ਮੋਦੀ ਸਰਕਾਰ ਦਾ ਵੱਡਾ ਫ਼ੈਸਲਾ, ਮਾਰਚ 2021 ਤੱਕ ਮਨਜ਼ੂਰ ਨਹੀਂ ਹੋਵੇਗੀ ਕੋਈ ਨਵੀਂ ਸਰਕਾਰੀ ਯੋਜਨਾ : ਵਿੱਤ ਮੰਤਰਾਲਾ

By  Shanker Badra June 5th 2020 06:08 PM -- Updated: June 6th 2020 03:36 PM

ਮੋਦੀ ਸਰਕਾਰ ਦਾ ਵੱਡਾ ਫ਼ੈਸਲਾ, ਮਾਰਚ 2021 ਤੱਕ ਮਨਜ਼ੂਰ ਨਹੀਂ ਹੋਵੇਗੀ ਕੋਈ ਨਵੀਂ ਸਰਕਾਰੀ ਯੋਜਨਾ : ਵਿੱਤ ਮੰਤਰਾਲਾ:ਨਵੀਂ ਦਿੱਲੀ : ਕੋਰੋਨਾ ਵਾਇਰਸ ਤੋਂ ਬਚਾਅ ਲਈ ਲਾਏ ਗਏ ਲਾਕਡਾਊਨ ਨੇ ਦੇਸ਼ ਦੀ ਅਰਥਵਿਵਸਥਾ ਦੀ ਕਮਰ ਤੋੜ ਕੇ ਰੱਖ ਦਿੱਤੀ ਹੈ। ਜਿਸ ਕਰਕੇ ਕੇਂਦਰ ਸਰਕਾਰ ਨੇ ਮੌਜੂਦਾ ਵਿੱਤੀ ਸਾਲ (2020-21) 'ਚ ਕੋਈ ਨਵੀਂ ਸਰਕਾਰੀ ਯੋਜਨਾ ਲਾਗੂ ਨਾ ਕਰਨ ਦਾ ਫ਼ੈਸਲਾ ਕੀਤਾ ਹੈ।

ਵਿੱਤ ਮੰਤਰਾਲੇ ਨੇ ਸਾਰੇ ਮੰਤਰਾਲਿਆਂ ਨੂੰ ਇਸ ਵਿੱਤੀ ਵਰ੍ਹੇ ਤੱਕ ਨਵੀਆਂ ਯੋਜਨਾਵਾਂ ਸ਼ੁਰੂ ਨਾ ਕਰਨ ਲਈ ਕਿਹਾ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਅਤੇ ਆਤਮ ਨਿਰਭਰ ਭਾਰਤ ਮੁਹਿੰਮ ਤਹਿਤ ਸ਼ੁਰੂ ਕੀਤੀਆਂ ਗਈਆਂ ਯੋਜਨਾਵਾਂ ਜਾਰੀ ਰਹਿਣਗੀਆਂ।

ਵਿੱਤ ਮੰਤਰਾਲੇ ਦੇ ਆਦੇਸ਼ ਅਨੁਸਾਰ ਇਸ ਸਾਲ ਕਿਸੇ ਵੀ ਸਰਕਾਰੀ ਯੋਜਨਾ ਨੂੰ ਮਨਜ਼ੂਰੀ ਨਹੀਂ ਦਿੱਤੀ ਜਾਵੇਗੀ। ਪਹਿਲਾਂ ਤੋਂ ਹੀ ਮਨਜੂਰ ਕੀਤੀਆਂ ਗਈਆਂ ਨਵੀਆਂ ਯੋਜਨਾਵਾਂ 31 ਮਾਰਚ 2021 ਜਾਂ ਅਗਲੇ ਆਦੇਸ਼ਾਂ ਤੱਕ ਮੁਲਤਵੀ ਕਰ ਦਿੱਤੀਆਂ ਹਨ।

ਇਸ ਸਬੰਧ ਵਿਚ ਵਿੱਤ ਮੰਤਰਾਲਾ ਨੇ 4 ਜੂਨ ਨੂੰ ਇਕ ਆਦੇਸ਼ ਜਾਰੀ ਕੀਤਾ ਹੈ। ਇਸ ਵਿਚ ਲਿਖਿਆ ਹੈ ਕਿ ਦੇਸ਼ ਅਜੇ ਕੋਰੋਨਾ ਮਹਾਂਮਾਰੀ ਦਾ ਸਾਹਮਣਾ ਕਰ ਰਿਹਾ ਹੈ। ਇਸ ਲਈ ਵਿੱਤੀ ਕਮੇਟੀ ਦੇ ਪ੍ਰਸਤਾਵਾਂ ਸਣੇ ਵਿੱਤੀ ਸਾਲ 2020-21 ਵਿਚ ਪਹਿਲਾਂ ਤੋਂ ਹੀ ਮਨਜ਼ੂਰ ਜਾਂ ਚਾਲੂ ਯੋਜਨਾਵਾਂ ਇਕ ਸਾਲ ਤੱਕ ਮੁਲਤਵੀ ਰਹਿਣਗੀਆਂ।

ਦੱਸ ਦੇਈਏ ਕਿ ਕੋਰੋਨਾ ਵਾਇਰਸ ਕਾਰਨ ਦੇਸ਼ ਵਿੱਚ ਲਾਗੂ ਲੌਕਡਾਊਨ ਕਾਰਨ ਸਮੁੱਚੀ ਆਰਥਿਕਤਾ ਨੂੰ ਵੱਡਾ ਝਟਕਾ ਲੱਗਾ ਹੈ। ਜਿਸ ਨਾਲ ਹਜ਼ਾਰਾਂ ਕਰੋੜਾਂ ਦਾ ਨੁਕਸਾਨ ਹੋਇਆ ਹੈ। ਸਰਕਾਰ ਨੇ ਹਾਲ ਹੀ ਵਿੱਚ ਆਰਥਿਕਤਾ ਨੂੰ ਮੁੜ ਲੀਹ 'ਤੇ ਲਿਆਉਣ ਅਤੇ ਕੋਰੋਨਾ ਦੀ ਮਾਰ ਝੱਲ ਰਹੇ ਗਰੀਬਾਂ ਅਤੇ ਹੋਰ ਲੋਕਾਂ ਲਈ 20 ਲੱਖ ਕਰੋੜ ਦੇ ਪੈਕੇਜ਼ ਦਾ ਐਲਾਨ ਕੀਤਾ ਸੀ।

-PTCNews

Related Post