5,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਤਪਾ ਸ਼ਹਿਰ ਦੇ ਰਹਿਣ ਵਾਲੇ ਅਨਿਲ ਕੁਮਾਰ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ।

By  Amritpal Singh April 10th 2023 07:03 PM

Punjab News: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਚੌਕੀ, ਬੱਸ ਸਟੈਂਡ, ਬਰਨਾਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕਰਮਜੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਲਈ ਗ੍ਰਿਫਤਾਰ ਕੀਤਾ ਹੈ।

ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਤਪਾ ਸ਼ਹਿਰ ਦੇ ਰਹਿਣ ਵਾਲੇ ਅਨਿਲ ਕੁਮਾਰ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ।

ਹੋਰ ਵੇਰਵੇ ਦਿੰਦੇ ਹੋਏ ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਪਰੋਕਤ ਪੁਲਿਸ ਕਰਮਚਾਰੀ ਨੇ ਸ਼ਿਕਾਇਤਕਰਤਾ ਵੱਲੋਂ ਬਰਨਾਲਾ ਸ਼ਹਿਰ ਥਾਣੇ ਵਿੱਚ ਦਰਜ ਕਰਵਾਏ ਇੱਕ ਕੇਸ ਵਿੱਚ ਸ਼ਾਮਲ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਬਦਲੇ 5,000 ਰੁਪਏ ਰਿਸ਼ਵਤ ਵਜੋਂ ਦੇਣ ਦੀ ਮੰਗ ਕੀਤੀ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਪਿੱਛੋਂ ਵਿਜੀਲੈਂਸ ਬਿਊਰੋ ਦੇ ਪਟਿਆਲਾ ਰੇਂਜ ਦੀ ਇੱਕ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਗ੍ਰਿਫਤਾਰ ਕਰ ਲਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ, ਪਟਿਆਲਾ ਰੇਂਜ ਵਿੱਚ ਮੁਲਜ਼ਮ ਏ.ਐਸ.ਆਈ. ਦੇ ਖਿਲਾਫ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

Related Post