ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲਾ : ਡਾਟਾ ਮਾਹਿਰਾਂ ਨੂੰ ਭੇਜਿਆ ਗ੍ਰਿਫ਼਼ਤਾਰ ਏਜੰਟ ਦਾ ਮੋਬਾਈਲ

By  Ravinder Singh November 30th 2022 04:24 PM -- Updated: November 30th 2022 04:25 PM

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ 'ਚ ਜਲੰਧਰ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਨਰੇਸ਼ ਕਲੇਰ ਨਾਲ ਮਿਲੀਭੁਗਤ ਕਰਨ ਵਾਲੇ ਇਕ ਹੋਰ ਭਗੌੜੇ ਮੁਲਜ਼ਮ ਏਜੰਟ ਵਰਿੰਦਰ ਸਿੰਘ ਦੀਪੂ, ਵਾਸੀ ਬਸਤੀ ਗੁਜਾਂ, ਜਲੰਧਰ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਉਸ ਦਾ ਮੋਬਾਈਲ ਫ਼ੋਨ ਤੇ ਸਿਮ ਕਾਰਡ ਜ਼ਬਤ ਕਰ ਲਿਆ ਹੈ ਜੋ ਇਸ ਘਪਲੇ ਬਾਰੇ ਹੋਰ ਜਾਣਕਾਰੀ ਇਕੱਠੀ ਕਰਨ ਲਈ ਡਾਟਾ ਮਾਹਿਰਾਂ ਨੂੰ ਭੇਜਿਆ ਜਾਵੇਗਾ।



ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਐਮਵੀਆਈ, ਜਲੰਧਰ ਦੇ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕੀਤੀ ਤੇ ਵੱਡੇ ਪੱਧਰ 'ਤੇ ਪ੍ਰਾਈਵੇਟ ਏਜੰਟਾਂ ਨਾਲ ਮਿਲੀਭੁਗਤ ਕਰਕੇ ਵਪਾਰਕ ਤੇ ਨਿੱਜੀ ਵਾਹਨਾਂ ਦੀ ਜਾਂਚ ਕੀਤੇ ਬਿਨਾਂ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਲਈ ਕੀਤੇ ਜਾ ਰਹੇ ਸੰਗਠਿਤ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਕੀਤਾ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਪੁਖਤਾ ਸਬੂਤਾਂ ਦੇ ਆਧਾਰ ਉਤੇ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਨੰਬਰ 14 ਮਿਤੀ 23-08-2022  ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ ਅਤੇ ਆਈਪੀਸੀ ਦੀ ਧਾਰਾ 420, 120-ਬੀ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਟੈਂਡਰ ਘੁਟਾਲਾ ਮਾਮਲਾ: ਵਿਜੀਲੈਂਸ ਨੇ ਈਡੀ ਨਾਲ ਨਸ਼ਰ ਕੀਤਾ ਰਿਕਾਰਡ, ਹੋ ਸਕਦਾ ਹੈ ਵੱਡਾ ਖੁਲਾਸਾ!

ਇਸ ਮਾਮਲੇ ਵਿੱਚ ਕੁੱਲ 9 ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ ਜੋ ਕਿ ਜੇਲ੍ਹ ਵਿੱਚ ਬੰਦ ਹਨ ਜਿਨ੍ਹਾਂ 'ਚ ਨਰੇਸ਼ ਕਲੇਰ, ਰਾਮਪਾਲ ਉਰਫ਼ ਰਾਧੇ, ਮੋਹਨ ਲਾਲ ਉਰਫ਼ ਕਾਲੂ, ਪਰਮਜੀਤ ਸਿੰਘ ਬੇਦੀ, ਸੁਰਜੀਤ ਸਿੰਘ ਤੇ ਹਰਵਿੰਦਰ ਸਿੰਘ, ਪੰਕਜ ਢੀਂਗਰਾ ਉਰਫ਼ ਭੋਲੂ, ਬ੍ਰਿਜਪਾਲ ਸਿੰਘ ਉਰਫ਼ ਰਿੱਕੀ ਤੇ ਅਰਵਿੰਦ ਕੁਮਾਰ ਉਰਫ਼ ਬਿੰਦੂ (ਸਾਰੇ ਪ੍ਰਾਈਵੇਟ ਏਜੰਟ) ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਬਾਕੀ ਭਗੌੜੇ ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

Related Post