ਵਿਜੀਲੈਂਸ ਬਿਊਰੋ ਨੂੰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਮਿਲੀ

By  Jasmeet Singh December 6th 2022 06:58 PM

ਚੰਡੀਗੜ੍ਹ, 6 ਦਸੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਵਿਰੁੱਧ ਸਮਰੱਥ ਅਦਾਲਤ ਵਿੱਚ ਮੁਕੱਦਮਾ ਚਲਾਉਣ ਲਈ ਸੂਬਾ ਸਰਕਾਰ ਦੇ ਪ੍ਰਸ਼ਾਸਨਿਕ ਵਿਭਾਗ ਤੋਂ ਪ੍ਰਵਾਨਗੀ ਹਾਸਲ ਕਰ ਲਈ ਹੈ।

ਸਾਬਕਾ ਮੰਤਰੀ ਨੂੰ ਵਿਜੀਲੈਂਸ ਬਿਊਰੋ ਨੇ ਜੂਨ ਮਹੀਨੇ ਵਿਭਾਗ ਵਿੱਚ ਖੈਰ ਦੇ ਦਰੱਖਤਾਂ ਦੀ ਕਟਾਈ ਲਈ ਪਰਮਿਟ ਦੇਣ, ਅਧਿਕਾਰੀਆਂ ਦੇ ਤਬਾਦਲੇ, ਖਰੀਦਦਾਰੀ ਅਤੇ ਐਨਓਸੀ ਜਾਰੀ ਕਰਨ ਨਾਲ ਸਬੰਧਤ ਸੰਗਠਿਤ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹੋਣ ਦੇ ਇਲਜ਼ਾਮਾਂ ਹੇਠ ਗ੍ਰਿਫਤਾਰ ਕੀਤਾ ਸੀ।

ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਐਫਆਈਆਰ ਨੰਬਰ 7 ਮਿਤੀ 06-06-2022 ਅਧੀਨ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ 13 (ਏ)(1) (2) ਅਤੇ ਆਈਪੀਸੀ ਦੀ 120-ਬੀ ਤਹਿਤ ਵਿਜੀਲੈਂਸ ਥਾਣਾ ਉਡਣ ਦਸਤਾ, ਐਸ.ਏ.ਐਸ. ਨਗਰ ਵਿਖੇ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਗਿਆ ਸੀ ਜਿਸ ਵਿੱਚ ਸਾਬਕਾ ਜੰਗਲਾਤ ਮੰਤਰੀਆਂ, ਠੇਕੇਦਾਰਾਂ ਅਤੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਭ੍ਰਿਸ਼ਟ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਇਲਜ਼ਾਮ ਸ਼ਾਮਲ ਹਨ।

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਜੇਲ੍ਹ 'ਚੋਂ ਰਿਹਾਅ

ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਇਸ ਸਾਲ ਸਤੰਬਰ ਮਹੀਨੇ ਦੇ ਆਖ਼ਰੀ ਹਫ਼ਤੇ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚੋਂ ਰਿਹਾਅ ਕਰ ਦਿੱਤਾ ਗਿਆ ਸੀ। ਜਿੱਥੇ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰਾਂ ਨੇ ਸਾਧੂ ਸਿੰਘ ਧਰਮਸੋਤ ਦਾ ਸਵਾਗਤ ਕੀਤਾ। ਇਸ ਮੌਕੇ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਮੈਨੂੰ ਨਿਆਪਾਲਿਕਾ ਉਤੇ ਪੂਰਾ ਭਰੋਸਾ ਹੈ। ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ...


Related Post