Nirbhaya Case: ਨਿਰਭੈਆ ਗੈਂਗਰੇਪ ਦੇ ਦੋਸ਼ੀ ਪਵਨ ਨੂੰ ਰਾਸ਼ਟਰਪਤੀ ਨੇ ਦਿੱਤਾ ਝਟਕਾ, ਆਖ਼ਿਰ ਕਦੋਂ ਹੋਵੇਗੀ ਫ਼ਾਂਸੀ?

By  PTC NEWS March 4th 2020 03:01 PM

ਨਵੀਂ ਦਿੱਲੀ : ਦਿੱਲੀ ਵਿੱਚ ਸਾਲ 2012 ਵਿੱਚ ਹੋਏ ਨਿਰਭੈਆ ਗੈਂਗਰੇਪ ਅਤੇ ਕਤਲ ਮਾਮਲੇ ਵਿੱਚ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਬੁੱਧਵਾਰ ਨੂੰ ਚਾਰ ਦੋਸ਼ੀਆਂ ਵਿੱਚੋਂ ਇੱਕ ਪਵਨ ਦੀ ਰਹਿਮ ਦੀ ਅਪੀਲ ਖਾਰਜ ਕਰ ਦਿੱਤੀ ਹੈ। ਰਾਸ਼ਟਰਪਤੀ ਪਹਿਲਾਂ ਹੀ ਬਾਕੀ ਤਿੰਨ ਦੋਸ਼ੀਆਂ ਦੀ ਰਹਿਮ ਦੀ ਅਪੀਲ ਨੂੰ ਰੱਦ ਕਰ ਚੁੱਕੇ ਹਨ। ਪਵਨ ਦੀ ਰਹਿਮ ਦੀ ਅਪੀਲ ਖਾਰਜ ਹੋਣ ਤੋਂ ਬਾਅਦ ਚਾਰਾਂ ਦੋਸ਼ੀਆਂ ਦੇ ਸਾਰੇ ਕਾਨੂੰਨੀ ਵਿਕਲਪ ਖ਼ਤਮ ਹੋ ਗਏ ਹਨ।

Nirbhaya rape । convict Pawan Gupta । President Ram Nath Kovind । Breaking news

ਇਸ ਦੇ ਨਾਲ ਹੀ ਦਿੱਲੀ ਹਾਈਕੋਰਟ ਨੇ ਬੁੱਧਵਾਰ ਸਵੇਰੇ ਚਾਰੇ ਦੋਸ਼ੀਆਂ ਦੀ ਮਾਨਸਿਕ ਅਤੇ ਸਰੀਰਕ ਸਿਹਤ ਜਾਂਚ ਕਰਵਾਉਣ ਲਈ ਨੈਸ਼ਨਲ ਹਿਊਮਨ ਰਾਈਟਸ ਕਮਿਸ਼ਨ (ਐਨਐਚਆਰਸੀ) ਨੂੰ ਨਿਰਦੇਸ਼ ਦੇਣ ਦੀ ਮੰਗ ਵਾਲੀ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ।

ਚੀਫ਼ ਜਸਟਿਸ ਡੀਐਨ ਪਟੇਲ ਅਤੇ ਜਸਟਿਸ ਸੀ ਹਰੀ ਸ਼ੰਕਰ ਦੀ ਬੈਂਚ ਨੇ ਕਿਹਾ ਕਿ ਪਟੀਸ਼ਨ ਸੁਣਵਾਈ ਯੋਗ ਨਹੀਂ ਹੈ ਕਿਉਂਕਿ ਇਸ ਨੂੰ ਪਹਿਲਾਂ ਐਨਐਚਆਰਸੀ ਅੱਗੇ ਪੇਸ਼ ਕੀਤਾ ਜਾਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਚਾਰਾਂ ਦੋਸ਼ੀਆਂ ਨੂੰ ਫਾਂਸੀ ਦੇਣ 'ਤੇ ਅਗਲੇ ਹੁਕਮਾਂ ਤੱਕ ਪਟਿਆਲਾ ਹਾਊਸ ਕੋਰਟ ਨੇ ਰੋਕ ਲਗਾ ਦਿੱਤੀ ਸੀ। ਪੁਰਾਣੇ ਡੈੱਥ ਵਾਰੰਟ ਦੇ ਅਨੁਸਾਰ ਸਾਰੇ ਦੋਸ਼ੀਆਂ ਨੂੰ 3 ਮਾਰਚ ਨੂੰ ਸਵੇਰੇ 6 ਵਜੇ ਫਾਂਸੀ ਦਿੱਤੀ ਜਾਣੀ ਸੀ ਪਰ ਅਦਾਲਤ ਦੇ ਫੈਸਲੇ ਤੋਂ ਬਾਅਦ ਫ਼ਾਂਸੀ ਮੁਲਤਵੀ ਕਰ ਦਿੱਤੀ ਗਈ ਸੀ।

ਜ਼ਿਕਰਯੋਗ ਹੈ ਕਿ 16 ਦਸੰਬਰ 2012 ਦੀ ਰਾਤ ਨੂੰ ਦੱਖਣੀ ਦਿੱਲੀ ’ਚ ਇੱਕ ਚੱਲਦੀ ਬੱਸ ਵਿੱਚ 23 ਸਾਲ ਦੀ ਪੈਰਾ ਮੈਡੀਕਲ ਵਿਦਿਆਰਥਣ ਨਾਲ ਛੇ ਜਣਿਆਂ ਨੇ ਸਮੂਹਕ ਬਲਾਤਕਾਰ ਕੀਤਾ ਸੀ ਤੇ ਉਸ ਨਾਲ ਵਹਿਸ਼ੀਆਨਾ ਹਰਕਤਾਂ ਕੀਤੀਆਂ ਸਨ ਤੇ ਬਾਅਦ ’ਚ ਉਸ ਨੂੰ ਚੱਲਦੀ ਬੱਸ ’ਚੋਂ ਬਾਹਰ ਸੁੱਟ ਦਿੱਤਾ ਸੀ। ਇਸ ਤੋਂ ਬਾਅਦ 29 ਦਸੰਬਰ 2012 ਨੂੰ ਸਿੰਗਾਪੁਰ ਦੇ ਇੱਕ ਹਸਪਤਾਲ ’ਚ ਉਸ ਦੀ ਮੌਤ ਹੋ ਗਈ ਸੀ।

ਇਸ ਮਾਮਲੇ ਦੇ ਇੱਕ ਦੋਸ਼ੀ ਰਾਮ ਸਿੰਘ ਨੇ ਇੱਥੇ ਤਿਹਾੜ ਜੇਲ੍ਹ ਵਿੱਚ ਕਥਿਤ ਤੌਰ ’ਤੇ ਖ਼ੁਦਕੁਸ਼ੀ ਕਰ ਲਈ ਸੀ। ਦੱਸਿਆ ਜਾਂਦਾ ਹੈ ਕਿ ਇੱਕ ਹੋਰ ਮੁਲਜ਼ਮ ਉਦੋਂ ਨਾਬਾਲਗ਼ ਸੀ ਤੇ ਉਸ ਨੂੰ ਜੁਵੇਨਾਇਲ ਜਸਟਿਸ ਬੋਰਡ ਨੇ ਦੋਸ਼ੀ ਠਹਿਰਾਇਆ ਸੀ। ਉਸ ਨੂੰ ਤਿੰਨ ਵਰ੍ਹੇ ਬਾਲ ਸੁਧਾਰ ਗ੍ਰਹਿ ਵਿੱਚ ਰੱਖਣ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਸੀ।

Related Post