Nirbhaya Case: ਨਿਰਭੈਆ ਗੈਂਗਰੇਪ ਦੇ ਦੋਸ਼ੀਆਂ ਨੂੰ ਕੱਲ੍ਹ ਹੋਵੇਗੀ ਫਾਂਸੀ ਜਾਂ ਨਹੀਂ, ਪੜ੍ਹੋ ਜੱਜ ਨੇ ਕੀ ਕਿਹਾ  

By  Shanker Badra March 2nd 2020 07:04 PM

Nirbhaya Case: ਨਿਰਭੈਆ ਗੈਂਗਰੇਪ ਦੇ ਦੋਸ਼ੀਆਂ ਨੂੰ ਕੱਲ੍ਹ ਹੋਵੇਗੀ ਫਾਂਸੀ ਜਾਂ ਨਹੀਂ, ਪੜ੍ਹੋ ਜੱਜ ਨੇ ਕੀ ਕਿਹਾ:ਨਵੀਂ ਦਿੱਲੀ : ਨਿਰਭੈਆ ਗੈਂਗਰੇਪ ਅਤੇ ਕਤਲ ਮਾਮਲੇ ਦੇ ਦੋਸ਼ੀਆਂ ਨੂੰ ਮੰਗਲਵਾਰ ਸਵੇਰੇ ਫਾਂਸੀ ਨਹੀਂ ਦਿੱਤੀ ਜਾਵੇਗੀ। ਅਦਾਲਤ ਨੇ ਅਗਲੇ ਹੁਕਮਾਂ ਤੱਕ ਉਨ੍ਹਾਂ ਦੀ ਫਾਂਸੀ ‘ਤੇ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਚਾਰਾਂ ਦੋਸ਼ੀਆਂ ਨੂੰ ਫਾਂਸੀ ਦੀ ਤਜਵੀਜ਼ ਇਕ ਵਾਰ ਫਿਰ ਮੁਲਤਵੀ ਕਰ ਦਿੱਤੀ ਗਈ ਹੈ। ਇਸ ਤੋਂ ਕੁਝ ਸਮਾਂ ਪਹਿਲਾਂ ਰਾਸ਼ਟਰਪਤੀ ਨੇ ਇਸ ਕੇਸ ਦੇ ਇੱਕ ਦੋਸ਼ੀ ਪਵਨ ਦੀ ਰਹਿਮ ਅਪੀਲ ਨੂੰ ਖਾਰਜ ਕਰ ਦਿੱਤਾ ਸੀ। ਅੱਜ ਸਵੇਰੇ ਉਕਤ ਦੋਸ਼ੀ ਪਵਨ ਕੁਮਾਰ ਗੁਪਤਾ ਦੀ ਕਿਊਰੇਟਿਵ ਪਟੀਸ਼ਨ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤੀ ਸੀ। ਹੁਣ ਸ਼ਾਮ 5:30 ਵਜੇ ਇਹ ਨਵਾਂ ਅਪਡੇਟ ਆਇਆ ਹੈ ਕਿ ਕੱਲ੍ਹ ਸਵੇਰੇ ਚਾਰੇ ਦੋਸ਼ੀਆਂ ਨੂੰ ਫਾਂਸੀ ਨਹੀਂ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਅੱਜ ਸੁਪਰੀਮ ਕੋਰਟ ਅਤੇ ਪਟਿਆਲਾ ਹਾਊਸ ਕੋਰਟ ਨੇ ਦੋਸ਼ੀਆਂ ਦੀ ਪਟੀਸ਼ਨ ਖਾਰਜ ਕਰ ਦਿੱਤੀ ਸੀ। ਪਟਿਆਲਾ ਹਾਊਸ ਕੋਰਟ ਨੇ ਚਾਰੇ ਦੋਸ਼ੀਆਂ ਵਿਨੈ ਸ਼ਰਮਾ, ਪਵਨ ਗੁਪਤਾ, ਮੁਕੇਸ਼ ਸਿੰਘ ਅਤੇ ਅਕਸ਼ੇ ਕੁਮਾਰ ਸਿੰਘ ਦੀ ਅਪੀਲ ਖਾਰਜ ਕਰ ਦਿੱਤੀ ਸੀ,ਜਿਸ ਵਿੱਚ ਉਨ੍ਹਾਂ ਨੇ ਫਾਂਸੀ ਦੀ ਤਰੀਕ ਵਧਾਉਣ ਦੀ ਮੰਗ ਕੀਤੀ ਸੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਦਾਲਤ ਨੇ ਬੀਤੀ 17 ਫ਼ਰਵਰੀ ਨੂੰ ਚਾਰ ਦੋਸ਼ੀਆਂ ਮੁਕੇਸ਼ ਕੁਮਾਰ ਸਿੰਘ, ਪਵਨ ਗੁਪਤਾ, ਵਿਨੇ ਅਤੇ ਅਕਸ਼ੇ ਕੁਮਾਰ ਵਿਰੁੱਧ ਨਵਾਂ ਮੌਤ ਦਾ ਵਾਰੰਟ ਜਾਰੀ ਕੀਤਾ ਸੀ ਅਤੇ ਉਨ੍ਹਾਂ ਨੂੰ 3 ਮਾਰਚ ਨੂੰ ਸਵੇਰੇ 6 ਵਜੇ ਫਾਂਸੀ ਦੇਣ ਦੇ ਨਿਰਦੇਸ਼ ਦਿੱਤੇ ਸਨ ਪਰ 3 ਮਾਰਚ ਨੂੰ ਸਵੇਰੇ ਹੋਣ ਵਾਲੀ ਫ਼ਾਂਸੀ ਹੁਣ ਫ਼ਿਰ ਟਲ ਗਈ ਹੈ। ਜ਼ਿਕਰਯੋਗ ਹੈ ਕਿ 16 ਦਸੰਬਰ 2012 ਦੀ ਰਾਤ ਨੂੰ ਦੱਖਣੀ ਦਿੱਲੀ ’ਚ ਇੱਕ ਚੱਲਦੀ ਬੱਸ ਵਿੱਚ 23 ਸਾਲ ਦੀ ਪੈਰਾ ਮੈਡੀਕਲ ਵਿਦਿਆਰਥਣ ਨਾਲ ਛੇ ਜਣਿਆਂ ਨੇ ਸਮੂਹਕ ਬਲਾਤਕਾਰ ਕੀਤਾ ਸੀ ਤੇ ਉਸ ਨਾਲ ਵਹਿਸ਼ੀਆਨਾ ਹਰਕਤਾਂ ਕੀਤੀਆਂ ਸਨ ਤੇ ਬਾਅਦ ’ਚ ਉਸ ਨੂੰ ਚੱਲਦੀ ਬੱਸ ’ਚੋਂ ਬਾਹਰ ਸੁੱਟ ਦਿੱਤਾ ਸੀ। ਇਸ ਤੋਂ ਬਾਅਦ 29 ਦਸੰਬਰ 2012 ਨੂੰ ਸਿੰਗਾਪੁਰ ਦੇ ਇੱਕ ਹਸਪਤਾਲ ’ਚ ਉਸ ਦੀ ਮੌਤ ਹੋ ਗਈ ਸੀ। ਇਸ ਮਾਮਲੇ ਦੇ ਇੱਕ ਦੋਸ਼ੀ ਰਾਮ ਸਿੰਘ ਨੇ ਇੱਥੇ ਤਿਹਾੜ ਜੇਲ੍ਹ ਵਿੱਚ ਕਥਿਤ ਤੌਰ ’ਤੇ ਖ਼ੁਦਕੁਸ਼ੀ ਕਰ ਲਈ ਸੀ। ਦੱਸਿਆ ਜਾਂਦਾ ਹੈ ਕਿ ਇੱਕ ਹੋਰ ਮੁਲਜ਼ਮ ਉਦੋਂ ਨਾਬਾਲਗ਼ ਸੀ ਤੇ ਉਸ ਨੂੰ ਜੁਵੇਨਾਇਲ ਜਸਟਿਸ ਬੋਰਡ ਨੇ ਦੋਸ਼ੀ ਠਹਿਰਾਇਆ ਸੀ। ਉਸ ਨੂੰ ਤਿੰਨ ਵਰ੍ਹੇ ਬਾਲ ਸੁਧਾਰ ਗ੍ਰਹਿ ਵਿੱਚ ਰੱਖਣ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਸੀ। -PTCNews

Related Post