CM Bhagwant Mann ਨੇ ਭਲਕੇ ਸੱਦੀ ਉੱਚ ਪੱਧਰੀ ਮੀਟਿੰਗ; ਹੜ੍ਹ ਪੀੜਤਾਂ ਦੇ ਬਚਾਅ, ਰਾਹਤ ਤੇ ਮੁੜ ਵਸੇਬੇ ਲਈ ਹੋਵੇਗੀ ਚਰਚਾ

ਮੀਟਿੰਗ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਡਿਪਟੀ ਕਮਿਸ਼ਨਰ ਵੀਡੀਓ ਕਾਨਫਰੰਸ ਰਾਹੀਂ ਸ਼ਾਮਲ ਹੋਣਗੇ, ਜਦੋਂ ਕਿ ਸਕੱਤਰ ਅਤੇ ਮੁੱਖ ਸਕੱਤਰ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਨਿੱਜੀ ਤੌਰ ‘ਤੇ ਮੀਟਿੰਗ ‘ਚ ਸ਼ਾਮਲ ਹੋਣਗੇ।

By  Aarti September 11th 2025 09:01 PM

ਹਸਪਤਾਲ ਤੋਂ ਛੁੱਟੀ ਮਿਲਣ ਤੋਂ ਤੁਰੰਤ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜ੍ਹਾਂ ਦੇ ਮੱਦੇਨਜ਼ਰ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਸ਼ੁੱਕਰਵਾਰ ਨੂੰ ਆਪਣੀ ਰਿਹਾਇਸ਼ ਵਿਖੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਬੁਲਾਈ ਹੈ।

ਮੁੱਖ ਮੰਤਰੀ ਭਲਕੇ (12 ਸਤੰਬਰ) ਨੂੰ ਹੜ੍ਹ ਦੀ ਸਥਿਤੀ ਦਾ ਜਾਇਜ਼ਾ ਲੈਣ ਅਤੇ ਰਾਹਤ, ਬਚਾਅ ਅਤੇ ਮੁੜ ਵਸੇਬੇ ਦੇ ਯਤਨਾਂ ‘ਚ ਤੇਜ਼ੀ ਲਿਆਉਣ ਸਬੰਧੀ ਮੀਟਿੰਗ ਕਰਨਗੇ। ਮੀਟਿੰਗ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਡਿਪਟੀ ਕਮਿਸ਼ਨਰ ਵੀਡੀਓ ਕਾਨਫਰੰਸ ਰਾਹੀਂ ਸ਼ਾਮਲ ਹੋਣਗੇ, ਜਦੋਂ ਕਿ ਸਕੱਤਰ ਅਤੇ ਮੁੱਖ ਸਕੱਤਰ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਨਿੱਜੀ ਤੌਰ ‘ਤੇ ਮੀਟਿੰਗ ‘ਚ ਸ਼ਾਮਲ ਹੋਣਗੇ। ਮੀਟਿੰਗ ਵਿੱਚ ਡਾਕਟਰੀ ਸਹੂਲਤਾਂ, ਮੁਆਵਜ਼ਾ ਅਤੇ ਹੜ੍ਹ ਦੀ ਮੌਜੂਦਾ ਸਥਿਤੀ ਨਾਲ ਨਜਿੱਠਣ ਆਦਿ ਠੋਸ ਉਪਰਾਲਿਆਂ ‘ਤੇ ਚਰਚਾ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਕੁਦਰਤੀ ਆਫ਼ਤ ਨੇ ਸੂਬੇ ਭਰ ਵਿੱਚ ਵੱਡੀ ਤਬਾਹੀ ਮਚਾਈ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ ਸੂਬਾ ਸਰਕਾਰ ਹੜ੍ਹ ਪ੍ਰਭਾਵਿਤ ਆਬਾਦੀ ਦੇ ਬਚਾਅ, ਰਾਹਤ ਅਤੇ ਮੁੜ ਵਸੇਬੇ ਲਈ ਵੱਡੇ ਪੱਧਰ ‘ਤੇ ਕੰਮ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਨਾਜ਼ੁਕ ਹਾਲਾਤ ਦੌਰਾਨ ਰਾਹਤ ਪ੍ਰਦਾਨ ਕਰਨ ਲਈ ਪਹਿਲਾਂ ਹੀ ਕਈ ਕਦਮ ਚੁੱਕੇ ਜਾ ਚੁੱਕੇ ਹਨ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਸੰਕਟ ‘ਚ ਘਿਰੇ ਲੋਕਾਂ ਦੀ ਸਹਾਇਤਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਸਪਤਾਲ ਵਿੱਚ ਇਲਾਜ ਦੌਰਾਨ ਵੀ ਉਹ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਸਨ ਅਤੇ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਲੋਕਾਂ ਨੂੰ ਸੁਰੱਖਿਅਤ ਕੱਢਣ ਅਤੇ ਤੁਰੰਤ ਸਹਾਇਤਾ ਪ੍ਰਦਾਨ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਸਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਭਰ ਦੇ ਸਾਰੇ ਵਿਭਾਗਾਂ ਨੂੰ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਸੰਕਟ ਦੇ ਇਸ ਸਮੇਂ ਦੌਰਾਨ ਪ੍ਰਭਾਵਿਤ ਲੋਕਾਂ ਤੱਕ ਵੱਧ ਤੋਂ ਵੱਧ ਮਦਦ ਪਹੁੰਚ ਸਕੇ।

ਇਹ ਵੀ ਪੜ੍ਹੋ : Shah Rukh Khan On Punjab Flood : ਪੰਜਾਬ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਸ਼ਾਹਰੁਖ ਖਾਨ ,1500 ਪਰਿਵਾਰਾਂ ਨੂੰ ਭੇਜੀ ਜਾਵੇਗੀ ਰਾਹਤ ਸਮੱਗਰੀ

Related Post