ ਇਲਾਕਾ ਖਾਲੀ ਕਰਨ ਦੀ ਚੇਤਾਵਨੀ ਜਾਰੀ ਕੀਤੀ ਹੈ।

ਇਸ ਮੌਕੇ ਸਿੱਖ ਜਥੇਬੰਦੀਆਂ ਦੇ ਵੱਖ-ਵੱਖ ਆਗੂਆਂ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਇਹਨਾਂ ਪ੍ਰਵਾਸੀ ਮਜ਼ਦੂਰਾਂ ਦੇ ਹੌਸਲੇ ਇੰਨੇ ਵੱਧ ਗਏ ਹਨ ਕਿ ਉਹ ਹੁਣ ਸਰੇਆਮ ਪੰਜਾਬੀਆਂ ਤੇ ਹਮਲੇ ਤੱਕ ਕਰਨ ਲੱਗ ਗਏ ਹਨ ਇਸ ਲਈ ਅੱਜ ਸਮੂਹ ਪੰਜਾਬੀਆਂ ਨੂੰ ਇਹਨਾਂ ਪ੍ਰਵਾਸੀ ਮਜ਼ਦੂਰਾਂ ਦਾ ਸਮਾਜਿਕ ਬਾਈਕਾਟ ਕਰਨ ਅਤੇ ਇਹਨਾਂ ਤੋਂ ਸਮਾਨ ਦੀ ਖਰੀਦੋ-ਫਰੋਖਤ ਬੰਦ ਕਰਨ ਦਾ ਸੱਦਾ ਦਿੱਤਾ ਗਿਆ ਹੈ।

ਇਸ ਤੋਂ ਇਲਾਵਾ ਸਥਾਨਕ ਪ੍ਰਸ਼ਾਸਨ ਨੂੰ ਦਿੱਤੇ ਗਏ ਮੰਗ ਪੱਤਰ ਵਿੱਚ ਆਖਿਆ ਗਿਆ ਹੈ ਕਿ ਪੰਜਾਬ ਵਿੱਚ ਪ੍ਰਵਾਸੀ ਮਜ਼ਦੂਰਾਂ ਦੀਆਂ ਵੋਟਾਂ ਅਤੇ ਉਹਨਾਂ ਦੇ ਆਧਾਰ ਕਾਰਡ ਬਣਾਣੇ ਤੁਰੰਤ ਬੰਦ ਕੀਤੇ ਜਾਣ, ਕਿਉਂਕਿ ਇਹ ਲੋਕ ਸਿਰਫ ਇੱਥੇ ਮਜ਼ਦੂਰੀ ਕਰਨ ਆਉਂਦੇ ਹਨ ਇਸ ਲਈ ਇਹਨਾਂ ਨੂੰ ਵੋਟ ਅਤੇ ਆਧਾਰ ਕਾਰਡ ਦਾ ਹੱਕ ਨਹੀਂ ਹੋਣਾ ਚਾਹੀਦਾ।

ਉਧਰ, ਮੰਗ ਪੱਤਰ ਪ੍ਰਾਪਤ ਕਰਨ ਵੇਲੇ ਸਥਾਨਕ ਤਹਿਸੀਲਦਾਰ ਸੰਦੀਪ ਕੁਮਾਰ ਨੇ ਭਰੋਸਾ ਦਿੱਤਾ ਕਿ, ਜਥੇਬੰਦੀਆਂ ਦਾ ਇਹ ਮੰਗ ਪੱਤਰ ਸਰਕਾਰ ਨੂੰ ਭੇਜ ਕੇ ਅਗਲੇ ਕਾਰਵਾਈ ਲਈ ਲਿਖਿਆ ਜਾਵੇਗਾ। ਉਹਨਾਂ ਮੰਗ ਪੱਤਰ ਸੌਂਪਣ ਆਏ ਆਗੂਆਂ ਨੂੰ ਭਰੋਸਾ ਦਿੱਤਾ ਕਿ ਪ੍ਰਵਾਸੀ ਮਜ਼ਦੂਰਾਂ ਦੀ ਪੁਲਿਸ ਵੈਰੀਫਿਕੇਸ਼ਨ ਨੂੰ ਵੀ ਯਕੀਨੀ ਬਣਾਇਆ ਜਾਵੇਗਾ।

Related Post